ਨਵਜੋਤ ਸਿੰਘ ਸਿੱਧੂ ਦੇ ਬਿਆਨ ਨਾਲ ਗਰਮਾਈ ਸੂਬੇ ਦੀ ਸਿਆਸਤ

07/19/2018 7:26:48 PM

ਚੰਡੀਗੜ੍ਹ (ਮਨਮੋਹਨ)— ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਹਮੇਸ਼ਾ ਆਪਣੇ ਬਿਆਨਾਂ ਨੂੰ ਲੈ ਕੇ ਵਿਵਾਦਾਂ 'ਚ ਰਹਿੰਦੇ ਹਨ। ਹੁਣ ਇਕ ਹੋਰ ਬਿਆਨ ਕਾਰਨ ਉਹ ਫਿਰ ਤੋਂ ਚਰਚਾ ਵਿੱਚ ਆ ਗਏ ਹਨ, ਜਿਸ ਕਰਕੇ ਸੂਬੇ ਦੀ ਸਿਆਸਤ ਗਰਮਾ ਗਈ ਹੈ। ਇਕ ਅਖਬਾਰ ਨੂੰ ਦਿੱਤੇ ਗਏ ਇੰਟਰਵਿਊ ਮੁਤਾਬਕ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਉਹ ਕੁੱਤਿਆਂ ਦੇ ਹੱਥ 'ਚ ਪੰਜਾਬ ਨੂੰ ਜਾਣ ਨਹੀਂ ਦੇਣਗੇ। ਸਿੱਧੂ ਵੱਲੋਂ ਦਿੱਤੇ ਗਏ ਇਸ ਬਿਆਨ ਤੋਂ ਬਾਅਦ ਜਿੱਥੇ ਅਕਾਲੀ ਨੇਤਾ ਦਲਜੀਤ ਸਿੰਘ ਚੀਮਾ ਨੇ ਆਪਣਾ ਪ੍ਰਤੀਕਰਮ ਦਿੱਤਾ ਹੈ, ਉਥੇ ਹੀ ਕਾਂਗਰਸੀ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਕਾਂਗਰਸੀ ਲੀਡਰਸ਼ਿਪ ਸਿੱਧੂ ਦੇ ਨਾਲ ਹੈ ਪਰ ਸਿੱਧੂ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਇਹ ਬਿਆਨ ਕਿਸ ਦੇ ਬਾਰੇ ਦਿੱਤਾ ਹੈ। 
ਉਥੇ ਹੀ ਸਿੱਧੂ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਨਤਾ ਨੇ ਕਈ ਵਾਰ ਨਵਜੋਤ ਸਿੰਘ ਸਿੱਧੂ ਨੂੰ ਚੁਣਿਆ ਹੈ ਅਤੇ ਸਿੱਧੂ ਨੂੰ ਇਹੋ ਸ਼ਬਦਾਵਲੀ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਸਿੱਧੂ ਦੇ ਇਸ ਬਿਆਨ ਤੋਂ ਬਾਅਦ ਸੂਬੇ ਦੀ ਸਿਆਸਤ ਗਰਮਾ ਉੱਠੀ ਹੈ ਅਤੇ ਉਨ੍ਹਾਂ ਦੇ ਆਪਣੇ ਵੀ ਸਪੱਸ਼ਟੀਕਰਨ ਮੰਗ ਰਹੇ ਹਨ।