ਪੰਜਾਬ ''ਚ ''ਸਿੱਧੂ'' ਨੂੰ ਲੈ ਕੇ ਛਿੜਿਆ ਸਿਆਸੀ ਘਮਾਸਾਨ, ਕੈਪਟਨ ਮਗਰੋਂ ਇਨ੍ਹਾਂ ਮੰਤਰੀਆਂ ਨੇ ਖੋਲ੍ਹਿਆ ਮੋਰਚਾ
Friday, Apr 30, 2021 - 09:09 AM (IST)
ਚੰਡੀਗੜ੍ਹ (ਕਮਲ, ਸ਼ਰਮਾ) : ਪੰਜਾਬ 'ਚ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਸਿਆਸੀ ਘਮਾਸਾਨ ਛਿੜਿਆ ਹੋਇਆ ਹੈ। ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਖ਼ਿਲਾਫ਼ ਵੱਡੇ ਬਿਆਨ ਦਿੱਤੇ ਹਨ, ਉੱਥੇ ਹੀ ਹੁਣ ਕੈਪਟਨ ਦੇ ਮੰਤਰੀਆਂ ਨੇ ਵੀ ਸਿੱਧੂ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਮੰੰਤਰੀਆਂ ਦਾ ਕਹਿਣਾ ਹੈ ਕਿ ਸਿੱਧੂ ਸਿਰਫ ਮੁੱਖ ਮੰਤਰੀ ਦੀ ਕੁਰਸੀ ਦੇ ਭੁੱਖੇ ਹਨ ਅਤੇ ਜਿਸ ਪਾਰਟੀ ਨੇ ਉਨ੍ਹਾਂ ਨੂੰ ਇੰਨਾ ਸਨਮਾਨ ਦਿੱਤਾ ਹੈ, ਉਸੇ ਪਾਰਟੀ ਨਾਲ ਸਿੱਧੂ ਵਿਸ਼ਵਾਸਘਾਤ ਕਰ ਰਹੇ ਹਨ।
ਇਹ ਵੀ ਪੜ੍ਹੋ : ਸਮਰਾਲਾ ’ਚ ਵੱਡੀ ਵਾਰਦਾਤ, ਧੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਪਿਓ ਦੀ ਗੋਲੀ ਲੱਗਣ ਕਾਰਨ ਮੌਤ
ਸਿੱਧੂ ਸਿਰਫ ਮੁੱਖ ਮੰਤਰੀ ਦੀ ਕੁਰਸੀ ਦਾ ਭੁੱਖਾ : ਧਰਮਸੋਤ
ਅਕਾਲੀ-ਭਾਜਪਾ ਸਰਕਾਰ ਮੌਕੇ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨਾਲ ਨਵਜੋਤ ਸਿੰਘ ਸਿੱਧੂ ਦਾ ਕੋਈ ਸਰੋਕਾਰ ਨਹੀਂ ਹੈ, ਸਿੱਧੂ ਸਿਰਫ ਮੁੱਖ ਮੰਤਰੀ ਦੀ ਕੁਰਸੀ ਦਾ ਭੁੱਖਾ ਹੈ, ਜਿਸ ਕਰ ਕੇ ਉਹ ਸ਼ੁਰੂ ਤੋਂ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਹਿੱਤਾਂ ਵਿਚ ਕੀਤੇ ਜਾ ਰਹੇ ਕੰਮਾਂ ਦੀ ਨੁਕਤਾਚੀਨੀ ਕਰਦੇ ਆ ਰਹੇ ਹਨ ਅਤੇ ਆਪ ਖ਼ੁਦ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕੀਤਾ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਦੇ ਮੁਕਾਬਲੇ ਕੈਪਟਨ ਅਮਰਿੰਦਰ ਸਿੰਘ ਦਾ ਸਿਆਸੀ ਕੱਦ ਪੰਜਾਬ ਹੀ ਨਹੀਂ, ਸਗੋਂ ਪੂਰੇ ਸੰਸਾਰ ਵਿਚ ਬਹੁਤ ਉੱਚਾ ਹੈ, ਫਿਰ ਪਤਾ ਨਹੀਂ ਕਿਉਂ ਸਿੱਧੂ ਉਨ੍ਹਾਂ ਦੀ ਕਾਰਜਪ੍ਰਣਾਲੀ ਦੀ ਆਲੋਚਨਾ ਕਰ ਰਹੇ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ ਤੋਂ ਵੱਡੀ ਖ਼ਬਰ : PGI ਦੀ ਚੌਥੀ ਮੰਜ਼ਿਲ ਤੋਂ ਵਿਅਕਤੀ ਨੇ ਮਾਰੀ ਛਾਲ, ਮੌਤ
ਜਦੋਂ ਕਿ ਸਿੱਧੂ ਨੂੰ ਕਾਂਗਰਸ ਪਾਰਟੀ ਵਿਚ ਸ਼ਾਮਲ ਹੁੰਦਿਆਂ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੈਬਨਿਟ ਮੰਤਰੀ ਬਣਾ ਕੇ ਵੱਡਾ ਵਿਭਾਗ ਵੀ ਦਿੱਤਾ ਗਿਆ ਸੀ ਪਰ ਸਿੱਧੂ ਨੂੰ ਉਹ ਹਜ਼ਮ ਨਹੀਂ ਹੋਇਆ। ਸਿੱਧੂ ਨੂੰ ਜਿਸ ਵੀ ਪਾਰਟੀ ਨੇ ਸਨਮਾਨ ਦਿੱਤਾ ਹੈ, ਉਸ ਨਾਲ ਹੀ ਉਸਨੇ ਵਿਸ਼ਵਾਸਘਾਤ ਕੀਤਾ ਹੈ। ਧਰਮਸੋਤ ਨੇ ਕਿਹਾ ਕਿ ਜਦੋਂ ਪੰਜਾਬ ਅੰਦਰ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲਕਲਾਂ ਗੋਲੀ ਕਾਂਡ ਵਾਪਰਿਆ, ਉਦੋਂ ਸਿੱਧੂ ਮੈਂਬਰ ਪਾਰਲੀਮੈਂਟ ਸੀ ਅਤੇ ਉਸ ਦੀ ਧਰਮ ਪਤਨੀ ਬਾਦਲ ਸਰਕਾਰ ਵਿਚ ਵਜ਼ੀਰ ਸੀ ਪਰ ਉਸ ਸਮੇਂ ਸਿੱਧੂ ਨੇ ਇਨ੍ਹਾਂ ਘਟਨਾਵਾਂ ਪ੍ਰਤੀ ਹਾਅ ਦਾ ਨਾਅਰਾ ਤੱਕ ਨਹੀਂ ਮਾਰਿਆ ਅਤੇ ਹੁਣ ਉਹ ਕਿਹੜੇ ਮੂੰਹ ਨਾਲ ਗੱਲਾਂ ਕਰ ਰਹੇ ਹਨ, ਸਮਝ ਤੋਂ ਬਾਹਰ ਹੈ।
ਇਹ ਵੀ ਪੜ੍ਹੋ : ਲੁਧਿਆਣਾ : ਸਿਮਰਜੀਤ ਸਿੰਘ ਬੈਂਸ ਦੇ ਸੁਰੱਖਿਆ ਮੁਲਾਜ਼ਮ ਨੂੰ ਲੱਗੀ ਗੋਲੀ, ਮੌਤ
ਸਿੱਧੂ ਨੂੰ ਜ਼ਿੰਮੇਵਾਰ ਤੇ ਅਨੁਸ਼ਾਸਿਤ ਆਗੂ ਦੀ ਤਰ੍ਹਾਂ ਵਿਵਹਾਰ ਕਰਨਾ ਚਾਹੀਦੈ : ਸ਼ਾਮ ਸੁੰਦਰ ਅਰੋੜਾ
ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦਾ ਵਾਰ-ਵਾਰ ਪਾਰਟੀ ਲੀਡਰਸ਼ਿਪ ਖ਼ਿਲਾਫ਼ ਬੋਲਣਾ ਉਨ੍ਹਾਂ ਦਾ ਪਾਰਟੀ ਦੇ ਪ੍ਰਤੀ ਗੈਰ ਜ਼ਿੰਮੇਵਾਰ ਰਵੱਈਆ ਅਤੇ ਅਨੁਸ਼ਾਸਨਹੀਣਤਾ ਨੂੰ ਦਰਸਾਉਂਦਾ ਹੈ। ਮੰਤਰੀ ਨੇ ਸਿੱਧੂ ਨੂੰ ਯਾਦ ਦਵਾਇਆ ਕਿ ਕੈ. ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਨੇ ਪੰਜਾਬ ਦੀ ਚੋਣ ਲੜ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ ਸੀ ਅਤੇ ਪਾਰਟੀ ਹਾਈਕਮਾਨ ਨੇ ਹੀ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਤੌਰ ’ਤੇ ਚੁਣਿਆ ਹੈ। ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਯੋਗ ਅਤੇ ਦੂਰਦਰਸ਼ੀ ਅਗਵਾਈ ਵਿਚ ਪੰਜਾਬ ਵਿਚ ਕਾਂਗਰਸ ਪਹਿਲਾਂ ਤੋਂ ਹੋਰ ਜ਼ਿਆਦਾ ਮਜ਼ਬੂਤ ਹੋਈ ਹੈ। ਨਵਜੋਤ ਸਿੰਘ ਸਿੱਧੂ ਦਾ ਵਾਰ-ਵਾਰ ਮੁੱਖ ਮੰਤਰੀ ਦੀ ਅਗਵਾਈ ’ਤੇ ਸਵਾਲ ਚੁੱਕਣਾ ਸਿੱਧੇ ਤੌਰ ’ਤੇ ਪਾਰਟੀ ਲੀਡਰਸ਼ਿਪ ’ਤੇ ਉਂਗਲੀ ਚੁੱਕਣ ਦੇ ਬਰਾਬਰ ਹੈ।
ਮੰਤਰੀ ਨੇ ਕਿਹਾ ਕਿ ਸਿੱਧੂ ਨੂੰ ਜੇਕਰ ਕੋਈ ਸਮੱਸਿਆ ਹੈ ਤਾਂ ਉਹ ਇਕ ਜ਼ਿੰਮੇਵਾਰ ਨੇਤਾ ਦੇ ਤੌਰ ’ਤੇ ਪਾਰਟੀ ਦੇ ਸਾਹਮਣੇ ਆਪਣੀ ਗੱਲ ਰੱਖੇ ਪਰ ਉਨ੍ਹਾਂ ਦਾ ਵਾਰ-ਵਾਰ ਸੋਸ਼ਲ ਮੀਡੀਆ ਅਤੇ ਜਨਤਕ ਤੌਰ ’ਤੇ ਮੁੱਖ ਮੰਤਰੀ ਦੇ ਖ਼ਿਲਾਫ਼ ਬੋਲਣਾ ਪਾਰਟੀ ਨੂੰ ਕਮਜ਼ੋਰ ਕਰਦਾ ਹੈ। ਅਰੋੜਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਨਵਜੋਤ ਸਿੰਘ ਸਿੱਧੂ ਨੂੰ ਪੂਰਾ ਮਾਨ ਸਨਮਾਨ ਦਿੱਤਾ। ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਆਪਣੀ ਕੈਬਨਿਟ ਵਿਚ ਉਨ੍ਹਾਂ ਨੂੰ ਉੱਚ ਅਹੁਦਾ ਦਿੱਤਾ, ਇਸ ਦੇ ਬਾਵਜੂਦ ਉਹ ਪਾਰਟੀ ਅਤੇ ਜਨਤਾ ਦੀਆਂ ਉਮੀਦਾਂ ’ਤੇ ਖਰੇ ਨਹੀਂ ਉਤਰੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ