ਪੰਜਾਬ ’ਚ 21 ਹੋਰ ਨਵੀਆਂ ਜਨਤਕ ਰੇਤ ਖੱਡਾਂ ਲੋਕਾਂ ਨੂੰ ਹੋਣਗੀਆਂ ਸਮਰਪਿਤ : ਮੀਤ ਹੇਅਰ
Thursday, Mar 02, 2023 - 11:05 AM (IST)
ਚੰਡੀਗੜ੍ਹ (ਅਸ਼ਵਨੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬਾ ਵਾਸੀਆਂ ਨੂੰ ਸਸਤੀਆਂ ਦਰਾਂ ’ਤੇ ਰੇਤ ਦੀ ਸਪਲਾਈ ਦੀ ਵਚਨਬੱਧਤਾ ’ਤੇ ਪਹਿਰਾ ਦਿੰਦਿਆਂ ਮਾਈਨਿੰਗ ਵਿਭਾਗ ਵਲੋਂ ਆਮ ਲੋਕਾਂ ਲਈ ਸ਼ੁਰੂ ਕੀਤੀਆਂ ਜਨਤਕ ਖੱਡਾਂ ਦੀ ਗਿਣਤੀ 15 ਮਾਰਚ ਤੱਕ 32 ਖੱਡਾਂ ਤੋਂ ਵਧਾ ਕੇ 50 ਤੱਕ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਹ ਜਾਣਕਾਰੀ ਮਾਈਨਿੰਗ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇੱਥੇ ਪੰਜਾਬ ਭਵਨ ਵਿਖੇ ਵਿਭਾਗ ਦੇ ਸਮੂਹ ਜ਼ਿਲਾ ਅਧਿਕਾਰੀਆਂ ਨਾਲ ਜਨਤਕ ਖੱਡਾਂ ਦੇ ਕੰਮ ਦੀ ਸਮੀਖਿਆ ਲਈ ਰੱਖੀ ਮੀਟਿੰਗ ਦੌਰਾਨ ਦਿੱਤੀ। ਮੀਟਿੰਗ ਦੌਰਾਨ ਦੱਸਿਆ ਗਿਆ ਕਿ ਮੁੱਖ ਮੰਤਰੀ ਵਲੋਂ 6 ਫਰਵਰੀ ਨੂੰ ਜਨਤਕ ਖੱਡਾਂ ਤੋਂ ਲੋਕਾਂ ਨੂੰ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਰੇਤ ਦੀ ਸਪਲਾਈ ਦੇਣ ਦੇ ਉਦਘਾਟਨ ਤੋਂ ਬਾਅਦ ਤਿੰਨ ਹਫ਼ਤਿਆਂ ਦੇ ਛੋਟੇ ਸਮੇਂ ਦੌਰਾਨ ਆਮ ਲੋਕਾਂ ਨੇ ਹੁਣ ਤੱਕ 19,516 ਟਰਾਲੀਆਂ ਰਾਹੀਂ 1,99,991.67 ਮੀਟਰਿਕ ਟਨ ਰੇਤਾ ਵਰਤਿਆ ਹੈ। ਲੋਕਾਂ ਵਲੋਂ ਜਿੱਥੇ ਭਰਵਾਂ ਹੁੰਗਾਰਾ ਮਿਲਿਆ ਹੈ, ਉੱਥੇ ਹੀ ਸਥਾਨਕ ਕਿਰਤੀਆਂ ਨੂੰ ਵੀ ਕੰਮ ਮਿਲਿਆ ਹੈ। ਇਸ ਨਾਲ ਬਹੁਤ ਸਾਰੇ ਨੌਜਵਾਨਾਂ ਨੂੰ ਸਿੱਧੇ ਤੇ ਅਸਿੱਧੇ ਤੌਰ ’ਤੇ ਰੁਜ਼ਗਾਰ ਮਿਲਿਆ ਹੈ। ਮੀਤ ਹੇਅਰ ਨੇ ਅੱਗੇ ਕਿਹਾ ਕਿ ਜੇਕਰ ਮਾਈਨਿੰਗ ਵਾਸਤੇ ਕੋਈ ਵੀ ਵਿਅਕਤੀ ਆਪਣੀ ਜ਼ਮੀਨ ਦੇਣਾ ਚਾਹੁੰਦਾ ਹੈ ਤਾਂ ਉਹ ਵਿਭਾਗ ਦੇ ਜ਼ਿਲਾ ਮਾਈਨਿੰਗ ਅਧਿਕਾਰੀ ਕੋਲ ਪਹੁੰਚ ਕਰ ਸਕਦਾ ਹੈ। ਇਸ ਤੋਂ ਇਲਾਵਾ ਵਿਭਾਗ ਦੇ ਟੋਲ ਫ੍ਰੀ ਨੰਬਰ 18001802422 ’ਤੇ ਸੰਪਰਕ ਕਰ ਸਕਦਾ ਹੈ ਜਾਂ ਈਮੇਲ ਮੇਲ ਭੇਜ ਸਕਦਾ ਹੈ। ਮੀਟਿੰਗ ਵਿਚ ਲੋਕਾਂ ਦੀ ਮੰਗ ਨੂੰ ਦੇਖਦਿਆਂ ਅਤੇ ਸੂਬਾ ਵਾਸੀਆਂ ਨੂੰ ਸਸਤੀ ਰੇਤ ਦੀ ਸਪਲਾਈ ਵਧਾਉਣ ਲਈ ਅੱਜ ਜ਼ਿਲਾ ਅਧਿਕਾਰੀਆਂ ਨੂੰ ਆਪੋ-ਆਪਣੇ ਖੇਤਰਾਂ ਵਿਚ ਹੋਰ ਜਨਤਕ ਖੱਡਾਂ ਦੀ ਸ਼ਨਾਖ਼ਤ ਕਰਨ ਲਈ ਆਖਿਆ। ਲੁਧਿਆਣਾ ਸੂਬੇ ਦਾ ਕੇਂਦਰ ਹੋਣ ਕਰਕੇ ਇਸ ਜ਼ਿਲੇ ਵਿਚ ਵੱਧ ਤੋਂ ਵੱਧ ਜਨਤਕ ਖੱਡਾਂ ਸਥਾਪਿਤ ਕਰਨ ਲਈ ਆਖਿਆ।
ਇਹ ਵੀ ਪੜ੍ਹੋ : ਕੈਨੇਡਾ-ਅੰਮ੍ਰਿਤਸਰ ਵਿਚਕਾਰ ਇਕ ਹੋਰ ਫਲਾਈਟ ਬੰਦ ਹੋਣ ਕਾਰਨ ਯਾਤਰੀ ਨਿਰਾਸ਼
ਮਾਈਨਿੰਗ ਮੰਤਰੀ ਨੇ ਕਿਹਾ ਕਿ ਇਕ ਵੱਡੀ ਲੋਕ-ਪੱਖੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਿੱਟ ਹੈੱਡ ਤੋਂ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਰੇਤ ਦੀ ਸਪਲਾਈ ਦੇਣ ਦੇ ਨਿਰਦੇਸ਼ਾਂ ਦੀ ਪਾਲਣਾ ਲਈ ਹੁਣ ਤੱਕ 14 ਜ਼ਿਲਿਆਂ ਵਿਚ 33 ਰੇਤ ਖੱਡਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਗਈਆਂ ਹਨ ਅਤੇ ਸੂਬਾ ਸਰਕਾਰ ਨੇ ਲੋਕਾਂ ਦੀ ਸਹੂਲਤ ਲਈ 150 ਜਨਤਕ ਰੇਤ ਖੱਡਾਂ ਚਾਲੂ ਕਰਨ ਦਾ ਟੀਚਾ ਰੱਖਿਆ ਹੈ, ਜਿਸ ਤਹਿਤ 15 ਮਾਰਚ ਤੱਕ 50 ਖੱਡਾਂ ਚਾਲੂ ਕਰਨ ਦਾ ਟੀਚਾ ਹੈ। ਮੀਟਿੰਗ ਵਿਚ ਹਰ ਜਨਤਕ ਖੱਡ ਦੇ ਕੰਮ ਬਾਰੇ ਜਾਣਕਾਰੀ ਲਈ ਅਤੇ ਜਿੱਥੇ ਵੀ ਕੋਈ ਦਿੱਕਤ ਆ ਰਹੀ ਹੈ, ਉਸ ਬਾਰੇ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਕੁਝ ਥਾਂਵਾਂ ’ਤੇ ਪੰਚਾਇਤ ਵਲੋਂ ਕੰਮ ਵਿਚ ਅੜਚਨ ਪਾਉਣ ਦਾ ਮਾਮਲਾ ਸਾਹਮਣੇ ਆਇਆ, ਜਿਸ ਵਾਰੇ ਮਾਈਨਿੰਗ ਮੰਤਰੀ ਨੇ ਉਚ ਅਧਿਕਾਰੀਆਂ ਨੂੰ ਪੰਚਾਇਤ ਵਿਭਾਗ ਨਾਲ ਗੱਲ ਕਰਨ ਲਈ ਆਖਿਆ। ਮੀਟਿੰਗ ਵਿਚ ਵਿਭਾਗ ਦੇ ਪ੍ਰਮੁੱਖ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ, ਡਾਇਰੈਕਟਰ ਡੀ. ਪੀ. ਐੱਸ. ਖਰਬੰਦਾ, ਚੀਫ਼ ਇੰਜੀਨੀਅਰ ਐੱਨ.ਕੇ. ਜੈਨ, ਐੱਸ. ਈ. ਮਨੋਜ ਬਾਂਸਲ ਅਤੇ ਸਮੂਹ ਜ਼ਿਲਿਆਂ ਦੇ ਮਾਈਨਿੰਗ ਅਧਿਕਾਰੀ ਤੇ ਜੋਨਲ ਡੀ. ਐੱਸ. ਪੀ. ਹਾਜ਼ਰ ਸਨ।
ਇਹ ਵੀ ਪੜ੍ਹੋ : ਦਿੱਲੀ ਦੇ ਆਬਕਾਰੀ ਘਪਲੇ ਦੀ ਜਾਂਚ ਪੰਜਾਬ ਤੱਕ ਵਧਾਈ ਜਾਵੇ : ਮਜੀਠੀਆ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ