ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸਿੰਘ ਸੈਣੀ
Thursday, Dec 25, 2025 - 05:49 PM (IST)
ਸ੍ਰੀ ਫ਼ਤਿਹਗੜ੍ਹ ਸਾਹਿਬ (ਜਗਦੇਵ): ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਅਤੇ ਗੁਰਦੁਆਰਾ ਬਾਬਾ ਮੋਤੀ ਰਾਮ ਮਹਿਰਾ ਵਿਖੇ ਨਤਮਸਤਕ ਹੋਏ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਮੌਜੂਦ ਰਹੇ।
ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਫਤਿਹਗੜ੍ਹ ਸਾਹਿਬ ਦੇ ਮਹਾਨ ਸ਼ਹੀਦਾਂ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਅਤੇ ਜਗਤ ਮਾਤਾ ਗੁਜਰੀ ਜੀ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਉਪਰੰਤ ਉਹ ਗੁਰਦੁਆਰਾ ਬਾਬਾ ਮੋਤੀ ਰਾਮ ਮਹਿਰਾ ਵਿਖੇ ਵੀ ਨਤਮਸਤਕ ਹੋਏ, ਜਿੱਥੇ ਬਾਬਾ ਮੋਤੀ ਰਾਮ ਮਹਿਰਾ ਟਰਸਟ ਦੇ ਚੇਅਰਮੈਨ ਨਿਰਮਲ ਸਿੰਘ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਜਿੱਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਰੇ ਪਰਿਵਾਰ ਵੱਲੋਂ ਸ਼ਹਾਦਤਾਂ ਦੇ ਕੇ ਸਿੱਖ ਧਰਮ ਦੀ ਹੋਂਦ ਬਣਾਈ ਰੱਖੀ ਅਤੇ ਸਾਰਾ ਪਰਿਵਾਰ ਸ਼ਹਾਦਤਾਂ ਪ੍ਰਾਪਤ ਕਰ ਗਿਆ, ਪ੍ਰੰਤੂ ਮੁਗਲ ਹਕੂਮਤ ਅੱਗੇ ਈਨ ਨਹੀਂ ਮੰਨੀ। ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਿਹ ਸਿੰਘ ਵੱਲੋਂ ਨਿੱਕੀਆਂ ਉਮਰਾਂ 'ਚ ਮੁਗਲ ਹਕੂਮਤ ਪਾਸੋਂ ਆਪਣੇ ਧਰਮ 'ਤੇ ਕਾਇਮ ਰਹਿੰਦਿਆਂ ਹੋਇਆਂ ਸ਼ਹੀਦੀਆਂ ਤੱਕ ਪਾ ਲਈਆਂ। ਨਾਲ ਹੀ ਠੰਡੇ ਬੁਰਜ ਵਿਚ ਮੁਗਲ ਹਕੂਮਤ ਵੱਲੋਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਕੈਦ ਸਮੇਂ ਗਰਮ ਦੁੱਧ ਬਣਾਉਣ ਦੀ ਸੇਵਾ ਕਰਨ ਵਾਲੇ ਬਾਬਾ ਮੋਤੀ ਰਾਮ ਮਹਿਰਾ ਨੂੰ ਉਸ ਦੇ ਨਿੱਕੇ ਬੱਚੇ ਸਮੇਤ ਕੋਲੂ ਵਿਚ ਪੀੜ ਕੇ ਸ਼ਹੀਦ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੀਆਂ ਕੁਰਬਾਨੀਆਂ ਦੀ ਮਿਸਾਲ ਦੁਨੀਆ ਦੇ ਕਿਸੇ ਵੀ ਕੋਨੇ ਵਿਚ ਨਹੀਂ ਮਿਲਦੀ।
