ਪੰਜਾਬ ਨੂੰ ਮੁੜ ਨੰਬਰ ਇਕ ਸੂਬਾ ਬਣਾਏਗੀ ਨਵੀਂ ਖੇਡ ਨੀਤੀ, ਲੋਕ ਦੇਣ ਸੁਝਾਅ : ਮੀਤ ਹੇਅਰ

Monday, Apr 03, 2023 - 07:59 PM (IST)

ਪੰਜਾਬ ਨੂੰ ਮੁੜ ਨੰਬਰ ਇਕ ਸੂਬਾ ਬਣਾਏਗੀ ਨਵੀਂ ਖੇਡ ਨੀਤੀ, ਲੋਕ ਦੇਣ ਸੁਝਾਅ : ਮੀਤ ਹੇਅਰ

ਚੰਡੀਗੜ੍ਹ : ਪੰਜਾਬ ਨੂੰ ਖੇਡਾਂ ’ਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਜ਼ਮੀਨੀ ਲੋੜਾਂ ਨੂੰ ਪੂਰਾ ਕਰਦੀ ਅਤੇ ਜ਼ਮੀਨੀ ਹਕੀਕਤਾਂ ਨਾਲ ਜੁੜੀ ਨਵੀਂ ਖੇਡ ਨੀਤੀ ਜਲਦ ਲਾਗੂ ਕੀਤੀ ਜਾ ਰਹੀ ਹੈ। ਖੇਡ ਵਿਭਾਗ ਵੱਲੋਂ ਮਾਹਿਰਾਂ ਦੀ ਰਾਏ ਨਾਲ ਖਰੜਾ ਤਿਆਰ ਕੀਤਾ ਗਿਆ ਹੈ ਅਤੇ ਇਸ ਨੂੰ ਹੋਰ ਕਾਰਗਰ ਬਣਾਉਣ ਲਈ ਆਮ ਲੋਕਾਂ ਤੋਂ 15 ਅਪ੍ਰੈਲ ਤੱਕ ਸੁਝਾਅ ਮੰਗੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਸਰਕਾਰੀ ਹਦਾਇਤਾਂ ਦੀ ਪਾਲਣਾ ਨਾ ਕਰਨ ’ਤੇ 30 ਨਿੱਜੀ ਸਕੂਲਾਂ ਨੂੰ ਜਾਰੀ ਕੀਤਾ ਨੋਟਿਸ

ਅੱਜ ਇਥੇ ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਨਵੀਂ ਖੇਡ ਨੀਤੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਡਾਂ ਵਿਚ ਪੰਜਾਬ ਨੂੰ ਨੰਬਰ ਇਕ ਸੂਬਾ ਬਣਾਉਣ ਦੀ ਵਚਨਬੱਧਤਾ ਨੂੰ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ 'ਲੋਕਾਂ ਦੀ ਸਰਕਾਰ, ਲੋਕਾਂ ਲਈ ਸਰਕਾਰ' ਦੇ ਨਾਅਰੇ ਨੂੰ ਪੂਰਾ ਕਰਦਿਆਂ ਖੇਡ ਵਿਭਾਗ ਵੱਲੋਂ ਵੀ ਖੇਡ ਨੀਤੀ ਲਈ ਲੋਕਾਂ ਦੇ ਸੁਝਾਅ ਮੰਗੇ ਗਏ ਹਨ। ਖਿਡਾਰੀ ਅਤੇ ਖੇਡਾਂ ਨਾਲ ਜੁੜੇ ਵਿਅਕਤੀ 15 ਅਪ੍ਰੈਲ 2023 ਤੱਕ ਈਮੇਲ suggestions.sportspolicy.punjab@gmail.com ਉੱਤੇ ਆਪਣੇ ਸੁਝਾਅ ਭੇਜ ਸਕਦੇ ਹਨ ਤਾਂ ਜੋ ਖਰੜੇ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਇਨ੍ਹਾਂ ਸੁਝਾਵਾਂ ਨੂੰ ਖੇਡ ਨੀਤੀ ’ਚ ਸ਼ਾਮਲ ਕੀਤਾ ਜਾ ਸਕੇ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਕਿਸਾਨਾਂ ਨੂੰ ਕੀਤੀ ਅਹਿਮ ਅਪੀਲ, ਜਾਣੋ ਕੀ ਕਿਹਾ

ਖੇਡ ਮੰਤਰੀ ਨੇ ਅੱਗੇ ਦੱਸਿਆ ਕਿ ਨਵੀਂ ਖੇਡ ਨੀਤੀ ਹੇਠਲੇ ਪੱਧਰ ਉੱਤੇ ਖਿਡਾਰੀਆਂ ਨੂੰ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨ ਲਈ ਨਕਦ ਰਾਸ਼ੀ ਦੇਣ, ਕੌਮੀ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਦਾ ਮਾਣ-ਸਨਮਾਨ, ਖਿਡਾਰੀਆਂ ਨੂੰ ਨੌਕਰੀਆਂ, ਕੋਚਾਂ ਨੂੰ ਐਵਾਰਡ ਦੇਣ ਅਤੇ ਕਾਲਜਾਂ-ਯੂਨੀਵਰਸਿਟੀਆਂ ਦੇ ਖਿਡਾਰੀਆਂ ਨੂੰ ਮੁਕਾਬਲੇ ਦਾ ਹਾਣੀ ਬਣਾਉਣ ਉੱਤੇ ਕੇਂਦਰਿਤ ਹੋਵੇਗੀ। ਸਕੂਲ ਸਿੱਖਿਆ, ਉਚੇਰੀ ਸਿੱਖਿਆ ਤੇ ਖੇਡ ਵਿਭਾਗ ਦਾ ਸਾਂਝਾ ਖੇਡ ਕੈਲੰਡਰ ਤਿਆਰ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਖੇਡ ਨੀਤੀ ਲਈ ਬਣਾਈ ਗਈ ਮਾਹਿਰਾਂ ਦੀ ਕਮੇਟੀ ਵਿਚ ਸੋਨ ਤਮਗਾ ਜੇਤੂ ਹਾਕੀ ਓਲੰਪੀਅਨ ਤੇ ਅਰਜੁਨਾ ਐਵਾਰਡੀ ਸੁਰਿੰਦਰ ਸਿੰਘ ਸੋਢੀ, ਮੁੱਕੇਬਾਜ਼ੀ ਦੇ ਸਾਬਕਾ ਚੀਫ ਕੋਚ ਤੇ ਦ੍ਰੋਣਾਚਾਰੀਆ ਐਵਾਰਡੀ ਗੁਰਬਖ਼ਸ਼ ਸਿੰਘ ਸੰਧੂ, ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਡੀ. ਜੀ. ਪੀ. ਰਾਜਦੀਪ ਸਿੰਘ ਗਿੱਲ, ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਖੇਡ ਡਾਇਰੈਕਟਰ ਡਾ. ਰਾਜ ਕੁਮਾਰ ਸ਼ਰਮਾ ਤੋਂ ਇਲਾਵਾ ਸਪੋਰਟਸ ਅਥਾਰਟੀ ਆਫ ਇੰਡੀਆ, ਐੱਨ. ਆਈ. ਐੱਸ., ਸਕੂਲ ਤੇ ਉਚੇਰੀ ਸਿੱਖਿਆ ਵਿਭਾਗਾਂ ਦੇ ਨੁਮਾਇੰਦੇ ਸ਼ਾਮਲ ਕੀਤੇ ਗਏ ਹਨ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


author

Manoj

Content Editor

Related News