ਨਵੇਂ ਸਾਲ ਮੌਕੇ ਕਲੱਬਾਂ, ਹੋਟਲਾਂ ਤੇ ਢਾਬਿਆਂ ਨੂੰ ਬੰਦ ਕਰਨ ਦਾ ਸਮਾਂ ਤੈਅ
Tuesday, Dec 31, 2019 - 04:27 PM (IST)
ਮੋਹਾਲੀ (ਨਿਆਮੀਆਂ) : ਵਧੀਕ ਜ਼ਿਲਾ ਮੈਜਿਸਟਰੇਟ ਸਾਕਸ਼ੀ ਸਾਹਨੀ ਨੇ ਨਵੇਂ ਸਾਲ ਮੌਕੇ 31 ਦਸੰਬਰ, 2019 ਅਤੇ 1 ਜਨਵਰੀ, 2020 ਦੀ ਦਰਮਿਆਨੀ ਰਾਤ ਨੂੰ ਜ਼ਿਲੇ 'ਚ ਸਥਿਤ ਕਲੱਬਾਂ, ਹੋਟਲਾਂ, ਢਾਬਿਆਂ, ਦੁਕਾਨਾਂ, ਸੜਕ 'ਤੇ ਖੜ੍ਹੀਆਂ ਰੇਹੜੀਆਂ-ਫੜ੍ਹੀਆਂ ਆਦਿ ਨੂੰ ਬੰਦ ਕਰਨ ਦਾ ਸਮਾਂ ਰਾਤ 1 ਵਜੇ ਤੱਕ ਕਰਨ ਦਾ ਹੁਕਮ ਜਾਰੀ ਕੀਤਾ ਹੈ। ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ-144 ਅਧੀਨ ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਦੇਖਣ 'ਚ ਆਇਆ ਹੈ ਕਿ ਨਵੇਂ ਸਾਲ ਦੀ ਆਮਦ ਦੇ ਮੱਦੇਨਜ਼ਰ 31 ਦਸੰਬਰ ਦੀ ਸ਼ਾਮ ਨੂੰ ਦੇਰ ਰਾਤ ਤੱਕ ਕਲੱਬਾਂ, ਹੋਟਲਾਂ, ਢਾਬਿਆਂ, ਦੁਕਾਨਾਂ ਅਤੇ ਰੇਹੜੀਆਂ-ਫੜ੍ਹੀਆਂ ਆਦਿ ਖੁੱਲ੍ਹੀਆਂ ਰਹਿੰਦੀਆਂ ਹਨ, ਜਿਸ ਕਾਰਨ ਅਮਨ ਤੇ ਕਾਨੂੰਨ ਦੀ ਸਥਿਤੀ ਭੰਗ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਹੁਕਮਾਂ ਮੁਤਾਬਕ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੇ ਹੁਕਮ 17 ਨਵੰਬਰ, 2018 ਰਾਹੀਂ ਵੀ ਇਸ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਵਧੀਕ ਜ਼ਿਲਾ ਮੈਜਿਸਟਰੇਟ ਨੇ ਕਿਹਾ ਕਿ ਇਹ ਹੁਕਮ ਜ਼ਿਲੇ 'ਚ 31 ਦਸੰਬਰ, 2019 ਤੋਂ 1 ਜਨਵਰੀ, 2020 ਤੱਕ ਤੁਰੰਤ ਪ੍ਰਭਾਵ ਨਾਲ ਲਾਗੂ ਰਹਿਣਗੇ, ਜਦੋਂ ਕਿ ਕਰ ਤੇ ਆਬਕਾਰੀ ਵਿਭਾਗ ਦੇ ਨਿਯਮ ਪਹਿਲਾਂ ਵਾਂਗ ਹੀ ਲਾਗੂ ਰਹਿਣਗੇ। ਸੀਨੀਅਰ ਕਪਤਾਨ ਪੁਲਸ, ਕਰ ਤੇ ਆਬਕਾਰੀ ਕਮਿਸ਼ਨਰ, ਸਮੂਹ ਉਪ ਮੰਡਲ ਮੈਜਿਸਟਰੇਟ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇ ਕੋਈ ਵਿਅਕਤੀ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਇਸ ਸਬੰਧੀ ਮੁਕਾਮੀ ਪੁਲਸ ਨੂੰ ਤੁਰੰਤ ਸੂਚਿਤ ਕੀਤਾ ਜਾਵੇ।