ਨਹੀਂ ਮਿਲੀ ਰਾਣਾ ਗੁਰਜੀਤ ਦੇ ਪੁੱਤਰ ਨੂੰ ਟਿਕਟ, ਸੁਲਤਾਨਪੁਰ ਲੋਧੀ ਤੋਂ ਨਵਤੇਜ ਚੀਮਾ ਲੜਨਗੇ ਚੋਣ
Saturday, Jan 15, 2022 - 04:22 PM (IST)
ਸੁਲਤਾਨਪੁਰ ਲੋਧੀ : ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਕਾਂਗਰਸ ਵੱਲੋਂ ਜਾਰੀ 86 ਉਮੀਦਵਾਰਾਂ ਦੀ ਪਹਿਲੀ ਸੂਚੀ ’ਚ ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਚੀਮਾ ਨੂੰ ਮੁੜ ਉਮੀਦਵਾਰ ਐਲਾਨਿਆ ਗਿਆ ਹੈ। ਇਸ ਸੀਟ ਨੂੰ ਲੈ ਕੇ ਰਾਣਾ ਗੁਰਜੀਤ ਸਿੰਘ ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਤੇ ਸੁਲਤਾਨਪੁਰ ਤੋਂ ਮੌਜੂਦਾ ਵਿਧਾਇਕ ਨਵਤੇਜ ਸਿੰਘ ਚੀਮਾ ਆਹਮੋ-ਸਾਹਮਣੇ ਸਨ। ਇਸ ਸੀਟ ਨੂੰ ਲੈ ਕੇ ਮੈਦਾਨ ਕਾਫ਼ੀ ਭਖਿਆ ਹੋਇਆ ਸੀ। ਹੁਣ ਦੇਖਣਾ ਇਹ ਹੋਵੇਗਾ ਕਿ ਟਿਕਟ ਨਾ ਮਿਲਣ ਮਗਰੋਂ ਰਾਣਾ ਗੁਰਜੀਤ ਸਿੰਘ ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਕੀ ਰੁਖ਼ ਅਖਤਿਆਰ ਕਰਦੇ ਹਨ ਕਿਉਂਕਿ ਉਨ੍ਹਾਂ ਨੇ ਆਪਣਾ ਚੋਣ ਪ੍ਰਚਾਰ ਸ਼ੁਰੂ ਕੀਤਾ ਹੋਇਆ ਹੈ। ਕਾਂਗਰਸ ਨੇ ਰਾਣਾ ਗੁਰਜੀਤ ਨੂੰ ਕਪੂਰਥਲਾ ਤੋਂ ਉਮੀਦਵਾਰ ਐਲਾਨਿਆ ਹੈ।
ਇਹ ਵੀ ਪੜ੍ਹੋ : ਮੀਤ ਹੇਅਰ ਦੇ SSM ’ਤੇ ਵੱਡੇ ਇਲਜ਼ਾਮ, ਕਿਹਾ-‘ਆਪ’ ਆਗੂਆਂ ਨੂੰ ਤੋੜਨ ਲਈ ਦੇ ਰਿਹਾ ਲਾਲਚ
ਜ਼ਿਕਰਯੋਗ ਹੈ ਕਿ ਇਸ ਸੀਟ ਨੂੰ ਲੈ ਕੇ ਕਾਂਗਰਸ ’ਚ ਕਾਟੋ-ਕਲੇਸ਼ ਬਹੁਤ ਵਧ ਚੁੱਕਾ ਸੀ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਨਵਤੇਜ ਸਿੰਘ ਚੀਮਾ ਦੇ ਹੱਕ ਵਿਚ ਰੈਲੀ ਕਰ ਕੇ ਉਨ੍ਹਾਂ ਦੇ ਨਾਂ ਉਤੇ ਮੋਹਰ ਪਹਿਲਾਂ ਹੀ ਲਾ ਦਿੱਤੀ ਸੀ। ਸਿੱਧੂ ਨੇ ਕਿਹਾ ਸੀ ਕਿ ਨਵਤੇਜ ਚੀਮਾ ਨੂੰ ਜ਼ਮੀਨ ਨਾਲ ਜੋੜ ਦਿੱਤਾ ਗਿਆ ਹੈ, ਉਸ ਨੂੰ ਕੋਈ ਹਿਲਾ ਨਹੀਂ ਸਕਦਾ। ਸੁਲਤਾਨਪੁਰ ਲੋਧੀ ਤੋਂ ਨਵਤੇਜ ਸਿੰਘ ਚੀਮਾ ਕਾਂਗਰਸ ਦੇ ਮੌਜੂਦਾ ਵਿਧਾਇਕ ਹਨ ਪਰ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਵੀ ਇਸ ਹਲਕੇ ਤੋਂ ਚੋਣ ਲੜਨ ਦੀਆਂ ਤਿਆਰੀਆਂ ਆਰੰਭ ਦਿੱਤੀਆਂ ਸਨ। ਹੁਣ ਜਦਕਿ ਸੁਲਤਾਨਪੁਰ ਲੋਧੀ ਤੋਂ ਕਾਂਗਰਸ ਹਾਈਕਮਾਨ ਨੇ ਨਵਤੇਜ ਚੀਮਾ ਨੂੰ ਉਮੀਦਵਾਰ ਐਲਾਨ ਦਿੱਤਾ ਹੈ ਤਾਂ ਦੇਖਣਾ ਹੋਵੇਗਾ ਕਿ ਰਾਣਾ ਇੰਦਰ ਪ੍ਰਤਾਪ ਅੱਗੇ ਕੀ ਫ਼ੈਸਲਾ ਕਰਦੇ ਹਨ।