2800 ਸਹਾਇਕ ਲਾਈਨਮੈਨਾਂ ਦੀ ਨਵੀਂ ਭਰਤੀ ਛੇਤੀ : ਰਾਣਾ ਗੁਰਜੀਤ

12/07/2017 6:58:05 AM

ਚੰਡੀਗੜ੍ਹ  (ਭੁੱਲਰ) - ਕਾਂਗਰਸ ਸਰਕਾਰ ਵੱਲੋਂ ਸੂਬੇ ਦੇ ਹਰੇਕ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਦੇਣ ਦੇ ਕੀਤੇ ਚੋਣ ਵਾਅਦੇ ਨੂੰ ਤੇਜ਼ੀ ਨਾਲ ਲਾਗੂ ਕਰਨ ਦੇ ਜ਼ੋਰਦਾਰ ਉਪਰਾਲੇ ਕੀਤੇ ਜਾ ਰਹੇ ਹਨ। ਇਹ ਗੱਲ ਪੰਜਾਬ ਦੇ ਬਿਜਲੀ ਅਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਸਿੰੰਘ ਨੇ ਪੀ. ਐੱਸ. ਪੀ. ਸੀ. ਐੱਲ. (ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ) ਅਤੇ ਪੀ. ਐੱਸ. ਟੀ. ਸੀ. ਐੱਲ. (ਪੰਜਾਬ ਰਾਜ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ)  ਦੇ 25 ਮ੍ਰਿਤਕ ਕਰਮਚਾਰੀਆਂ ਦੇ ਆਸ਼ਰਿਤਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਕਹੀ। ਅਜਿਹੇ ਕੁੱਲ 223 ਲਾਭਪਾਤਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣੇ ਹਨ। ਉਨ੍ਹਾਂ ਅੱਜ ਇਥੇ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਕਿਹਾ ਕਿ ਜਿਹੜੇ ਨੌਜਵਾਨਾਂ ਨੂੰ ਅੱਜ ਨਿਯੁਕਤੀ ਪੱਤਰ ਸੌਂਪੇ ਗਏ ਹਨ, ਉਨ੍ਹਾਂ ਨੂੰ ਯੋਗਤਾ ਦੇ ਅਨੁਸਾਰ ਉਨ੍ਹਾਂ ਦੀ ਰਿਹਾਇਸ਼ ਦੇ ਨੇੜਲੇ ਸਟੇਸ਼ਨਾਂ 'ਤੇ ਨਿਯੁਕਤ ਕੀਤਾ ਜਾਵੇਗਾ। ਰਾਣਾ ਗੁਰਜੀਤ ਸਿੰਘ ਨੇ ਅੱਗੇ ਦੱਸਿਆ ਕਿ ਕਾਂਗਰਸ ਵੱਲੋਂ ਪੰਜਾਬ ਵਿਚ ਹਕੂਮਤ ਸੰਭਾਲਣ ਤੋਂ ਬਾਅਦ ਪੀ. ਐੱਸ. ਪੀ. ਸੀ. ਐੱਲ. ਅਤੇ ਪੀ. ਐੱਸ. ਟੀ. ਸੀ. ਐੱਲ. ਵਿਚ ਕੰਮ ਕਰਦੇ 384 ਮ੍ਰਿਤਕ ਕਰਮਚਾਰੀਆਂ ਦੇ ਆਸ਼ਰਿਤਾਂ ਨੂੰ ਰੋਜ਼ਗਾਰ ਦਿੱਤਾ ਗਿਆ ਹੈ।
ਸਰਕਾਰ ਦੀਆਂ ਭਵਿੱਖ ਦੀਆਂ ਯੋਜਨਾਵਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਜਲਦੀ ਹੀ ਪੀ. ਐੱਸ. ਪੀ. ਸੀ. ਐੱਲ. ਤੇ ਪੀ. ਐੱਸ. ਟੀ. ਸੀ. ਐੱਲ. ਵਿਚ 2800 ਸਹਾਇਕ ਲਾਈਨਮੈਨ, 300 ਕਲਰਕ, 253 ਸਬ ਸਟੇਸ਼ਨ ਅਟੈਂਡੈਂਟ ਅਤੇ 300 ਜੂਨੀਅਰ ਇੰਜੀਨੀਅਰ ਭਰਤੀ ਕੀਤੇ ਜਾਣਗੇ।
ਇਸ ਦੌਰਾਨ ਬਿਜਲੀ ਮੁਲਾਜ਼ਮਾਂ ਦੀ ਪ੍ਰਮੱਖ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਦੇ ਸੂਬਾਈ ਕਨਵੀਨਰ ਗੁਰਵੇਲ ਸਿੰਘ ਬੱਲਪੁਰੀਆਂ ਅਤੇ ਜਨਰਲ ਸਕੱਤਰ ਮਨਜੀਤ ਸਿੰਘ ਚਾਹਲ ਨੇ ਬਿਆਨ ਜਾਰੀ ਕਰਕੇ ਮ੍ਰਿਤਕ ਬਿਜਲੀ ਮੁਲਾਜ਼ਮਾਂ ਦੇ ਆਸ਼ਰਿਤਾਂ ਦੀ ਨਿਯੁਕਤੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਮੀਦ ਜਤਾਈ ਕਿ ਸਰਕਾਰ ਤੇ ਮੈਨੇਜਮੈਂਟ ਮੁਲਾਜ਼ਮਾਂ ਦੇ ਬਾਕੀ ਮਸਲੇ ਵੀ ਛੇਤੀ ਹੱਲ ਕਰੇਗੀ।