ਖਨਨ ਅਤੇ ਸੈਰ-ਸਪਾਟਾ ਵਿਭਾਗ ’ਚ ਸਾਰਥਕ ਨਤੀਜਿਆਂ ਲਈ ਕੀਤੇ ਜਾ ਰਹੇ ਨਵੇਂ ਉਪਰਾਲੇ : ਹਰਜੋਤ ਬੈਂਸ
Thursday, Mar 24, 2022 - 04:27 PM (IST)
ਚੰਡੀਗੜ੍ਹ (ਬਿਊਰੋ)-ਸਮਾਂਬੱਧ ਤੇ ਕੁਸ਼ਲ ਪ੍ਰਸ਼ਾਸਨ ਸਬੰਧੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ 9 ਵਜੇ ਦਫ਼ਤਰ ਪਹੁੰਚ ਕੇ ਨਵੀਂ ਮਾਈਨਿੰਗ ਪਾਲਿਸੀ ਦੇ ਸੰਬੰਧ ’ਚ ਮਾਹਿਰਾਂ ਨਾਲ ਮੁਲਾਕਾਤਾਂ ਕੀਤੀਆਂ। ਖਨਨ ਅਤੇ ਭੂ-ਵਿਗਿਆਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਜੇਲ੍ਹਾਂ ਅਤੇ ਕਾਨੂੰਨੀ ਤੇ ਵਿਧਾਨਕ ਮਾਮਲਿਆਂ ਬਾਰੇ ਮੰਤਰੀ ਨੇ ਆਪਣੇ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਹੋਰ ਸਟਾਫ਼ ਮੈਂਬਰਾਂ ਨੂੰ ਸਮੇਂ ਸਿਰ ਦਫ਼ਤਰ ਪਹੁੰਚਣ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਆਪਣੀ ਪੂਰੀ ਵਾਹ ਲਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਨਵੀਂ ਬਣੀ 'ਆਪ' ਸਰਕਾਰ ਦਾ ਉਦੇਸ਼ ਨਾਗਰਿਕਾਂ ਨੂੰ ਸਮੇਂ ਸਿਰ ਅਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨਾ ਹੈ ਅਤੇ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੰਤਰੀ ਨੇ ਕਿਹਾ ਕਿ ਮੈਂ ਸੂਬੇ ਦੀ ਬਿਹਤਰੀ ਲਈ ਦਿਨ-ਰਾਤ ਕੰਮ ਕਰਾਂਗਾ ਅਤੇ ਖਨਨ ਅਤੇ ਸੈਰ ਸਪਾਟਾ ਵਿਭਾਗਾਂ ’ਚ ਨਵੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ। ਬੈਂਸ ਨੇ ਇਸ ਗੱਲ ਦੀ ਮੁੜ ਪੁਸ਼ਟੀ ਕੀਤੀ ਕਿ ਖਨਨ ਅਤੇ ਜੇਲ੍ਹਾਂ ਵਿਭਾਗ ’ਚ ਭ੍ਰਿਸ਼ਟਾਚਾਰ ਨੂੰ ਹਰ ਹੀਲੇ ਰੋਕਿਆ ਜਾਵੇਗਾ ਅਤੇ ਪੰਜਾਬ ਸਰਕਾਰ ਵੱਲੋਂ ਨਵੀਂ ਖਨਨ ਨੀਤੀ ਬਣਾਈ ਜਾ ਰਹੀ ਹੈ, ਜਿਸ ਨਾਲ ਮਾਲੀਏ ’ਚ ਭਾਰੀ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ ਅਤੇ ਇਸ ’ਤੇ ਆਉਣ ਵਾਲੀਆਂ ਸ਼ਿਕਾਇਤਾਂ ਦਾ ਨਿਪਟਾਰਾ ਤਰਜੀਹੀ ਆਧਾਰ ’ਤੇ ਕੀਤਾ ਜਾਵੇਗਾ।