ਗੁਰਦਾਸਪੁਰ 'ਚ ਰੂਹ ਕੰਬਾਊ ਵਾਰਦਾਤ, ਗੁਆਂਢੀਆਂ ਨੇ ਬੇਰਹਿਮੀ ਨਾਲ ਕੁੱਟ ਕੇ ਕੀਤਾ ਵਿਅਕਤੀ ਦਾ ਕਤਲ
Tuesday, Mar 07, 2023 - 04:09 PM (IST)

ਗੁਰਦਾਸਪੁਰ (ਗੁਰਪ੍ਰੀਤ ਸਿੰਘ)- ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਖਾਨਫ਼ਤਾ 'ਚ ਮਾਮੂਲੀ ਗੱਲ ਨੂੰ ਲੈ ਕੇ ਇਕ ਵਿਅਕਤੀ ਦੀ ਗੁਆਂਢੀਆਂ ਵਲੋਂ ਬੁਰੀ ਤਰ੍ਹਾਂ ਨਾਲ ਕੁੱਟ-ਮਾਰ ਕਰ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪਿੰਡ ਖਾਨਫ਼ਤਾ ਦੇ ਰਹਿਣ ਵਾਲੇ ਅਮਰੀਕ ਸਿੰਘ 'ਤੇ ਬੀਤੀ ਰਾਤ ਉਸਦੇ ਗੁਆਂਢੀਆਂ ਨੇ ਹਮਲਾ ਕਰਕੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਸੀ। ਜਿਸ ਦੌਰਾਨ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।
ਇਹ ਵੀ ਪੜ੍ਹੋ- ਅੰਮ੍ਰਿਤਸਰ ਵਿਖੇ ਹਸਪਤਾਲ ਦੀ ਲਿਫ਼ਟ 'ਚ ਭਿੜੇ ਦੋ ਨੌਜਵਾਨ, ਦੂਜੀ ਮੰਜ਼ਿਲ ਤੋਂ ਹੇਠਾਂ ਡਿੱਗਣ ਕਾਰਨ ਇਕ ਦੀ ਮੌਤ
ਮ੍ਰਿਤਕ ਅਮਰੀਕ ਸਿੰਘ ਦੇ ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਅਮਰੀਕ ਸਿੰਘ ਆਪਣੇ ਘਰ ਨੂੰ ਮਜ਼ਬੂਤ ਕਰਨ ਲਈ ਗੁਆਂਢੀ ਘਰ ਦੀ ਸਾਂਝੀ ਕੰਧ ਦੀ ਮੁਰੰਮਤ ਕਰ ਰਿਹਾ ਸੀ। ਜਿਸ ਦੌਰਾਨ ਗੁਆਂਢੀਆਂ ਸਣੇ 10 ਲੋਕਾਂ ਨੇ ਅਚਾਨਕ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਉਕਤ ਵਿਅਕਤੀਆਂ ਨੇ ਅਮਰੀਕ ਸਿੰਘ ਨੂੰ ਘਰ ਦੀ ਛੱਤ ਤੋਂ ਹੇਠਾਂ ਸੁੱਟ ਦਿੱਤਾ, ਜਿਸ ਕਾਰਨ ਅਮਰੀਕ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਖ਼ਾਲਿਸਤਾਨ ਦੇ ਹੱਕ 'ਚ ਨਾਅਰੇਬਾਜ਼ੀ, ਅੱਤਵਾਦੀ ਪੰਨੂ ਨੇ ਮੁੜ ਦਿੱਤੀ ਗਿੱਦੜ-ਭਬਕੀ
ਇਸ ਮਾਮਲੇ 'ਚ ਪੁਲਸ ਜਾਂਚ ਅਧਿਕਾਰੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਮ੍ਰਿਤਕ ਦੀ ਲਾਸ਼ ਕਬਜ਼ੇ 'ਚ ਲੈ ਸਿਵਲ ਹਸਪਤਾਲ ਬਟਾਲਾ ਤੋਂ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਥਾਣਾ ਕਿਲਾ ਲਾਲ ਸਿੰਘ 'ਚ ਕਤਲ ਦਾ ਮਾਮਲਾ ਦਰਜ ਕਰ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਥੇ ਹੀ ਮ੍ਰਿਤਕ ਦਾ ਪਰਿਵਾਰ ਇਨਸਾਫ਼ ਦੀ ਗੁਹਾਰ ਲਗਾ ਰਿਹਾ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।