ਨਵੀਂ ਵਜੀਫ਼ਾ ਸਕੀਮ ਸ਼ੁਰੂ ਕਰਕੇ ਸੂਬੇ ਦੇ ਐੱਸ.ਸੀ.ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਕੀਤਾ: ਧਰਮਸੋਤ
Friday, Oct 30, 2020 - 05:50 PM (IST)
ਚੰਡੀਗੜ੍ਹ: ਪੰਜਾਬ ਸਰਕਾਰ ਨੇ ਨਵੀਂ ਵਜੀਫ਼ਾ ਸਕੀਮ ਸ਼ੁਰੂ ਕਰਕੇ ਸੂਬੇ ਦੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਕਰ ਦਿੱਤਾ ਹੈ, ਕਿਉਂ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਕੇਂਦਰੀ ਐਸ.ਸੀ. ਵਜੀਫ਼ਾ ਸਕੀਮ ਦਾ ਖਾਤਮਾ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਹੱਥ ਪਿੱਛੇ ਖਿੱਚਣ ਮਗਰੋਂ ਆਪਣੇ ਪੱਧਰ ਉੱਤੇ ਡਾ. ਬੀ.ਆਰ. ਅੰਬੇਦਕਰ ਐਸ. ਸੀ. ਪੋਸਟ ਮੈਟ੍ਕਿ ਸਕਾਲਰਸ਼ਿਪ ਸਕੀਮ ਦੀ ਸ਼ੁਰੂਆਤ ਕੀਤੀ ਹੈ ਜੋ ਕਿ ਅਕਾਦਮਿਕ ਸੈਸ਼ਨ 2020-21 ਤੋਂ ਲਾਗੂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਸਰਕਾਰੀ ਦਫਤਰਾਂ 'ਚ ਹੁਣ ਹਾਜ਼ਰ ਹੋਵੇਗਾ 100 ਫ਼ੀਸਦੀ ਸਟਾਫ਼
ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਇੱਕ ਪ੍ਰੈਸ ਬਿਆਨ ਰਾਹੀਂ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਸਕੀਮ ਤਹਿਤ ਐਸ.ਸੀ. ਵਿਦਿਆਰਥੀ ਸਰਕਾਰੀ ਅਤੇ ਪ੍ਰਾਈਵੇਟ ਸੰਸਥਾਵਾਂ ਵਿੱਚ ਉਚੇਰੀ ਸਿੱਖਿਆ ਹਾਸਲ ਕਰਨ ਦੇ ਸਮਰੱਥ ਬਣਨਗੇ। ਇਸ ਤਹਿਤ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਦੇਣ ਲਈ ਇਸ ਸਕੀਮ ਦਾ ਦਾਇਰਾ ਵਧਾਉਣ ਵਾਸਤੇ ਆਮਦਨੀ ਸਬੰਧੀ ਮਾਪਦੰਡ 2.5 ਲੱਖ ਰੁਪਏ ਤੋਂ ਵਧਾ ਕੇ 4 ਲੱਖ ਰੁਪਏ ਕਰ ਦਿੱਤਾ ਹੈ, ਜਿਸ ਨਾਲ ਵੱਡੀ ਗਿਣਤੀ ਵਿਦਿਆਰਥੀਆਂ ਨੂੰ ਸਕੀਮ ਦਾ ਲਾਭ ਮਿਲੇਗਾ। ਮੰਤਰੀ ਨੇ ਦੱਸਿਆ ਕਿ ਨਵੀਂ ਵਜੀਫ਼ਾ ਸਕੀਮ ਨਾਲ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਉਨਾਂ ਵਿਦਿਆਰਥੀਆਂ ਨੂੰ ਲਾਭ ਮਿਲੇਗਾ, ਜੋ ਪੰਜਾਬ ਦੇ ਵਸਨੀਕ ਹਨ ਅਤੇ ਪੰਜਾਬ ਤੋਂ (ਚੰਡੀਗੜ ਸਮੇਤ) ਦਸਵੀਂ ਪਾਸ ਕਰ ਚੁੱਕੇ ਹਨ। ਉਨਾਂ ਕਿਹਾ ਕਿ ਇਸ ਸਕੀਮ ਦਾ ਕੁੱਲ ਵਿੱਤੀ ਬੋਝ ਲਗਭਗ 600 ਕਰੋੜ ਰੁਪਏ ਹੋਣ ਦਾ ਅਨੁਮਾਨ ਹੈ। ਇਸ ਵਿੱਚੋਂ ਸੂਬਾ ਸਰਕਾਰ ਵੱਲੋਂ ਪ੍ਰਾਈਵੇਟ ਅਦਾਰਿਆਂ ਨੂੰ 60 ਫੀਸਦੀ ਰਾਸ਼ੀ ਦੀ ਪ੍ਰਤੀਪੂਰਤੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਅਡਾਨੀ ਗਰੁੱਪ ਦੀ ਰੇਲ ਅੱਗੇ ਬੇਖ਼ੌਫ਼ ਖੜ੍ਹਨ ਵਾਲੇ ਸਿੱਖ ਨੌਜਵਾਨ ਦੀ ਚਰਚਾ ਜ਼ੋਰਾਂ 'ਤੇ, ਵੀਡੀਓ ਵਾਇਰਲ
ਸ. ਧਰਮਸੋਤ ਨੇ ਦੱਸਿਆ ਕਿ ਭਾਰਤੀ ਸੰਵਿਧਾਨ ਨੇ ਅਨੁਸੂਚਿਤ ਜਾਤੀ ਵਰਗ ਦੇ ਵਿਦਿਆਰਥੀਆਂ ਨੂੰ 25 ਫੀਸਦੀ ਰਾਖਵਾਂਕਰਨ ਦਿੱਤਾ ਗਿਆ ਹੈ ਪਰ ਉੱਚ ਵਿੱਦਿਅਕ ਸੰਸਥਾਵਾਂ ਵਿੱਚ ਜ਼ਿਆਦਾ ਫੀਸਾਂ ਹੋਣ ਕਾਰਨ ਵਿਦਿਆਰਥੀਆਂ ਨੂੰ ਦਾਖਲਾ ਲੈਣ ਵਿੱਚ ਅੜਿੱਕਾ ਬਣਦਾ ਸੀ, ਜਿਸ ਨੂੰ ਦੂਰ ਕਰਦਿਆਂ ਪੰਜਾਬ ਸਰਕਾਰ ਨੇ ਹੁਣ ਇਹ ਵਿੱਤੀ ਬੋਝ ਆਪ ਚੁੱਕਣ ਦਾ ਫੈਸਲਾ ਕੀਤਾ ਹੈ। ਸ. ਧਰਮਸੋਤ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਗ਼ਰੀਬ, ਮਜ਼ਦੂਰ ਅਤੇ ਕਿਸਾਨ ਵਿਰੋਧੀ ਨੀਤੀਆਂ ਜੱਗ ਜ਼ਾਹਰ ਹੋ ਚੁੱਕੀਆਂ ਹਨ। ਹੁਣ ਜਦੋਂ ਕਿ ਵਕਤ ਹੈ ਕਿ ਇਨਾਂ ਲੋਕ ਮਾਰੂ ਨੀਤੀਆਂ ਦਾ ਵਿਰੋਧ ਕੀਤਾ ਜਾਵੇ, ਤਾਂ ਆਮ ਆਦਮੀ ਪਾਰਟੀ ਤੇ ਸ਼ੋ੍ਮਣੀ ਅਕਾਲੀ ਦਲ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਵਿਰੋਧ ਕਰਨ ਦੀ ਬਜਾਏ ਪੰਜਾਬ ਸਰਕਾਰ ਦਾ ਵਿਰੋਧ ਕਰ ਰਹੀਆਂ ਹਨ। ਉਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਕੋਲ ਅੱਜ ਕੋਈ ਸਿਆਸੀ ਮੁੱਦਾ ਨਹੀਂ ਰਿਹਾ, ਉਹ ਬੇਵਜ੍ਹਾ ਹੀ ਵਿਰੋਧ ਕਰਕੇ ਲੋਕਾਂ ਦਾ ਧਿਆਨ ਖਿੱਚਣ ਦਾ ਅਸਫ਼ਲ ਯਤਨ ਕਰ ਰਹੀਆਂ ਹਨ।
ਇਹ ਵੀ ਪੜ੍ਹੋ: ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਸਕੂਲ ਜਾ ਰਹੀ ਵਿਦਿਆਰਥਣ ਦੀ ਦਰਦਨਾਕ ਹਾਦਸੇ 'ਚ ਮੌਤ
ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੂੰ ਦਿੱਲੀ ਜਾ ਕੇ ਡੇਰਾ ਲਾਉਣ ਤੇ ਕੇਂਦਰ ਸਰਕਾਰ ਦਾ ਵਿਰੋਧ ਕਰਨ ਦੀ ਸਲਾਹ ਦਿੰਦਿਆਂ ਸ. ਧਰਮਸੋਤ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਇਹ ਸਮਝਣ ਦੀ ਕੋਸ਼ਿਸ਼ ਕਰਨ ਕਿ ਪੰਜਾਬ ਤੇ ਪੰਜਾਬੀਆਂ ਦੇ ਹੱਕ 'ਚ ਕੰਮ ਕੌਣ ਕਰ ਰਿਹਾ ਹੈ ਅਤੇ ਵਿਰੋਧ 'ਚ ਕੌਣ। ਉਨਾਂ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਸਮੁੱਚੀਆਂ ਸਥਿਤੀਆਂ ਸਮਝ ਕੇ ਹੀ ਵਿਰੋਧ ਕਰਨ ਦੀ ਜ਼ਰੂਰਤ ਹੈ, ਨਹੀਂ ਤਾਂ ਇਹ ਸਮਾਂ ਬਰਬਾਦ ਕਰਨ ਦਾ ਹੀ ਇਕ ਢਕਵੰਜ ਮਾਤਰ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ, ਗ਼ਰੀਬਾਂ, ਮਹਿਲਾਵਾਂ ਦੀ ਭਲਾਈ ਤੋਂ ਇਲਾਵਾ ਹਰ ਖੇਤਰ 'ਚ ਵਿਲੱਖਣ ਕਾਰਜ ਕਰ ਰਹੀ ਹੈ।