ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸ਼ਹਿਰ ਵਾਸੀਆਂ ਲਈ ਨਵੀਆਂ ਹਦਾਇਤਾਂ ਜਾਰੀ
Wednesday, Apr 07, 2021 - 03:47 PM (IST)
ਨਵਾਂਸ਼ਹਿਰ (ਮਨੋਰੰਜਨ)- ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵੱਲੋਂ ਸਿਵਲ ਰਿੱਟ ਪਟੀਸ਼ਨ 6213 ਆਫ਼ 2016 ਵਿਚ ਮਿਤੀ 22.07.2019 ਨੂੰ ਪਾਸ ਕੀਤੇ ਹੁਕਮਾਂ ਦੀ ਪਾਲਣਾ ਵਿੱਚ ਮੈਰਿਜ ਪੈਲੇਸ/ਰਿਜ਼ੋਰਟ, ਮੇਲੇ, ਧਾਰਮਿਕ ਜਲੂਸ/ ਬਰਾਤ/ਵਿਆਹ/ਸਮਾਗਮ ਅਤੇ ਹੋਰ ਜਨਤਕ ਇੱਕਠਾਂ ਅਤੇ ਵਿੱਦਿਅਕ ਅਦਾਰਿਆਂ ਦੇ ਅੰਦਰ ਜਾਂ ਨੇੜੇ-ਤੇੜੇ ਹਥਿਆਰ ਲੈ ਕੇ ਜਾਣ ’ਤੇ ਰੋਕ ਲਗਾ ਦਿੱਤੀ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਕਈ ਵਾਰ ਜਨਤਕ ਇੱਕਠਾਂ ਵਿੱਚ ਆਪਸੀ ਰੰਜਿਸ਼ ਕਾਰਨ, ਹਾਲਾਤ ਗੋਲੀਬਾਰੀ ਤੱਕ ਪਹੁੰਚ ਜਾਂਦੇ ਹਨ ਅਤੇ ਜਿਸ ਨਾਲ ਵੱਡਾ ਜਾਨੀ ਨੁਕਸਾਨ ਹੋਣ ਦਾ ਖ਼ਦਸ਼ਾ ਰਹਿੰਦਾ ਹੈ। ਇਸ ਤਰ੍ਹਾਂ ਨਾਲ ਅਮਨ ਅਤੇ ਕਾਨੂੰਨ ਦੀ ਸਥਿਤੀ ਦੇ ਭੰਗ ਹੋਣ ਦਾ ਖ਼ਤਰਾ ਬਣ ਜਾਂਦਾ ਹੈ। ਇਸ ਲਈ ਜ਼ਿਲ੍ਹੇ ਵਿੱਚ ਕਿਸੇ ਵੀ ਮੈਰਿਜ ਪੈਲੇਸ/ਰਿਜ਼ੋਰਟ, ਮੇਲੇ, ਧਾਰਮਿਕ ਜਲੂਸ/ਬਰਾਤ/ਵਿਆਹ/ਸਮਾਗਮ ਅਤੇ ਹੋਰ ਜਨਤਕ ਇੱਕਠਾਂ ਅਤੇ ਵਿਦਿਅਕ ਅਦਾਰਿਆਂ ਅੰਦਰ ਜਾਂ ਨੇੜੇ-ਤੇੜੇ ਹਥਿਆਰ/ਅਸਲਾ ਲੈ ਕੇ ਜਾਣ ’ਤੇ ਫੌਜਦਾਰੀ ਜ਼ਾਬਤਾ ਸੰਘਤਾ 1973 (1974) ਦੇ ਐਕਟ 2 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਾਬੰਦੀ ਲਾਈ ਜਾਂਦੀ ਹੈ। ਇਹ ਹੁਕਮ 3 ਜੂਨ 2021 ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ : ਕੋਰੋਨਾ ਸਬੰਧੀ ਸਖ਼ਤੀ, ਪੰਜਾਬ ਤੋਂ ਬੱਸਾਂ ਰਾਹੀਂ ਦੂਜੇ ਸੂਬਿਆਂ 'ਚ ਜਾਣ ਵਾਲੇ ਮੁਸਾਫ਼ਿਰਾਂ ਲਈ ਲਾਗੂ ਹੋਵੇਗਾ ਇਹ ਨਿਯਮ
ਸਤਲੁਜ ਦਰਿਆ ਅਤੇ ਬਿਸਤ ਦੋਆਬ ਨਹਿਰ ਵਿਚ ਨਹਾਉਣ ’ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ਵਿਚ ਲੋਕਾਂ ਦੇ ਨਹਾਉਣ ’ਤੇ ਪਾਬੰਦੀ ਲਾਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਨਹਾਉਣ ਵਕਤ ਵਾਪਰਦੇ ਹਾਦਸਿਆਂ ਕਾਰਨ ਕਈ ਪਰਿਵਾਰਾਂ ਦੇ ਅਣਮੁੱਲੇ ਜੀਅ ਮੌਤ ਦੀ ਭੇਟ ਚਡ਼੍ਹਨੋਂ ਰੋਕਣ ਲਈ ਇਹ ਕਦਮ ਚੁੱਕੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਪੁਲਸ ਕਾਰਵਾਈ ਕੀਤੀ ਜਾਵੇਗੀ। ਇਹ ਮਨਾਹੀ ਦੇ ਹੁਕਮ 3 ਜੂਨ 2021 ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ : ਹੁਣ ਇਨ੍ਹਾਂ ਲੋਕਾਂ ਨੂੰ ਕੋਰੋਨਾ ਵੈਕਸੀਨ ਲਵਾਉਣ ਲਈ ਕਰਨਾ ਪਵੇਗਾ ਇੰਤਜ਼ਾਰ
ਜ਼ਿਲ੍ਹੇ ’ਚ ਬਿਨਾਂ ਮਨਜ਼ੂਰੀ ਡਰੋਨ ਚਲਾਉਣ ’ਤੇ ਪੂਰਨ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲ੍ਹੇ ’ਚ ਬਿਨਾਂ ਮਨਜ਼ੂਰੀ ਪ੍ਰਾਪਤ ਕੀਤਿਆਂ ਡਰੋਨ ਚਲਾਉਣ ’ਤੇ ਪੂਰਨ ਪਾਬੰਦੀ ਲਾ ਦਿੱਤੀ ਹੈ। ਅਜਿਹਾ ਜ਼ਿਲ੍ਹੇ ਦੇ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਇਹਤਿਆਤੀ ਤੌਰ ’ਤੇ ਕੀਤਾ ਗਿਆ ਹੈ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਐੱਸ. ਐੱਸ. ਪੀ. ਸ਼ਹੀਦ ਭਗਤ ਸਿੰਘ ਨਗਰ ਵੱਲੋਂ ਅਤੇ ਖੁਫ਼ੀਆ ਏਜੰਸੀਆਂ ਵੱਲੋਂ ਪੰਜਾਬ ਰਾਜ ਦੇ ਸਰਹੱਦੀ ਜ਼ਿਲ੍ਹਿਆਂ ’ਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਡਰੋਨ ਰਾਹੀਂ ਮਾਡ਼ੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੀਆਂ ਅਸਫ਼ਲ ਕੋਸ਼ਿਸ਼ਾਂ ਬਾਰੇ ਧਿਆਨ ’ਚ ਲਿਆਏ ਜਾਣ ਬਾਅਦ ਇਹ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ। ਇਸ ਪਾਬੰਦੀ ਤੋਂ ਬਾਅਦ ਵਿਆਹ ਸਮਾਗਮਾਂ, ਧਾਰਮਿਕ ਸਮਾਗਮਾਂ ਅਤੇ ਹੋਰ ਪ੍ਰੋਗਰਾਮਾਂ ’ਚ ਬਿਨਾਂ ਮਨਜੂਰੀ ਡਰੋਨ ਚਲਾਉਣ ’ਤੇ 3 ਜੂਨ 2021 ਤੱਕ ਪਾਬੰਦੀ ਰਹੇਗੀ।
ਇਹ ਵੀ ਪੜ੍ਹੋ : ਸ਼ੱਕੀ ਹਾਲਾਤ ’ਚ 7ਵੀਂ ’ਚ ਪੜ੍ਹਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਰੋ-ਰੋ ਹੋਇਆ ਬੁਰਾ ਹਾਲ
ਰੋਸ ਮੁਜ਼ਾਹਰੇ ਕਰਨ ਅਤੇ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਲੋਕ ਹਿੱਤ ਵਿਚ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਅਮਨ-ਕਾਨੂੰਨ ਦੀ ਕਾਇਮੀ ਰੱਖਣ ਵਾਸਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਜਾਂ ਮੀਟਿੰਗ ਕਰਨ, ਨਾਅਰੇ ਲਾਉਣ/ਭਡ਼ਕਾਊ ਭਾਸ਼ਣ ਦੇਣ, ਬਿਨਾਂ ਪ੍ਰਵਾਨਗੀ ਜਨਤਕ ਥਾਂਵਾਂ ’ਤੇ ਜਲੂਸ ਕੱਢਣ/ਮੀਟਿੰਗ ਕਰਨ/ਰੈਲੀ ਕਰਨ ’ਤੇ ਪਾਬੰਦੀ ਲਾਈ ਹੈ। ਇਹ ਪਾਬੰਦੀ 3 ਜੂਨ 2021 ਤੱਕ ਲਾਗੂ ਰਹੇਗੀ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਹਾਲਤਾਂ ਵਿਚ ਉੱਪ ਮੰਡਲ ਮੈਜਿਸਟ੍ਰੇਟਾਂ ਪਾਸੋਂ ਅਗਾਊਂ ਪ੍ਰਵਾਨਗੀ ਲੈ ਕੇ ਜਨਤਕ ਮੀਟਿੰਗਾਂ, ਜਲੂਸ ਜਾਂ ਰੈਲੀ ਕੀਤੀ ਜਾ ਸਕਦੀ ਹੈ ਪਰੰਤੂ ਕੋਵਿਡ-19 ਦੇ ਪ੍ਰੋਟੋਕਾਲ ਦੀ ਪਾਲਣਾ ਲਾਜ਼ਮੀ ਹੋਵੇਗੀ। ਉਨ੍ਹਾਂ ਨੇ ਪੁਲਿਸ/ਆਰਮੀ ਵਰਦੀ ਵਿਚ ਮਿਲਟਰੀ ਅਮਲਾ ਅਤੇ ਸਰਕਾਰੀ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਅਤੇ ਵਿਆਹ/ਸੋਗਮਈ ਇਕੱਠਾਂ/ਧਾਰਮਿਕ ਸਥਾਨਾਂ ਅਤੇ ਸੰਸਥਾਵਾਂ ਦੇ ਅੰਦਰ ਪ੍ਰਮਾਤਮਾ ਦੀ ਉਸਤਤ-ਸ਼ਬਦ ਕੀਰਤਨ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਹੈ।
ਇਹ ਵੀ ਪੜ੍ਹੋ : ਗੈਂਗਸਟਰ ਮੁਖ਼ਤਾਰ ਅੰਸਾਰੀ ਸਬੰਧੀ ਵੱਡੇ ਖ਼ੁਲਾਸੇ, ਮਹਿਮਾਨਾਂ ਵਾਂਗ ਰੂਪਨਗਰ ਦੀ ਜੇਲ੍ਹ ਅੰਦਰ ਹੁੰਦੀ ਹੈ ਸੇਵਾ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?