ਗਰਮੀ ਰੁੱਤੇ ਮੱਕੀ ਦੀ ਬਿਜਾਈ ਕਰਨ ਦੀ ਬਿਜਾਏ ਸਾਉਣੀ ਰੁੱਤ ਦੀ ਮੱਕੀ ਕਾਸ਼ਤ ਕਰਨ ਦੀ ਜ਼ਰੂਰਤ: ਮੁੱਖ ਖੇਤੀਬਾੜੀ ਅਫ਼ਸਰ

Tuesday, Apr 29, 2025 - 06:24 PM (IST)

ਗਰਮੀ ਰੁੱਤੇ ਮੱਕੀ ਦੀ ਬਿਜਾਈ ਕਰਨ ਦੀ ਬਿਜਾਏ ਸਾਉਣੀ ਰੁੱਤ ਦੀ ਮੱਕੀ ਕਾਸ਼ਤ ਕਰਨ ਦੀ ਜ਼ਰੂਰਤ: ਮੁੱਖ ਖੇਤੀਬਾੜੀ ਅਫ਼ਸਰ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਅੰਦਰ 7 ਹਜ਼ਾਰ ਹੈਕਟੇਅਰ ਰਕਬੇ ਵਿਚ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਾਉਣ ਦੇ ਉਲੀਕੇ ਗਏ ਟੀਚੇ ਦੀ ਪ੍ਰਾਪਤੀ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਜਿਸ ਤਹਿਤ ਪਹਿਲੀ ਮਈ ਤੋਂ ਪਿੰਡਾਂ ਵਿਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਜਾਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। 

ਦੀਨਾਨਗਰ ਵਿਖੇ ਇਸ ਬਾਰੇ ਕਿਸਾਨਾਂ ਅਤੇ ਬੀਜ ਵਿਕ੍ਰੇਤਾਵਾਂ ਨੂੰ ਜਾਣਕਾਰੀ ਦਿੰਦਿਆਂ ਡਾਕਟਰ ਅਮਰੀਕ ਸਿੰਘ ਨੇ ਦੱਸਿਆ ਕਿ ਮੱਕੀ ਦੀ ਕਾਸ਼ਤ ਬਾਰੇ ਕਿਸਾਨਾਂ ਨੂੰ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਮੁੱਚੇ ਫ਼ੀਲਡ ਸਟਾਫ਼ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਤੀ ਮਾਹਿਰਾਂ ਵੱਲੋਂ ਸਿਖਲਾਈ ਦਿੱਤੀ ਜਾ ਚੁੱਕੀ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਗੈਂਗਵਾਰ, ਦਿਨ-ਦਿਹਾੜੇ ਮਾਰ 'ਤਾ ਸੋਨੂੰ ਮੋਟਾ

ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿਚ ਤਕਰੀਬਨ ਇੱਕ ਲੱਖ ਬਹੱਤਰ ਹਜ਼ਾਰ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਕਾਸ਼ਤ ਕੀਤੀ ਜਾਂਦੀ ਹੈ ਜਦ ਕਿ ਸਾਉਣੀ ਦੀ ਮੱਕੀ ਦੀ ਬਿਜਾਈ ਸਿਰਫ਼ 228 ਹੈੱਕ. ਰਕਬੇ ਵਿਚ ਕੀਤੀ ਜਾਂਦੀ ਹੈ । ਉਨ੍ਹਾਂ ਕਿਹਾ ਕਿ ਝੋਨੇ ਹੇਠ ਰਕਬਾ ਵਧਣ ਨਾਲ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਇਸ ਹੱਦ ਤੱਕ ਨੀਵਾਂ ਜਾ ਚੁੱਕਾ ਹੈ ਕਿ ਕਿਸਾਨਾਂ ਨੂੰ ਸਿੰਚਾਈ ਦੇ ਪਾਣੀ ਲਈ ਬੋਰ ਡੂੰਘੇ ਕਰਨੇ ਪੈ ਰਹੇ ਹਨ । ਉਨ੍ਹਾਂ ਕਿਹਾ ਕਿ ਝੋਨੇ ਦੀ ਖਪਤ ਕਰਨ ਵਾਲੇ ਰਾਜ ਹੁਣ ਝੋਨੇ ਦੀ ਪੈਦਾਵਾਰ ਵਿਚ ਆਤਮ ਨਿਰਭਰ ਹੋ ਰਹੇ ਹਨ ਜਿਸ ਨਾਲ ਅਜਿਹੇ ਰਾਜਾਂ ਦੀ ਪੰਜਾਬ ਉੱਪਰ ਝੋਨੇ ਦੀ ਨਿਰਭਰਤਾ ਘਟ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਸਾਉਣੀ 2025-26 ਦੌਰਾਨ ਗੁਰਦਾਸਪੁਰ ਜ਼ਿਲ੍ਹੇ ਵਿਚ ਝੋਨੇ ਦੀ ਫ਼ਸਲ ਹੇਠੋਂ ਸੱਤ ਹਜ਼ਾਰ ਹੈਕਟੇਅਰ ਰਕਬਾ ਕੱਢ ਕੇ ਮੱਕੀ ਦੀ ਫ਼ਸਲ ਹੇਠ ਲਿਆਉਣ ਦੀ ਵਿਉਂਤਬੰਦੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੱਕੀ ਅਜਿਹੀ ਫ਼ਸਲ ਹੈ,ਜਿਸ ਦੀ ਵਰਤੋਂ 25 ਫ਼ੀਸਦੀ ਖ਼ੁਰਾਕ,49 ਫ਼ੀਸਦੀ ਮੁਰਗ਼ੀਆਂ ਦੀ ਫੀਡ,12 ਫ਼ੀਸਦੀ ਪਸ਼ੂਆਂ ਲਈ ਚਾਰਾ,12 ਫ਼ੀਸਦੀ ਸਟਾਰਚ ਬਣਾਉਣ ਲਈ,1 ਫ਼ੀਸਦੀ ਸ਼ਰਾਬ ਬਣਾਉਣ ਲਈ ਅਤੇ 1 ਫ਼ੀਸਦੀ ਬੀਜ ਦੇ ਤੌਰ ਤੇ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੋਲਟਰੀ ,ਪਸ਼ੂ ਖ਼ੁਰਾਕ ਅਤੇ ਸਟਾਰਚ ਉਦਯੋਗ ਦੀ ਮੰਗ ਨੂੰ ਪੂਰਿਆਂ ਕਰਨ ਲਈ ਮੱਕੀ ਹੇਠ  ਰਕਬਾ ਵਧਾਉਣ ਦੀ ਜ਼ਰੂਰਤ ਹੈ । 

ਇਹ ਵੀ ਪੜ੍ਹੋ-  ਪੰਜਾਬ 'ਚ ਦੁੱਧ ਹੋਇਆ ਮਹਿੰਗਾ, ਜਾਣੋ ਨਵੇਂ ਰੇਟ

ਉਨ੍ਹਾਂ ਕਿਹਾ ਕਿ ਮਾਣਯੋਗ ਵਿੱਤ ਮੰਤਰੀ ਪੰਜਾਬ ਸ੍ਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਧਾਨ ਸਭਾ ਵਿਚ ਬਜਟ ਪੇਸ਼ ਕਰਦਿਆਂ ਐਲਾਨ ਕੀਤਾ ਸੀ ਕਿ ਝੋਨੇ ਦੀ ਬਿਜਾਏ ਮੱਕੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ 17500/- ਰੁਪਏ ਬਤੌਰ ਪ੍ਰੋਤਸਾਹਨ ਰਾਸ਼ੀ ਵਜੋਂ ਦਿੱਤੇ ਜਾਣਗੇ।ਉਨ੍ਹਾਂ ਕਿਹਾ ਕਿ ਕੁਝ ਕਿਸਾਨ ਕਣਕ ਦੀ ਕਟਾਈ ਉਪਰੰਤ ਗਰਮੀ ਰੁੱਤ ਦੀ ਮੱਕੀ ਦੀ ਕਾਸ਼ਤ ਕਰ ਰਹੇ ਹਨ ਜੋ ਗਰਮੀ ਜ਼ਿਆਦਾ ਹੋਣ ਕਾਰਨ ਜ਼ਮੀਨ ਹੇਠਲੇ ਪਾਣੀ ਦੀ ਵਧੇਰੇ  ਖਪਤ ਕਰਦੀ ਹੈ। ਉਨ੍ਹਾਂ ਗਰਮੀ ਰੁੱਤ ਵਾਲੀ ਮੱਕੀ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਅਪੀਲ ਕੀਤੀ ਕਿ 20 ਮਈ ਤੋਂ ਸਾਉਣੀ ਰੁੱਤ ਦੀ ਮੱਕੀ ਦੀ ਕਾਸ਼ਤ ਕਰਨ ਤਾਂ ਜੋ ਪੰਜਾਬ ਸਰਕਾਰ ਵੱਲੋਂ ਐਲਾਨੀ ਸਹੂਲਤ ਦਾ ਫ਼ਾਇਦਾ ਮਿਲ ਸਕੇ ਅਤੇ ਪਾਣੀ ਦੀ ਬੱਚਤ ਵੀ ਹੋ ਸਕੇ।

ਇਹ ਵੀ ਪੜ੍ਹੋ-  ਦੋਵੇਂ ਗੁਰਦੇ ਫੇਲ੍ਹ, ਇਲਾਜ ਅੱਧ ਵਿਚਾਲੇ ਛੱਡ ਪਾਕਿਸਤਾਨ ਪਰਤੀ ਨੂਰ ਜਹਾਂ

ਡਾਕਟਰ ਗੁਰਪ੍ਰੀਤ ਸਿੰਘ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਮੱਕੀ ਦੀ ਫ਼ਸਲ ਤੋਂ ਵਧੇਰੇ ਪੈਦਾਵਾਰ ਲੈਣ ਲਈ ਪ੍ਰਤੀ ਏਕੜ ਬੂਟਿਆਂ ਦੀ ਗਿਣਤੀ 33000 ਹੋਣੀ ਬਹੁਤ ਜ਼ਰੂਰੀ ਹੈ ਅਤੇ ਇਹ ਗਿਣਤੀ ਤਾਂ ਹੀ ਪੂਰੀ ਕੀਤੀ ਜਾ ਸਕਦੀ ਹੈ ਜੇਕਰ ਮੱਕੀ ਦੀ ਬਿਜਾਈ  ਨੁਮੈਟਿਕ ਪਲਾਂਟਰ ਨਾਲ ਜਾਂ ਵੱਟਾਂ ਉੱਪਰ ਚੋਗ ਕੇ ਕੀਤੀ ਜਾਵੇ । ਡਾ.ਬਲਜਿੰਦਰ ਸਿੰਘ ਬੈਂਸ ਨੇ ਕਿਹਾ ਕਿ ਜੇਕਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸਿਫ਼ਾਰਸ਼ ਕੀਤੀਆਂ ਮੱਕੀ ਦੀਆਂ ਕਾਸ਼ਤਕਾਰੀ ਤਕਨੀਕਾਂ ਅਪਣਾ ਕੇ ਮੱਕੀ ਦੀ ਕਾਸ਼ਤ ਕੀਤੀ ਜਾਵੇ ਤਾਂ ਕਿਸਾਨ ਚੰਗੀ ਆਮਦਨ ਲੈ ਸਕਦੇ ਹਨ।         

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News