''ਬੁਢਾਪਾ ਪੈਨਸ਼ਨ 3200₹, 500₹ ਦਾ ਸਿਲੰਡਰ...''; CM ਸੈਣੀ ਨੇ ਹਰਿਆਣਾ ਦੇ ਕੰਮ ਗਿਣਾਉਂਦਿਆਂ ਘੇਰੀ ਪੰਜਾਬ ਸਰਕਾਰ

Sunday, Jan 11, 2026 - 05:08 PM (IST)

''ਬੁਢਾਪਾ ਪੈਨਸ਼ਨ 3200₹, 500₹ ਦਾ ਸਿਲੰਡਰ...''; CM ਸੈਣੀ ਨੇ ਹਰਿਆਣਾ ਦੇ ਕੰਮ ਗਿਣਾਉਂਦਿਆਂ ਘੇਰੀ ਪੰਜਾਬ ਸਰਕਾਰ

ਸਮਰਾਲਾ (ਵੈੱਬ ਡੈਸਕ/ਵਿਪਨ): ਅੱਜ ਭਾਰਤੀ ਜਨਤਾ ਪਾਰਟੀ ਵੱਲੋਂ ਸਮਰਾਲਾ ਵਿਖੇ ਵਿਸ਼ਾਲ ਰੈਲੀ ਕਰਵਾਈ ਗਈ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਜਿੱਥੇ ਹਰਿਆਣਾ ਸਰਕਾਰ ਦੇ ਕੰਮ ਗਿਣਾਏ, ਉੱਥੇ ਹੀ ਪੰਜਾਬ ਸਰਕਾਰ 'ਤੇ ਵੀ ਤਿੱਖਾ ਨਿਸ਼ਾਨਾ ਵਿੰਨ੍ਹਿਆ। ਸੈਣੀ ਨੇ ਕਿਹਾ ਕਿ ਪੰਜਾਬ ਵਿਚ ਲੰਬੇ ਸਮੇਂ ਤੋਂ ਸਿਰਫ਼ ਵੱਡੀਆਂ-ਵੱਡੀਆਂ ਗੱਲਾਂ ਕੀਤੀਆਂ ਗਈਆਂ ਹਨ, ਪਰ ਅਮਲ ਵਿਚ ਪੰਜਾਬ ਨੂੰ ਪਿੱਛੇ ਧੱਕਿਆ ਗਿਆ ਹੈ। ਉਨ੍ਹਾਂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ 'ਤੇ ਵਾਅਦੇ ਪੂਰੇ ਨਾ ਕਰਨ ਦੇ ਦੋਸ਼ ਲਾਉਂਦਿਆਂ ਦੱਸਿਆ ਕਿ ਹਰਿਆਣਾ ਸਰਕਾਰ ਨੇ ਇਕ ਸਾਲ ਵਿਚ 217 ਵਾਅਦਿਆਂ ਵਿੱਚੋਂ 53 ਪੂਰੇ ਕਰ ਦਿੱਤੇ ਹਨ ਅਤੇ ਇਸ ਵਿੱਤੀ ਸਾਲ ਦੇ ਅੰਤ ਤੱਕ 163 ਵਾਅਦੇ ਪੂਰੇ ਹੋ ਜਾਣਗੇ।

ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਪੰਜਾਬ ਦੇ ਹੜ੍ਹ ਪੀੜਤ ਕਿਸਾਨਾਂ ਨੂੰ ਨੁਕਸਾਨ ਦਾ ਕਿੰਨਾ ਮੁਆਵਜ਼ਾ ਦਿੱਤਾ ਗਿਆ ਹੈ? ਉਨ੍ਹਾਂ ਦੱਸਿਆ ਕਿ ਹਰਿਆਣਾ ਵਿਚ ਭਾਰੀ ਬਾਰਿਸ਼ ਕਾਰਨ ਹੋਏ ਨੁਕਸਾਨ ਲਈ 116 ਕਰੋੜ ਰੁਪਏ ਸਿੱਧੇ ਕਿਸਾਨਾਂ ਦੇ ਖਾਤਿਆਂ ਵਿਚ ਭੇਜੇ ਗਏ ਹਨ ਅਤੇ ਹੋਰ ਨੁਕਸਾਨਾਂ ਲਈ 4.5 ਕਰੋੜ ਰੁਪਏ ਵੰਡੇ ਗਏ ਹਨ। ਉਨ੍ਹਾਂ 'ਆਪ' ਸਰਕਾਰ ਨੂੰ "ਚੁਟਕਲਿਆਂ ਵਾਲੀ ਸਰਕਾਰ" ਕਿਹਾ ਜੋ ਲੋਕਾਂ ਦਾ ਕੰਮ ਕਰਨ ਦੀ ਬਜਾਏ ਸਿਰਫ਼ ਗੱਲਾਂ ਨਾਲ ਪੇਟ ਭਰ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹਰਿਆਣਾ ਵਿਚ ਆਲੂ, ਬਾਜਰੇ ਅਤੇ ਸਬਜ਼ੀਆਂ ਦੀ ਫ਼ਸਲ ਦੇ ਭਾਅ ਵਿਚ ਕਮੀ ਆਉਣ 'ਤੇ ਮੁਆਵਜ਼ਾ (ਭਾਵੰਤਰ ਭਰਪਾਈ) ਦਿੱਤਾ ਜਾਂਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੋਦੀ ਸਰਕਾਰ ਦੀ ਅਗਵਾਈ ਵਿਚ 11 ਸਾਲਾਂ ਦੌਰਾਨ ਹਰਿਆਣਾ ਵਿਚ 12,500 ਕਰੋੜ ਰੁਪਏ ਫ਼ਸਲ ਦੇ ਖਰਾਬੇ ਵਜੋਂ ਦਿੱਤੇ ਗਏ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਜ਼ੁਰਗਾਂ ਨੂੰ 2500 ਰੁਪਏ ਪੈਨਸ਼ਨ ਦੇਣ ਦਾ ਵਾਅਦਾ ਕੀਤਾ ਸੀ ਜੋ ਅਜੇ ਤੱਕ ਪੂਰਾ ਨਹੀਂ ਹੋਇਆ, ਜਦਕਿ ਹਰਿਆਣਾ ਸਰਕਾਰ ਬਜ਼ੁਰਗਾਂ ਨੂੰ 3200 ਰੁਪਏ ਪ੍ਰਤੀ ਮਹੀਨਾ ਸਨਮਾਨ ਭੱਤਾ ਦੇ ਰਹੀ ਹੈ। ਉਨ੍ਹਾਂ ਨੇ ਆਯੁਸ਼ਮਾਨ ਭਾਰਤ ਯੋਜਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਹਰਿਆਣਾ ਵਿਚ 25 ਲੱਖ ਲੋਕਾਂ ਨੇ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੋਦੀ ਸਰਕਾਰ ਨੇ ਹੁਣ 70 ਸਾਲ ਤੋਂ ਵੱਧ ਉਮਰ ਦੇ ਸਾਰੇ ਬਜ਼ੁਰਗਾਂ ਲਈ ਮੁਫ਼ਤ ਇਲਾਜ ਦੀ ਸਹੂਲਤ ਦੇਣ ਦਾ ਵਾਅਦਾ ਕੀਤਾ ਹੈ।

ਸੈਣੀ ਨੇ ਕਿਹਾ ਕਿ ਪੰਜਾਬ ਵਿਚ ਔਰਤਾਂ ਨੂੰ 1100 ਰੁਪਏ ਦੇਣ ਦਾ ਵਾਅਦਾ ਅਧੂਰਾ ਹੈ। ਇਸ ਦੇ ਉਲਟ, ਹਰਿਆਣਾ ਵਿਚ 'ਲਾਡੋ ਲਕਸ਼ਮੀ ਯੋਜਨਾ' ਤਹਿਤ ਭੈਣਾਂ ਨੂੰ 2100 ਰੁਪਏ ਦੇਣ ਦਾ ਸੰਕਲਪ ਲਿਆ ਗਿਆ ਹੈ। ਇਸ ਤੋਂ ਇਲਾਵਾ, ਜਿਨ੍ਹਾਂ ਪਰਿਵਾਰਾਂ ਦੀ ਆਮਦਨ 1.80 ਲੱਖ ਰੁਪਏ ਤੋਂ ਘੱਟ ਹੈ, ਉਨ੍ਹਾਂ ਨੂੰ 500 ਰੁਪਏ ਵਿਚ ਗੈਸ ਸਿਲੰਡਰ ਦਿੱਤਾ ਜਾ ਰਿਹਾ ਹੈ। ਅੰਤ ਵਿਚ ਉਨ੍ਹਾਂ ਨੇ ਸਮਰਾਲਾ ਦੇ ਲੋਕਾਂ ਦਾ ਉਨ੍ਹਾਂ ਦੇ ਨਿੱਘੇ ਸਵਾਗਤ ਲਈ ਧੰਨਵਾਦ ਕੀਤਾ।


author

Anmol Tagra

Content Editor

Related News