ਰਾਹੁਲ ਗਾਂਧੀ ਨੇ ਠੁਕਰਾਈ ਨਵਜੋਤ ਸਿੱਧੂ ਦੇ ਅਸਤੀਫੇ ਦੀ ਪੇਸ਼ਕਸ਼
Monday, Jun 10, 2019 - 02:09 PM (IST)
ਨਵੀਂ ਦਿੱਲੀ/ਚੰਡੀਗੜ੍ਹ (ਭੁੱਲਰ)— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਨਾਰਾਜ਼ ਚੱਲ ਰਹੇ ਨਵਜੋਤ ਸਿੰਘ ਸਿੱਧੂ ਨੇ ਅੱਜ ਯਾਨੀ ਸੋਮਵਾਰ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਪ੍ਰਿਯੰਕਾ ਗਾਂਧੀ ਵੀ ਉੱਥੇ ਮੌਜੂਦ ਸੀ। ਸਿੱਧੂ ਨੇ ਰਾਹੁਲ ਗਾਂਧੀ ਨੂੰ ਇਕ ਪੱਤਰ ਵੀ ਸੌਂਪਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਰਾਜ ਦੇ ਮੌਜੂਦਾ ਘਟਨਾਕ੍ਰਮ ਬਾਰੇ ਵੀ ਪਾਰਟੀ ਪ੍ਰਧਾਨ ਨੂੰ ਜਾਣਕਾਰੀ ਦਿੱਤੀ।
ਸਿੱਧੂ ਨੇ ਕਾਂਗਰਸ ਪ੍ਰਧਾਨ ਨਾਲ ਮੁਲਾਕਾਤ ਦੀ ਤਸਵੀਰ ਨੂੰ ਆਪਣੇ ਟਵਿੱਟਰ ਅਕਾਊਂਟ 'ਤੇ ਵੀ ਸ਼ੇਅਰ ਕੀਤਾ। ਇਸ ਤਸਵੀਰ 'ਚ ਸਿੱਧੂ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ ਅਤੇ ਸੀਨੀਅਰ ਕਾਂਗਰਸ ਨੇਤਾ ਅਹਿਮਦ ਪਟੇਲ ਨਾਲ ਦਿਖਾਈ ਦੇ ਰਹੇ ਹਨ। ਸਿੱਧੂ ਨੇ ਫੋਟੋ ਨਾਲ ਲਿਖਿਆ,''ਕਾਂਗਰਸ ਪ੍ਰਧਾਨ ਨਾਲ ਮੁਲਾਕਾਤ ਕੀਤੀ, ਉਨ੍ਹਾਂ ਨੂੰ ਆਪਣਾ ਪੱਤਰ ਸੌਂਪਿਆ ਅਤੇ ਸਥਿਤੀ ਬਾਰੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ।
ਸੂਤਰਾਂ ਅਨੁਸਾਰ ਤਾਂ ਰਾਹੁਲ ਅਤੇ ਪ੍ਰਿਯੰਕਾ ਦੇ ਸਮਝਾਉਣ ਤੋਂ ਬਾਅਦ ਸਿੱਧੂ ਨਵਾਂ ਵਿਭਾਗ ਸੰਭਾਲਣ ਲਈ ਰਾਜ਼ੀ ਹੋ ਗਏ ਹਨ। ਸਿੱਧੂ ਨੇ ਉਨ੍ਹਾਂ ਨੂੰ ਜਾਣ ਬੁੱਝ ਕੇ ਟਾਰਗੇਟ ਕਰਨ ਦੀ ਰਾਹੁਲ ਨੂੰ ਸ਼ਿਕਾਇਤ ਕੀਤੀ ਅਤੇ ਆਪਣਾ ਪੱਖ ਰੱਖਣ ਤੋਂ ਇਲਾਵਾ ਪੁਰਾਣੇ ਵਿਭਾਗ ਦੀ ਕਾਰਗੁਜ਼ਾਰੀ ਦੀ ਵਿਸਥਾਰ 'ਚ ਜਾਣਕਾਰੀ ਦਿੱਤੀ। ਰਾਹੁਲ ਨੇ ਸਿੱਧੂ ਵਲੋਂ ਕੀਤੀ ਸ਼ਿਕਾਇਤ ਤੋਂ ਬਾਅਦ ਵਿਚਾਰ ਕਰਨ ਦਾ ਭਰੋਸਾ ਦਿੱਤਾ ਹੈ। ਰਾਹੁਲ ਨੇ ਸਿੱਧੂ ਨੂੰ ਕਿਹਾ ਕਿ ਰਾਜਾਂ ਦੇ ਮਾਮਲਿਆਂ 'ਤੇ ਬਾਅਦ 'ਚ ਚਰਚਾ ਹੋਵੇਗੀ। ਸਿੱਧੂ ਨੇ ਅਸਤੀਫੇ ਦੀ ਪੇਸ਼ਕਸ਼ ਕੀਤੀ ਸੀ, ਜੋ ਰਾਹੁਲ ਨੇ ਮੰਨਣ ਤੋਂ ਇਨਕਾਰ ਕਰ ਦਿੱਤੀ।
ਦੱਸਣਯੋਗ ਹੈ ਕਿ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਚ ਇਸ ਸਮੇਂ ਸਭ ਕੁਝ ਠੀਕ ਨਹੀਂ ਚੱਲ ਰਿਹਾ ਹੈ। ਕੈਪਟਨ ਸਿੱਧੂ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕਰ ਕੇ ਉਨ੍ਹਾਂ ਦਾ ਮੰਤਰਾਲਾ ਵੀ ਬਦਲ ਚੁਕੇ ਹਨ। ਜਿਸ ਤੋਂ ਬਾਅਦ ਸਿੱਧੂ ਨੇ ਆਪਣਾ ਰਿਪੋਰਟ ਕਾਰਡ ਵੀ ਜਾਰੀ ਕੀਤਾ ਸੀ। ਇਸੇ ਮਾਮਲੇ ਕਾਰਨ ਸਿੱਧੂ ਕਾਂਗਰਸ ਹਾਈਕਮਾਨ ਕੋਲ ਪੁੱਜ ਗਏ ਹਨ।