ਆਜ਼ਾਦੀ ਦਿਹਾੜੇ ਮੌਕੇ ਸਿੱਧੂ ਨੇ ਕਿਹਾ- ਨਸ਼ਿਆਂ ਵਿਰੁੱਧ ਜੰਗ ਲੜਨ ਲਈ ਲੋਕ ਅੱਗੇ ਆਉਣ

08/15/2018 5:19:03 PM

ਗੁਰਦਾਸਪੁਰ (ਗੁਰਪ੍ਰੀਤ ਚਾਵਲਾ)— ਪੂਰਾ ਦੇਸ਼ ਵਿਚ ਅੱਜ 72ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਗੁਰਦਾਸਪੁਰ ਦੇ ਸਰਕਾਰੀ ਕਾਲਜ ਦੇ ਸਟੇਡੀਅਮ ਤਿਰੰਗਾ ਲਹਿਰਾਇਆ ਅਤੇ ਇਸ ਮੌਕੇ 'ਤੇ ਪੁਲਸ ਅਤੇ ਐੱਨ. ਸੀ. ਸੀ. ਦੇ ਜਵਾਨਾਂ ਦੀਆਂ ਵੱਖ-ਵੱਖ ਟੁਕੜੀਆਂ ਨੇ ਸਲਾਮੀ ਦਿੱਤੀ। ਨਵਜੋਤ ਸਿੰਘ ਸਿੱਧੂ ਨੇ ਆਪਣੇ ਵੱਖਰੇ ਅੰਦਾਜ਼ ਵਿਚ ਗੁਰਦਾਸਪੁਰ ਦੇ ਲੋਕਾਂ ਨੂੰ ਸੰਬੋਧਤ ਕੀਤਾ। 

ਆਪਣੇ ਸੰਬੋਧਨ ਵਿਚ ਸਿੱਧੂ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਹੋਵੇ ਜਾਂ ਕੋਈ ਹੋਰ ਦੇਸ਼ ਦੀ ਕੋਈ ਮੁਸ਼ਕਲ ਪੰਜਾਬ ਨੇ ਹਮੇਸ਼ਾ ਅਹਿਮ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਇਕ ਮੁਸ਼ਕਲ ਘੜੀ 'ਚੋਂ ਲੰਘ ਰਿਹਾ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਹਰ ਤਰ੍ਹਾਂ ਨਾਲ ਆਪਣਾ ਯੋਗਦਾਨ ਪਾਉਣ। ਸਿੱਧੂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਚਾਹੀਦਾ ਹੈ ਕਿ ਜਿਵੇਂ ਉਨ੍ਹਾਂ ਨੇ ਅੱਤਵਾਦ ਦੇ ਦੌਰ ਵਿਚ ਇਕ ਜੰਗ ਲੜੀ, ਉਂਝ ਹੀ ਉਹ ਨਸ਼ਿਆਂ ਵਿਰੁੱਧ ਜੰਗ ਲੜਨ ਲਈ ਅੱਗੇ ਆਉਣ। 

ਇਸ ਦੇ ਨਾਲ ਹੀ ਸਿੱਧੂ ਨੇ ਕਿਹਾ ਕਿ ਅਗਲੇ ਸਾਲ ਪੰਜਾਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਗੁਰਪੁਰਬ ਬਹੁਤ ਉਤਸ਼ਾਹ ਨਾਲ ਮਨਾਉਣ ਜਾ ਰਿਹਾ ਹੈ। ਉਸ ਲਈ ਪੰਜਾਬ ਦੇ ਜ਼ਿਲਾ ਗੁਰਦਾਸਪੁਰ ਦੇ ਵੱਖ-ਵੱਖ ਸ਼ਹਿਰਾਂ ਅਤੇ ਕਸਬਿਆਂ 'ਚ ਕਰੋੜਾਂ ਰੁਪਏ ਦੀ ਗਰਾਂਟ ਰਾਸ਼ੀ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਲੋਂ ਜਾਰੀ ਕੀਤੀ ਜਾ ਰਹੀ ਹੈ।