ਪੰਜਾਬ ਨੂੰ ਮੁੜ ਖੁਸ਼ਹਾਲ ਬਣਾਉਣ ਲਈ ਭਾਜਪਾ ਦਾ ਸਾਥ ਦੇਣ ਦੀ ਲੋੜ : ਅਸ਼ਵਨੀ ਸ਼ਰਮਾ (ਵੀਡੀਓ)
Saturday, Feb 14, 2026 - 01:42 PM (IST)
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਦੀ ਮੌਜੂਦਾ ਸਥਿਤੀ 'ਤੇ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਪੰਜਾਬ, ਜੋ ਕਦੇ ਵੀਰਤਾ ਅਤੇ ਖੁਸ਼ਹਾਲੀ ਲਈ ਜਾਣਿਆ ਜਾਂਦਾ ਸੀ, ਅੱਜ ਨਸ਼ਿਆਂ ਅਤੇ ਗੈਂਗਸਟਰਵਾਦ ਦੀ ਲਪੇਟ 'ਚ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੇ ਗੌਰਵ ਨੂੰ ਬਹਾਲ ਕਰਨ ਲਈ ਅਤੇ ਵਿਕਾਸ ਦੀ ਦੌੜ 'ਚ ਅੱਗੇ ਲਿਜਾਣ ਲਈ ਭਾਜਪਾ ਦੀ ਸੋਚ ਨਾਲ ਜੁੜਨਾ ਸਮੇਂ ਦੀ ਮੁੱਖ ਲੋੜ ਹੈ।
ਪੰਜਾਬ 'ਚ ਕਾਨੂੰਨ ਦਾ ਨਹੀਂ, ਗੈਂਗਸਟਰਾਂ ਦਾ ਰਾਜ
ਅਸ਼ਵਨੀ ਸ਼ਰਮਾ ਨੇ ਸੂਬਾ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਅੱਜ ਪੰਜਾਬ 'ਚ ਕਾਨੂੰਨ ਦਾ ਕੋਈ ਡਰ ਨਹੀਂ ਰਿਹਾ ਅਤੇ ਇੱਥੇ 'ਗੈਂਗਸਟਰਾਂ ਦਾ ਰਾਜ' ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਵਪਾਰੀ ਅਤੇ ਆਮ ਲੋਕ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ, ਜਿਸ ਕਾਰਨ ਇੰਡਸਟਰੀ ਪੰਜਾਬ ਤੋਂ ਬਾਹਰ ਜਾ ਰਹੀ ਹੈ ਅਤੇ ਸੂਬੇ ਦੀ ਆਰਥਿਕਤਾ ਚਰਮਰਾ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅੱਜ ਪੰਜਾਬ ਦੇ ਲੋਕ ਯੋਗੀ ਆਦਿੱਤਿਆਨਾਥ ਵਰਗੇ ਸਖ਼ਤ ਰਾਜ ਦੀ ਮੰਗ ਕਰ ਰਹੇ ਹਨ ਤਾਂ ਜੋ ਕਾਨੂੰਨ ਵਿਵਸਥਾ ਬਹਾਲ ਹੋ ਸਕੇ।
ਇਹ ਵੀ ਪੜ੍ਹੋ : 'ਮੀਟ' ਦੀ ਵਿਕਰੀ 'ਤੇ ਮੁਕੰਮਲ ਪਾਬੰਦੀ! ਨਗਰ ਨਿਗਮ ਦਾ ਵੱਡਾ ਫ਼ੈਸਲਾ, ਚੰਡੀਗੜ੍ਹ 'ਚ 15 ਫਰਵਰੀ ਨੂੰ...
ਪ੍ਰਧਾਨ ਮੰਤਰੀ ਮੋਦੀ ਦਾ ਪੰਜਾਬ ਅਤੇ ਸਿੱਖ ਕੌਮ ਪ੍ਰਤੀ ਪਿਆਰ
ਅਸ਼ਵਨੀ ਸ਼ਰਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦਿਲ 'ਚ ਪੰਜਾਬ ਅਤੇ ਸਿੱਖਾਂ ਲਈ ਅਥਾਹ ਸਤਿਕਾਰ ਹੈ। ਉਨ੍ਹਾਂ ਉਦਾਹਰਣ ਦਿੰਦਿਆਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣਾ, ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ 'ਵੀਰ ਬਾਲ ਦਿਵਸ' ਵਜੋਂ ਵਿਸ਼ਵ ਪੱਧਰ 'ਤੇ ਮਾਨਤਾ ਦਿਵਾਉਣੀ ਅਤੇ 1984 ਦੇ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣਾ ਮੋਦੀ ਸਰਕਾਰ ਦੀਆਂ ਵੱਡੀਆਂ ਪ੍ਰਾਪਤੀਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਪੰਜਾਬ ਦੇ 35 ਰੇਲਵੇ ਸਟੇਸ਼ਨਾਂ ਨੂੰ ਅਪਗ੍ਰੇ਼ਡ ਕਰਨ ਅਤੇ ਹੇਮਕੁੰਟ ਸਾਹਿਬ ਲਈ ਰੋਪਵੇਅ ਵਰਗੇ ਪ੍ਰਾਜੈਕਟਾਂ 'ਤੇ ਕੰਮ ਕਰਕੇ ਵਿਕਾਸ ਦੀ ਵਚਨਬੱਧਤਾ ਦੁਹਰਾਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਵੱਡੀ ਖ਼ਬਰ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਜ਼ਰੂਰੀ ਅਪਡੇਟ
ਭਾਈਚਾਰਕ ਸਾਂਝ ਲਈ ਸੀ ਗਠਜੋੜ
ਪੁਰਾਣੇ ਗਠਜੋੜ ਬਾਰੇ ਬੋਲਦਿਆਂ ਸ਼ਰਮਾ ਨੇ ਸਪੱਸ਼ਟ ਕੀਤਾ ਕਿ ਭਾਜਪਾ ਲਈ ਪੰਜਾਬ 'ਚ ਗਠਜੋੜ ਸਿਰਫ਼ ਸਿਆਸੀ ਨਹੀਂ, ਸਗੋਂ ਇੱਕ 'ਸਮਾਜਿਕ ਗਠਜੋੜ' ਸੀ। ਉਨ੍ਹਾਂ ਕਿਹਾ ਕਿ ਅਟਲ ਜੀ ਅਤੇ ਅਡਵਾਣੀ ਜੀ ਵਰਗੇ ਆਗੂਆਂ ਦੀ ਸੋਚ ਸੀ ਕਿ ਸਰਹੱਦੀ ਸੂਬਾ ਹੋਣ ਨਾਤੇ ਪੰਜਾਬ ਦੀ ਸ਼ਾਂਤੀ ਅਤੇ ਹਿੰਦੂ-ਸਿੱਖ ਏਕਤਾ ਨੂੰ ਕਿਸੇ ਵੀ ਕੀਮਤ 'ਤੇ ਚੋਟ ਨਹੀਂ ਲੱਗਣੀ ਚਾਹੀਦੀ। ਉਨ੍ਹਾਂ ਅਖ਼ੀਰ 'ਚ ਸਭ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਨਸ਼ਾ ਮੁਕਤ ਅਤੇ ਵਿਕਾਸਸ਼ੀਲ ਬਣਾਉਣ ਲਈ ਭਾਜਪਾ ਦਾ ਸਾਥ ਦਿੱਤਾ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
