ਨਿਊ ਜਰਸੀ-ਇੰਡੀਆ ਕਮਿਸ਼ਨ ਦਾ ਵਫ਼ਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਇਆ ਨਤਮਸਤਕ
Saturday, Dec 14, 2024 - 11:52 PM (IST)
ਜੈਤੋ (ਪਰਾਸ਼ਰ) - ਸੰਯੁਕਤ ਰਾਜ ਅਮਰੀਕਾ ਤੋਂ ਨਿਊ ਜਰਸੀ-ਇੰਡੀਆ ਕਮਿਸ਼ਨ ਦੇ ਇਕ ਵਫ਼ਦ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਵਫ਼ਦ ਵਿਚ ਨਿਊ ਜਰਸੀ-ਇੰਡੀਆ ਕਮਿਸ਼ਨ ਦੇ ਕਾਰਜਕਾਰੀ ਨਿਰਦੇਸ਼ਕ ਰਾਜਪਾਲ ਸਿੰਘ ਬਾਠ, ਡਾ. ਗੁਰਬੀਰ ਸਿੰਘ ਜੌਹਲ, ਬਿਕਰਮ ਸਿੰਘ ਗਿੱਲ, ਗੁਰਮੀਤ ਸਿੰਘ ਤੇ ਗੁਰਪ੍ਰੀਤ ਸਿੰਘ ਪਸਰੀਚਾ ਸ਼ਾਮਲ ਸਨ, ਜਿਨ੍ਹਾਂ ਦਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਤੇ ਮੈਂਬਰ ਗੁਰਮੀਤ ਸਿੰਘ ਬੂਹ ਨੇ ਸ੍ਰੀ ਦਰਬਾਰ ਸਾਹਿਬ ਪੁੱਜਣ ’ਤੇ ਸਵਾਗਤ ਤੇ ਸਨਮਾਨ ਕੀਤਾ।
ਵਫ਼ਦ ਦੇ ਆਗੂ ਰਾਜਪਾਲ ਸਿੰਘ ਬਾਠ ਨੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਖੁਸ਼ੀ ਦਾ ਮੌਕਾ ਹੈ। ਉਨ੍ਹਾਂ ਕਿਹਾ ਕਿ ਨਿਊ ਜਰਸੀ-ਇੰਡੀਆ ਕਮਿਸ਼ਨ ’ਚ ਸਮੂਹ ਭਾਈਚਾਰਿਆਂ ਦੇ ਲੋਕ ਸ਼ਾਮਲ ਹਨ ਅਤੇ ਇਸ ਕਮਿਸ਼ਨ ਦਾ ਕੰਮ ਆਪਸੀ ਕਾਰੋਬਾਰ, ਸੱਭਿਆਚਾਰ ਤੇ ਸਿੱਖਿਆ ਦੇ ਖੇਤਰ ਵਿੱਚ ਮੌਕਿਆਂ ਦੀ ਭਾਲ ਕਰ ਕੇ ਸਾਂਝ ਮਜ਼ਬੂਤ ਕਰਨਾ ਹੈ। ਬਾਠ ਨੇ ਕਿਹਾ ਕਿ ਨਿਊ ਜਰਸੀ ਦੀ ਸਰਕਾਰ ਸਿੱਖਾਂ ਤੇ ਪੰਜਾਬੀਆਂ ਦਾ ਬਹੁਤ ਮਾਣ-ਸਤਿਕਾਰ ਕਰਦੀ ਹੈ ਅਤੇ ਉਨ੍ਹਾਂ ਗੁਰੂ ਸਾਹਿਬ ਕੋਲ ਅਰਦਾਸ ਕੀਤੀ ਹੈ ਕਿ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਰਹੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਐਡੀਸ਼ਨਲ ਸਕੱਤਰ ਤੇਜਿੰਦਰ ਸਿੰਘ ਪੱਡਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਰੂਬੀ, ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਰਣਧੀਰ ਸਿੰਘ, ਸਤਿੰਦਰਪਾਲ ਸਿੰਘ ਆਦਿ ਹਾਜ਼ਰ ਸਨ।