ਪੰਜਾਬ ਭਾਜਪਾ ਨੂੰ ਹਿਮਾਚਲ ਤੇ ਰਾਜਸਥਾਨ ਨੂੰ ਬੀ.ਬੀ.ਐੱਮ.ਬੀ. ’ਚ ਮੈਂਬਰਸ਼ਿਪ ਦੇਣ ਦਾ ਵਿਰੋਧ ਕਰਨਾ ਚਾਹੀਦੈ : ‘ਆਪ’
Friday, Oct 17, 2025 - 12:42 PM (IST)

ਜਲੰਧਰ/ਚੰਡੀਗੜ੍ਹ (ਧਵਨ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਦੋਸ਼ ਲਗਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਹਿਮਾਚਲ ਪ੍ਰਦੇਸ਼ ਅਤੇ ਰਾਜਸਥਾਨ ਨੂੰ ਬੀ.ਬੀ.ਐੱਮ.ਬੀ. ਵਿਚ ਸਥਾਈ ਮੈਂਬਰਸ਼ਿਪ ਦੇਣਾ ਚਾਹੁੰਦੀ ਹੈ, ਜਦ ਕਿ ਪੰਜਾਬ ਭਾਜਪਾ ਆਗੂਆਂ ਨੇ ਇਸ ਮਾਮਲੇ ’ਤੇ ਪੂਰੀ ਤਰ੍ਹਾਂ ਚੁੱਪੀ ਧਾਰੀ ਹੋਈ ਹੈ। ਨੀਲ ਗਰਗ ਨੇ ਸਵਾਲ ਕੀਤਾ ਕਿ ਕੇਂਦਰੀ ਮੰਤਰੀ ਰਵਨੀਤ ਬਿੱਟੂ ਅਤੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਜੋ ਅਕਸਰ ਪੰਜਾਬ ਸਰਕਾਰ ਦੇ ਕੰਮ ਬਾਰੇ ਟਵੀਟ ਕਰਦੇ ਹਨ, ਨੇ ਚੁੱਪੀ ਕਿਉਂ ਧਾਰੀ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਵੱਡੇ ਪੱਧਰ 'ਤੇ ਕੀਤੇ ਤਬਾਦਲੇ! ਪੜ੍ਹੋ ਪੂਰੀ List
ਕੇਂਦਰ ਸਰਕਾਰ ਫਿਰ ਤੋਂ ਪੰਜਾਬ ਨਾਲ ਬੀ.ਬੀ.ਐੱਮ.ਬੀ. ਸਬੰਧੀ ਦਬਾਅ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕੇਂਦਰ ਸਰਕਾਰ ਪੰਜਾਬ ਨਾਲ ਧੱਕਾ ਕਰ ਰਹੀ ਹੈ, ਪਹਿਲਾਂ ਕਦੇ ਨਹੀਂ ਹੋਇਆ। ਉਨ੍ਹਾਂ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਪੁੱਛਿਆ ਕਿ ਉਹ ਹੁਣ ਚੁੱਪ ਕਿਉਂ ਹਨ । ਕੇਂਦਰ ਪੰਜਾਬ ਨੂੰ ਉਸ ਦੇ ਅਧਿਕਾਰਾਂ ਤੋਂ ਵਾਂਝਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਆਪਣੇ ਪੱਤਰ ਵਿਚ ਜ਼ਿਕਰ ਕੀਤਾ ਹੈ ਕਿ ਉਹ ਹਿਮਾਚਲ ਅਤੇ ਰਾਜਸਥਾਨ ਨੂੰ ਸਥਾਈ ਮੈਂਬਰਸ਼ਿਪ ਦੇਣਾ ਚਾਹੁੰਦੀ ਹੈ। ਉਨ੍ਹਾਂ ਸੁਨੀਲ ਜਾਖੜ ਨੂੰ ਇਹ ਮੁੱਦਾ ਕੇਂਦਰ ਸਰਕਾਰ ਕੋਲ ਉਠਾਉਣ ਅਤੇ ਆਮ ਆਦਮੀ ਪਾਰਟੀ ਨਾਲ ਮਿਲ ਕੇ ਪੰਜਾਬ ਨਾਲ ਹੋ ਰਹੀ ਬੇਇਨਸਾਫੀ ਨੂੰ ਰੋਕਣ ਲਈ ਕੰਮ ਕਰਨ ਦੀ ਅਪੀਲ ਵੀ ਕੀਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 170,00,00,000 ਰੁਪਏ ਦਾ ਵੱਡਾ ਘਪਲਾ! ਹੋਸ਼ ਉਡਾ ਦੇਣਗੇ ਖ਼ੁਲਾਸੇ
ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਦਾ ਰਵੱਈਆ ਸ਼ੁਰੂ ਤੋਂ ਹੀ ਰਾਜ ਵਿਰੋਧੀ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਸੀ, ਤਾਂ ਵੀ ਉਹ ਕੇਂਦਰ ਸਰਕਾਰ ’ਤੇ ਪੰਜਾਬ ਨੂੰ ਪੂਰਾ ਮੁਆਵਜ਼ਾ ਦੇਣ ਲਈ ਦਬਾਅ ਨਹੀਂ ਪਾ ਸਕੇ। ਉਨ੍ਹਾਂ ਕਿਹਾ ਕਿ ਇਸ ਸਮੇਂ ਲੋੜ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਦੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਨੂੰ ਸਮਰਥਨ ਦੇਣ ਦੀ ਲੋੜ ਹੈ । ਕੇਂਦਰ ਸਰਕਾਰ ਨੂੰ ਆਪਣੀਆਂ ਸਾਰੀਆਂ ਬਕਾਇਆ ਗ੍ਰਾਂਟਾਂ ਵੀ ਜਾਰੀ ਕਰਨੀਆਂ ਚਾਹੀਦੀਆਂ ਹਨ।