ਨਵਾਂਸ਼ਹਿਰ ''ਚ ਅਣ-ਅਧਿਕਾਰਿਤ ਤੌਰ ’ਤੇ ਧਾਰਮਿਕ ਸਥਾਨਾਂ ਦੀ ਉਸਾਰੀ ’ਤੇ ਰੋਕ
Tuesday, Dec 08, 2020 - 03:26 PM (IST)
ਨਵਾਂਸ਼ਹਿਰ (ਤ੍ਰਿਪਾਠੀ) : ਜ਼ਿਲ੍ਹਾ ਮੈਜਿਸਟ੍ਰੇਟ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲ੍ਹੇ ਦੀਆਂ ਸਰਕਾਰੀ, ਜਨਤਕ ਥਾਵਾਂ, ਗਲੀਆਂ, ਪਾਰਕਾਂ 'ਤੇ ਅਣ-ਅਧਿਕਾਰਿਤ ਤੌਰ ’ਤੇ ਕਿਸੇ ਵੀ ਤਰ੍ਹਾਂ ਦੇ ਧਾਰਮਿਕ ਸਥਾਨ ਦੀ ਉਸਾਰੀ ਕਰਨ ’ਤੇ ਰੋਕ ਦੇ ਹੁਕਮ ਜਾਰੀ ਕੀਤੇ ਹਨ। ਧਾਰਾ-144 ਤਹਿਤ ਮਨਾਹੀ ਦੇ ਹੁਕਮਾਂ 'ਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਭਾਰਤ ਸਰਕਾਰ ਬਨਾਮ ਗੁਜਰਾਤ ਸਰਕਾਰ 'ਚ ਸਪੱਸ਼ਟ ਤੌਰ ’ਤੇ ਦਿੱਤੇ ਨਿਰਦੇਸ਼ਾਂ 'ਚ ਕਿਸੇ ਵੀ ਜਨਤਕ ਸਥਾਨ, ਪਾਰਕ ਜਾਂ ਗਲੀਆਂ ਆਦਿ 'ਤੇ ਧਾਰਮਿਕ ਸਥਾਨ ਦੀ ਉਸਾਰੀ ਕਰਨ ’ਤੇ ਸਖ਼ਤੀ ਨਾਲ ਰੋਕ ਲਾਈ ਗਈ ਹੈ। ਕਿਸੇ ਵੀ ਅਜਿਹੀ ਥਾਂ ’ਤੇ ਕਿਸੇ ਵੀ ਧਾਰਮਿਕ ਸਥਾਨ ਦੀ ਉਸਾਰੀ ਕਰਨਾ ਪੂਰੀ ਤਰ੍ਹਾ ਨਾਲ ਪਾਬੰਦੀਸ਼ੁਦਾ ਹੈ। ਉਨ੍ਹਾਂ ਸੀਨੀਅਰ ਪੁਲਸ ਕਪਤਾਨ ਨੂੰ ਆਪਣੇ ਇਨ੍ਹਾਂ ਰੋਕ ਦੇ ਹੁਕਮਾਂ ਦੀ ਅਦੂਲੀ ਕਰਨ ਵਾਲੇ ਕਿਸੇ ਵੀ ਵਿਅਕਤੀ ਖ਼ਿਲਾਫ਼ ਤੁਰੰਤ ਪਰਚਾ ਦਰਜ ਕਰਨ ਅਤੇ ਉਸਾਰੀ ਬੰਦ ਕਰਵਾਉਣ ਲਈ ਵੀ ਆਖਿਆ ਹੈ।
ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲਿਆਂ ’ਤੇ ਹੋਵੇਗੀ ਕਾਰਵਾਈ
ਜ਼ਿਲ੍ਹਾ ਮੈਜਿਸਟ੍ਰੇਟ ਨੇ ਇਕ ਹੋਰ ਹੁਕਮ ਤਹਿਤ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲੇ ਲੋਕਾਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਧਾਰਾ-144 ਅਧੀਨ ਗਾਵਾਂ/ਪਸ਼ੂਆਂ ਨੂੰ ਬੇਸਹਾਰਾ ਛੱਡਣ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਗਊਵੰਸ਼ ਦਾ ਕੁੱਝ ਧਰਮਾਂ 'ਚ ਬਹੁਤ ਜ਼ਿਆਦਾ ਸਤਿਕਾਰ ਹੋਣ ਕਾਰਨ ਗਊਵੰਸ਼ ਨੂੰ ਇਸ ਤਰ੍ਹਾਂ ਬੇਸਹਾਰਾ ਛੱਡਣ ਕਾਰਨ ਉਨ੍ਹਾਂ ਨੂੰ ਪੁੱਜਣ ਵਾਲੇ ਜਾਨੀ ਨੁਕਸਾਨ ਨਾਲ ਜਿੱਥੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ, ਉੱਥੇ ਅਮਨ ਅਤੇ ਕਾਨੂੰਨ ਦੀ ਸਮੱਸਿਆ ਵੀ ਪੈਦਾ ਹੋ ਸਕਦੀ ਹੈ। ਇਸ ਤੋਂ ਇਲਾਵਾ ਪਸ਼ੂਆਂ ਨੂੰ ਬੇਸਹਾਰਾ ਛੱਡਣ ਨਾਲ ਇਹ ਸੜਕਾਂ ’ਤੇ ਹਾਦਸਿਆਂ ਦਾ ਕਾਰਨ ਵੀ ਬਣਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਲਈ ਪੁਲਸ ਮਹਿਕਮਾ, ਪਸ਼ੂ ਪਾਲਣ ਮਹਿਕਮਾ, ਬੀ. ਡੀ. ਪੀ. ਓਜ਼, ਕਾਰਜ ਸਾਧਕ ਅਫ਼ਸਰ ਜ਼ਿੰਮੇਵਾਰ ਹੋਣਗੇ ਅਤੇ ਜੇਕਰ ਉਨ੍ਹਾਂ ਦੇ ਧਿਆਨ ’ਚ ਕੋਈ ਵੀ ਬੇਸਹਾਰਾ ਪਸ਼ੂ ਛੱਡਣ ਦੀ ਘਟਨਾ ਆਉਂਦੀ ਹੈ ਤਾਂ ਤੁਰੰਤ ਅਜਿਹੇ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾਵੇ। ਉਕਤ ਮਨਾਹੀ ਦੇ ਹੁਕਮ 7 ਫਰਵਰੀ 2021 ਤੱਕ ਲਾਗੂ ਰਹਿਣਗੇ।