ਗਰੀਬੀ ਤੋੜਨ ਦੁਬਈ ਗਏ ਨਵਾਂਸ਼ਹਿਰ ਦੇ ਹਰਬੰਸ ਦੀ ਮੌਤ, ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ ਲਾਸ਼

Sunday, Jul 04, 2021 - 06:35 PM (IST)

ਅੰਮ੍ਰਿਤਸਰ (ਸੰਧੂ) : ਆਪਣੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ ’ਚੋਂ ਕੱਢਣ ਲਈ ਆਪਣੇ ਘਰ, ਜ਼ਮੀਨਾਂ ਗਹਿਣੇ ਧਰ ਖਾੜੀ ਮੁਲਕਾਂ ’ਚ ਮਿਹਨਤ ਮਜ਼ਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ਘੜੀ ’ਚ ਰਹਿਬਰ ਬਣ ਸੇਵਾ ਰੂਪੀ ਮਦਦ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐੱਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜ਼ਿਲ੍ਹਾ ਨਵਾਂਸ਼ਹਿਰ ਦੇ ਪਿੰਡ ਅਨੋਖਰਵਾਲ ਦੇ 45 ਸਾਲਾ ਹਰਬੰਸ ਲਾਲ ਪੁੱਤਰ ਬਿਸ਼ਨ ਰਾਮ ਦਾ ਮ੍ਰਿਤਕ ਸਰੀਰ ਅੱਜ ਸਵੇਰੇ ਤੜਕਸਾਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚਿਆ।

ਇਹ ਵੀ ਪੜ੍ਹੋ : ਅੰਮ੍ਰਿਤਸਰ ਏਅਰਪੋਰਟ ਉਤਰਣ ਵਾਲੇ ਯਾਤਰੀ ਜ਼ਰਾ ਸਾਵਧਾਨ, ਕਿਤੇ ਤੁਹਾਡੇ ਨਾਲ ਵੀ ਨਾ ਹੋ ਜਾਵੇ ਇਹ ਕੁੱਝ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਹਰਬੰਸ ਲਾਲ ਆਪਣੇ ਪਰਿਵਾਰ ਦੇ ਆਰਥਿਕ ਹਾਲਾਤ ਸੁਧਾਰਨ ਦੀ ਕੋਸ਼ਿਸ਼ ’ਚ ਕੁਝ ਮਹੀਨੇ ਪਹਿਲਾਂ ਹੀ ਵਿਜ਼ਟਰ ਵੀਜ਼ਾ ਲੈ ਕੇ ਦੁਬਈ ਆਇਆ ਸੀ। ਉਨ੍ਹਾਂ ਦੱਸਿਆ ਕਿ ਬੀਤੀ 11 ਜੂਨ ਨੂੰ ਹਰਬੰਸ ਲਾਲ ਦਾ ਅਚਾਨਕ ਉਸ ਦੇ ਕਮਰੇ ਵਿਚਲੇ ਬਾਥਰੂਮ ਅੰਦਰ ਪੈਰ ਫਿਸਲ ਗਿਆ ਸੀ, ਜਿਸ ਉਪਰੰਤ ਉਸ ਦੇ ਸਾਥੀ ਉਸ ਨੂੰ ਬੇਹੋਸ਼ੀ ਦੀ ਹਾਲਤ ’ਚ ਹਪਸਤਾਲ ਲੈ ਗਏ ਸਨ ਪਰ ਉੱਥੇ ਕੁਝ ਸਮੇਂ ਬਾਅਦ ਹੀ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ ਸੀ।

ਉਨ੍ਹਾਂ ਦੱਸਿਆ ਕਿ ਇਸ ਘਟਨਾ ਸਬੰਧੀ ਉਨ੍ਹਾਂ ਨੂੰ ਭਾਰਤੀ ਦੂਤਾਵਾਸ ਤੋਂ ਇਲਾਵਾ ਹੋਰਨਾਂ ਲੋਕਾਂ ਨੇ ਵੀ ਸੰਪਰਕ ਕਰ ਕੇ ਹਰਬੰਸ ਲਾਲ ਦੇ ਪਰਿਵਾਰ ਦੀ ਬੇਵਸੀ ਦਾ ਹਵਾਲਾ ਦਿੰਦਿਆਂ ਮ੍ਰਿਤਕ ਦੇਹ ਭਾਰਤ ਪਹੁੰਚਾਉਣ ’ਚ ਸਹਿਯੋਗ ਕਰਨ ਲਈ ਕਿਹਾ ਸੀ। ਜਿਸ ਉਪਰੰਤ ਉਨ੍ਹਾਂ ਨੇ ਭਾਰਤੀ ਦੂਤਾਵਾਸ ਦੇ ਸਹਿਯੋਗ ਸਦਕਾ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ ’ਚ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਹਰਬੰਸ ਲਾਲ ਦੇ ਮ੍ਰਿਤਕ ਸਰੀਰ ਨੂੰ ਅੱਜ ਸਵੇਰੇ ਤੜਕਸਾਰ ਭਾਰਤ ਭੇਜ ਕੇ ਉਸ ਦੇ ਵਾਰਸਾਂ ਨੂੰ ਸੌੰਪ ਦਿੱਤਾ ਹੈ।

ਇਹ ਵੀ ਪੜ੍ਹੋ : ਗੁਰਦਾਸਪੁਰ ’ਚ ਅਚਾਨਕ ਹਾਦਸੇ ਦੀ ਸ਼ਿਕਾਰ ਹੋਈ ਪੁਲਸ ਥਾਣੇ ਦੀ ਗੱਡੀ, ਜਦੋਂ ਤਲਾਸ਼ੀ ਲਈ ਤਾਂ ਉੱਡੇ ਹੋਸ਼

ਹਵਾਈ ਅੱਡੇ ਤੋਂ ਮ੍ਰਿਤਕ ਸਰੀਰ ਲੈਣ ਪਹੁੰਚੇ ਹਰਬੰਸ ਲਾਲ ਦੇ ਕਰੀਬੀ ਰਿਸ਼ਤੇਦਾਰ ਚਮਨ ਲਾਲ ਅਤੇ ਲੁਭਾਇਆ ਰਾਮ ਤੋਂ ਇਲਾਵਾ ਹੋਰਨਾਂ ਪਰਿਵਾਰਕ ਮੈਂਬਰਾਂ ਨੇ ਉਸਦੀ ਮ੍ਰਿਤਕ ਦੇਹ ਲੈ ਕੇ ਆਉਣ ਲਈ ਵੱਡਾ ਸਹਿਯੋਗ ਕਰਨ 'ਤੇ ਡਾ.ਐੱਸ.ਪੀ.ਸਿੰਘ ਓਬਰਾਏ ਦਾ ਤਹਿ ਦਿਲੋਂ ਸ਼ੁਕਰਾਨਾ ਕਰਦਿਆਂ ਦੱਸਿਆ ਕਿ ਹਰਬੰਸ ਲਾਲ ਦਾ ਮ੍ਰਿਤਕ ਸਰੀਰ ਭਾਰਤ ਲੈ ਕੇ ਆਉਣਾ ਉਨ੍ਹਾਂ ਦੇ ਵੱਸ ਦੀ ਹੀ ਗੱਲ ਨਹੀਂ ਸੀ। ਉਨ੍ਹਾਂ ਕਿਹਾ ਕਿ ਡਾ.ਓਬਰਾਏ ਦੀ ਬਦੌਲਤ ਹੀ ਉਨ੍ਹਾਂ ਨੂੰ ਹਰਬੰਸ ਲਾਲ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News