ਪਠਾਨਕੋਟ 'ਚ ਬਣੇਗਾ ਨਵਾਂ ਸਰਕਟ ਹਾਊਸ, ਸਾਲ 2024 ਤੱਕ ਮੁਕੰਮਲ ਕਰਨ ਦਾ ਟੀਚਾ

Wednesday, Aug 31, 2022 - 04:31 PM (IST)

ਚੰਡੀਗੜ੍ਹ : ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਕਿਹਾ ਕਿ ਪਠਾਨਕੋਟ ਵਿਖੇ ਨਵਾਂ ਸਰਕਟ ਹਾਊਸ ਬਣੇਗਾ, ਜਿਸ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦੇ ਦਿੱਤੇ ਹਨ। ਇਹ ਨਵਾਂ ਸਰਕਟ ਹਾਊਸ 8 ਕਰੋੜ ਦੀ ਲਾਗਤ ਨਾਲ ਕਰੀਬ ਦੋ ਏਕੜ ਰਕਬੇ ਵਿੱਚ ਬਣੇਗਾ, ਜਿਸ ਨੂੰ ਮਾਰਚ 2024 ਤੱਕ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਮੁੱਖ ਸਕੱਤਰ ਨੇ ਅੱਜ ਇੱਥੇ ਪਠਾਨਕੋਟ ਵਿਖੇ ਨਵੇਂ ਬਣਨ ਵਾਲੇ ਸਰਕਟ ਹਾਊਸ ਸਬੰਧੀ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਦੌਰਾਨ ਇਸ ਸੰਬੰਧੀ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ 'ਚ ਹੁਣ ਪਤਨੀ ਦੇ ਨਾਂ 'ਤੇ ਸਰਪੰਚੀ ਨਹੀਂ ਕਰ ਸਕਣਗੇ ਘਰਵਾਲੇ, ਜਾਰੀ ਹੋਏ ਸਖ਼ਤ ਹੁਕਮ  

ਜੰਜੂਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਵਿਭਾਗਾਂ ਨੂੰ ਮਜ਼ਬੂਤ ਕਰਨ ਅਤੇ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਸਰਹੱਦੀ ਜ਼ਿਲ੍ਹੇ ਪਠਾਨਕੋਟ ਵਿਖੇ ਨਵਾਂ ਸਰਕਟ ਹਾਊਸ ਬਣਾਉਣ ਦੇ ਨਿਰਦੇਸ਼ਾਂ ਤਹਿਤ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਅਤੇ ਸੁਰੱਖਿਆ ਦੇ ਪੱਖ ਤੋਂ ਸੰਵੇਦਨਸ਼ੀਲ, ਗੁਆਂਢੀ ਸੂਬਿਆਂ ਵਿੱਚ ਜਾਣ ਵਾਲੀਆਂ ਭਾਰਤ ਸਰਕਾਰ ਦੀਆਂ ਅਹਿਮ ਸ਼ਖ਼ਸੀਅਤਾਂ ਦੇ ਆਉਣ-ਜਾਣ ਅਤੇ ਸੈਰ ਸਪਾਟਾ ਤੇ ਧਾਰਮਿਕ ਕੇਂਦਰ ਹੋਣ ਕਾਰਨ ਪਠਾਨਕੋਟ ਵਿਖੇ ਸਰਕਟ ਹਾਊਸ ਦੀ ਬਹੁਤ ਲੋੜ ਹੈ। ਮੁੱਖ ਸਕੱਤਰ ਨੇ ਸਰਕਟ ਹਾਊਸ ਲਈ ਲੋੜੀਂਦੀ ਬਿਜਲੀ ਵਿਭਾਗ ਦੀ 15 ਕਨਾਲ ਦੀ ਥਾਂ ਦੀ ਮਲਕੀਅਤ ਬਦਲਣ ਲਈ ਪੀ. ਐੱਸ. ਪੀ. ਸੀ. ਐੱਲ. ਨੂੰ ਲਿਖਣ ਅਤੇ ਉਸਾਰੀ ਲਈ ਫੰਡ ਜਾਰੀ ਕਰਨ ਲਈ ਵਿੱਤ ਵਿਭਾਗ ਨੂੰ ਨਿਰਦੇਸ਼ ਦੇਣ ਲਈ ਕਿਹਾ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਸਣੇ 9 ਲੋਕਾਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ, ਜਾਣੋ ਪੂਰਾ ਮਾਮਲਾ

ਪਹਿਲੇ ਪੜਾਅ ਵਿੱਚ ਮੌਜੂਦਾ ਵਿੱਤੀ ਸਾਲ 2022-23 ਲਈ 3 ਕਰੋੜ ਰੁਪਏ ਦੀ ਰਾਸ਼ੀ ਅਤੇ ਬਾਕੀ ਰਾਸ਼ੀ ਅਗਲੇ ਵਿੱਤੀ ਸਾਲ ਵਿੱਚ ਜਾਰੀ ਕਰਨ ਲਈ ਕਿਹਾ ਅਤੇ ਇਸ ਦੀ ਉਸਾਰੀ ਅਗਲੇ ਵਿੱਤੀ ਸਾਲ ਦੇ ਅਖੀਰ ਮਾਰਚ 2024 ਤੱਕ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਹੈ। ਸਰਕਟ ਹਾਊਸ ਵਿੱਚ ਕੁੱਲ 12 ਕਮਰੇ ਹੋਣਗੇ। ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਲੋਕ ਨਿਰਮਾਣ ਅਨੁਰਾਗ ਵਰਮਾ, ਪ੍ਰਮੁੱਖ ਸਕੱਤਰ ਬਿਜਲੀ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਵਿਵੇਕ ਪ੍ਰਤਾਪ ਸਿੰਘ ਤੇ ਸਕੱਤਰ ਆਮ ਰਾਜ ਪ੍ਰਬੰਧ ਕੁਮਾਰ ਰਾਹੁਲ ਅਤੇ ਡਿਪਟੀ ਕਮਿਸ਼ਨਰ ਪਠਾਨਕੋਟ ਹਰਬੀਰ ਸਿੰਘ ਵੀ ਹਾਜ਼ਰ ਸਨ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News