ਭਾਜਪਾ ਸੰਸਦ ਕੰਗਣਾ ਰਣੌਤ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲੇ ਬਿਆਨ ਦੇ ਰਹੀ ਹੈ : ਨੀਲ ਗਰਗ

Sunday, Aug 25, 2024 - 04:21 PM (IST)

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ਦੇ ਵਿਵਾਦਿਤ ਬਿਆਨਾਂ ਲਈ ਉਨ੍ਹਾਂ ਦੀ ਸਖ਼ਤ ਨਿਖ਼ੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲੇ ਬਿਆਨ ਦੇ ਰਹੀ ਹੈ। ਐਤਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ 'ਚ ਨੀਲ ਗਰਗ ਨੇ ਕਿਹਾ ਕਿ ਕੰਗਣਾ ਰਣੌਤ ਕਦੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਵਾਲੇ ਬਿਆਨ ਦਿੰਦੀ ਹੈ ਅਤੇ ਕਦੇ ਪੰਜਾਬੀਆਂ ਨੂੰ ਅੱਤਵਾਦੀ ਦੱਸਦੀ ਹੈ। ਉਸ ਦੇ ਬਿਆਨਾਂ ਤੋਂ ਇੰਝ ਜਾਪਦਾ ਹੈ ਕਿ ਉਸ ਨੂੰ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਦਾ ਸਮਰਥਨ ਹਾਸਲ ਹੈ ਜਾਂ ਪਾਰਟੀ ਵਲੋਂ ਜਾਣ-ਬੁੱਝ ਕੇ ਉਸ ਨੂੰ ਅਜਿਹੇ ਬਿਆਨ ਦੇਣ ਲਈ ਕਿਹਾ ਜਾ ਰਿਹਾ ਹੈ।

ਗਰਗ ਨੇ ਕਿਹਾ ਕਿ ਭਾਜਪਾ ਕਿਸਾਨ ਅੰਦੋਲਨ ਦੇ ਸਮੇਂ ਤੋਂ ਹੀ ਪੰਜਾਬ ਨੂੰ ਨਿਸ਼ਾਨਾ ਬਣਾ ਰਹੀ ਹੈ, ਜੋ ਵੀ ਮੋਦੀ ਸਰਕਾਰ ਖ਼ਿਲਾਫ਼ ਆਵਾਜ਼ ਚੁੱਕਦਾ ਹੈ, ਉਸ ਨੂੰ ਕੇਂਦਰ ਸਰਕਾਰ ਵੱਲੋਂ ਬਦਨਾਮ ਕਰਨ ਜਾਂ ਪਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਪੰਜਾਬ ਨਾਲ ਵੀ ਅਜਿਹਾ ਹੀ ਕੀਤਾ ਜਾ ਰਿਹਾ ਹੈ। 'ਆਪ' ਨੇਤਾ ਨੇ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੂੰ ਕੰਗਨਾ ਦੇ ਵਿਵਾਦਿਤ ਬਿਆਨਾਂ 'ਤੇ ਕਾਬੂ ਪਾਉਣ ਦੀ ਅਪੀਲ ਕੀਤੀ।  ਇਸ ਨਾਲ ਪੰਜਾਬੀਆਂ ਨੂੰ ਹੀ ਨਹੀਂ, ਸਗੋਂ ਪੂਰੇ ਦੇਸ਼ ਨੂੰ ਗਲਤ ਸੰਦੇਸ਼ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਗੜਦਾ ਸਮਾਜਿਕ ਮਾਹੌਲ ਸਿਰਫ਼ ਇੱਕ ਸਮਾਜ ਜਾਂ ਸੂਬੇ ਨੂੰ ਨੁਕਸਾਨ ਨਹੀਂ ਪਹੁੰਚਾਉਂਦਾ, ਇਹ ਕਿਸੇ ਨਾ ਕਿਸੇ ਤਰ੍ਹਾਂ ਹਰ ਕਿਸੇ ਨੂੰ ਨੁਕਸਾਨ ਪਹੁੰਚਾਉਂਦਾ ਹੈ।


Babita

Content Editor

Related News