ਪਿੰਡ ਤਾਜੋਕੇ ਵਿਖੇ ਲਏ 22 ਸੈਂਪਲ ਦੀ ਰਿਪੋਰਟ ਆਈ ਨੈਗੇਟਿਵ
Saturday, May 23, 2020 - 12:54 PM (IST)
ਤਪਾ ਮੰਡੀ (ਸ਼ਾਮ,ਗਰਗ): ਸਿਹਤ ਤੇ ਪਰਿਵਾਰ ਭਲਾਈ ਵਿਭਾਗ ਮੰਤਰੀ ਸ. ਬਲਬੀਰ ਸਿੰਘ ਸਿੱਧੂ ਤੇ ਸਿਵਲ ਸਰਜਨ ਬਰਨਾਲਾ ਡਾ. ਗੁਰਿੰਦਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਜਸਬੀਰ ਸਿੰਘ ਔਲਖ ਦੀ ਅਗਵਾਈ 'ਚ ਪਿੰਡ ਤਾਜੋਕੇ ਵਿਖੇ ਅਹਿਤਿਆਤ ਵਜੋਂ ਕੋਵਿਡ-19 ਦੇ ਲਏ 22 ਸੈਂਪਲ ਦੀ ਰਿਪੋਰਟ ਨੈਗੇਟਿਵ ਆ ਗਈ ਹੈ। ਐੱਸ.ਐੱਮ.ਓ. ਡਾ.ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਪਿੰਡ ਤਾਜੋਕੇ ਦੇ ਇਕ 18 ਸਾਲਾ ਨੌਜਵਾਨ ਦੀ ਟੈਸਟ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਸਬ-ਡਵੀਜ਼ਨਲ ਹਸਪਤਾਲ ਤਪਾ ਦੇ ਡਾ.ਬਿਕਰਮਜੀਤ ਸਿੰਘ ਤੇ ਮੈਡੀਕਲ ਟੀਮ ਵਲੋਂ ਮਰੀਜ਼ ਦੇ ਪਰਿਵਾਰਕ ਮੈਂਬਰਾਂ, ਉਨ੍ਹਾਂ ਦੇ ਸੰਪਰਕ ਦੇ ਵਿਅਕਤੀਆਂ ਦੇ ਸੈਂਪਲ ਲਏ ਗਏ ਸਨ, ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਆ ਗਈ ਹੈ।
ਉਨ੍ਹਾਂ ਦੱਸਿਆ ਕਿ ਪਿੰਡ ਤਾਜੋਕੇ ਵਿਖੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਕਰਮਚਾਰੀਆਂ ਤੇ ਆਸ਼ਾ ਵਰਕਰਾਂ ਦੀਆਂ ਵੱਖ-ਵੱਖ ਟੀਮਾਂ ਵਲੋਂ ਆਈ.ਐੱਲ.ਆਈ.ਸਰਵੇ ਵੀ ਕੀਤਾ ਗਿਆ ਹੈ ਅਤੇ ਚੌਕਸੀ ਰੱਖੀ ਜਾ ਰਹੀ ਹੈ। ਐੱਸ.ਐੱਮ.ਓ. ਡਾ.ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਰੀਰਕ ਦੂਰੀ ਬਣਾ ਕੇ ਰੱਖਣੀ ਅਤੇ ਖਾਂਸੀ ਕਰਦੇ ਜਾ ਛਿੱਕਣ ਵੇਲੇ ਨੱਕ ਤੇ ਮੂੰਹ ਮਾਸਕ ਜਾਂ ਰੁਮਾਲ ਨਾਲ ਚੰਗੀ ਤਰ੍ਹਾਂ ਢੱਕ ਕੇ ਰੱਖਣਾ ਚਾਹੀਦਾ ਹੈ।ਹੱਥ ਮਿਲਾਉਣ ਤੋਂ ਪਰਹੇਜ਼ ਕਰਨ, ਆਪਣੇ ਹੱਥਾਂ ਨੂੰ ਦਿਨ 'ਚ ਕਈ ਵਾਰ ਚੰਗੀ ਤਰ੍ਹਾਂ ਸਾਬਣ ਤੇ ਸਾਫ ਪਾਣੀ ਜਾਂ ਸੈਨੀਟਾਈਜ਼ਰ ਨਾਲ ਧੌਂਦੇ ਰਹਿਣ ਦੀ ਜ਼ਰੂਰਤ ਹੈ।ਪੋਸ਼ਟਿਕ ਭੋਜਨ ਦਾ ਸੇਵਨ ਕੀਤਾ ਜਾਵੇ, ਜਿਸ ਨਾਲ ਰੋਗਾਂ ਨਾਲ ਲੜਣ ਦੀ ਸ਼ਕਤੀ ਵਿਚ ਵਾਧਾ ਹੋਵੇ। ਉਨ੍ਹਾਂ ਦੱਸਿਆ ਕਿ ਬੁਖਾਰ, ਖਾਂਸੀ, ਸਾਹ ਲੈਣ ਵਿਚ ਤਕਲੀਫ, ਥਕਾਵਟ, ਸਿਰਦਰਦ ਤੇ ਨਮੋਨੀਆਂ ਹੋਣਾ ਇਸ ਬੀਮਾਰੀ ਦੇ ਲੱਛਣ ਹਨ। ਅਜਿਹੇ ਲੱਛਣ ਹੋਣ 'ਤੇ ਤੁਰੰਤ ਨੇੜਲੇ ਸਰਕਾਰੀ ਸਿਹਤ ਕੇਂਦਰ ਤੋਂ ਇਲਾਜ ਕਰਾਉਣਾ ਚਾਹੀਦਾ ਹੈ।