ਧਰਮਸੌਤ ਨੇ ਅਨਏਡਿਡ ਕਾਲਜਾਂ ਦੇ ਪ੍ਰਤੀਨਿਧੀਆਂ ਨੂੰ ਦਿੱਤਾ ਭਰੋਸਾ

09/23/2017 6:53:26 AM

ਚੰਡੀਗੜ੍ਹ  (ਕਮਲ, ਭੁੱਲਰ) - ਪੰਜਾਬ ਦੇ ਭਲਾਈ ਮੰਤਰੀ ਸਾਧੂ ਸਿੰਘ ਧਰਮਸੌਤ ਨੇ ਪੰਜਾਬ ਦੇ ਅਨਏਡਿਡ ਕਾਲਜਾਂ ਦੇ ਪ੍ਰਤੀਨਿਧੀਆਂ ਨੂੰ ਉਨ੍ਹਾਂ ਦੇ ਮਸਲਿਆਂ ਦਾ ਛੇਤੀ ਹੱਲ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਅੱਜ ਇਥੇ ਪੰਜਾਬ ਦੀਆਂ ਵੱਖ-ਵੱਖ ਅਨਏਡਿਡ ਕਾਲਜਾਂ ਦੀਆਂ ਐਸੋਸੀਏਸ਼ਨਾਂ ਨਾਲ ਮੁਲਾਕਾਤ ਦੌਰਾਨ ਇਹ ਭਰੋਸਾ ਦਿੰਦਿਆਂ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਇਨ੍ਹਾਂ ਵਰਗਾਂ ਦੀ ਭਲਾਈ ਲਈ ਜਾਰੀ ਵਜ਼ੀਫ਼ਾ ਸਕੀਮਾਂ ਨੂੰ ਲਾਗੂ ਕਰਨ ਲਈ ਹੋਰ ਪਾਰਦਰਸ਼ੀ ਢੰਗ ਅਪਣਾਇਆ ਜਾਵੇ। ਭਲਾਈ ਮੰਤਰੀ ਨੇ ਕਿਹਾ ਕਿ ਵਿਦਿਆਰਥੀ ਭਲਾਈ ਸਕੀਮਾਂ, ਸੂਬੇ ਅਤੇ ਕੇਂਦਰ ਸਰਕਾਰ ਦੇ ਆਪਸੀ ਸਹਿਯੋਗ ਨਾਲ ਚੱਲਦੀਆਂ ਹਨ ਅਤੇ ਇਨ੍ਹਾਂ ਸਬੰਧੀ ਕੋਈ ਵੀ ਤਕਨੀਕੀ ਸਮੱਸਿਆ ਪੈਦਾ ਹੋਣ 'ਤੇ ਉਸ ਦੇ ਹੱਲ ਲਈ ਕੇਂਦਰ ਸਰਕਾਰ ਨਾਲ ਵਿਚਾਰ-ਵਟਾਂਦਰਾ ਕਰਕੇ ਹੀ ਹੱਲ ਕੱਢਿਆ ਜਾ ਸਕਦਾ ਹੈ। ਵੱਖ-ਵੱਖ ਕਾਲਜ ਐਸੋਸੀਏਸ਼ਨਾਂ ਦੇ ਵਫ਼ਦ ਵਲੋਂ ਵਿਦਿਆਰਥੀਆਂ ਦੀ ਸਕਾਲਰਸ਼ਿਪ ਦੇ ਬਕਾਇਆ ਫੰਡਾਂ ਨੂੰ ਜਾਰੀ ਕੀਤੇ ਜਾਣ ਬਾਰੇ ਧਰਮਸੌਤ ਨੇ ਕਿਹਾ ਕਿ ਬਕਾਇਆ ਫੰਡਾਂ ਨੂੰ ਜਾਰੀ ਕਰਨ ਲਈ ਉਨ੍ਹਾਂ ਵਲੋਂ ਪਿਛਲੇ ਦਿਨੀਂ ਕੇਂਦਰੀ ਨਿਆਂ ਤੇ ਸਸ਼ਕਤੀਕਰਨ ਮੰਤਰੀ ਥਾਵਰ ਚੰਦ ਗਹਿਲੋਤ ਨਾਲ ਮੁਲਾਕਾਤ ਕੀਤੀ ਗਈ ਸੀ, ਜਿਨ੍ਹਾਂ ਨੇ ਬਕਾਇਆ ਫੰਡ ਜਲਦੀ ਹੀ ਜਾਰੀ ਕੀਤੇ ਜਾਣ ਦਾ ਭਰੋਸਾ ਦਿੱਤਾ ਹੈ।
ਮੀਟਿੰਗ ਵਿਚ ਆਰ. ਵੈਂਕਟਰਤਨਮ, ਪ੍ਰਮੁੱਖ ਸਕੱਤਰ, ਭਲਾਈ ਵਿਭਾਗ ਪੰਜਾਬ, ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ ਭਲਾਈ ਵਿਭਾਗ, ਰਾਜ ਬਹਾਦਰ ਸਿੰਘ, ਡਾਇਰੈਕਟਰ, ਐੱਸ. ਸੀ. ਸਬ-ਪਲਾਨ, ਵਧੀਕ ਡਾਇਰੈਕਟਰ ਭਲਾਈ ਬਿੰਦੂ ਵਾਲੀਆ ਤੋਂ ਇਲਾਵਾ ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ, ਨਰਸਿੰਗ ਕਾਲਜ ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸਿੰਘ ਵਾਲੀਆ, ਬੀ. ਐੈੱਡ. ਐਸੋਸੀਏਸ਼ਨ ਦੇ ਪ੍ਰਧਾਨ ਜਗਜੀਤ ਸਿੰਘ ਵਾਲੀਆ, ਪੰਜਾਬ ਅਨਏਡਿਡ ਕਾਲਜ ਐਸੋਸੀਏਸ਼ਨ ਦੇ ਪ੍ਰਧਾਨ ਡਾ. ਅੰਸ਼ੂ ਕਟਾਰੀਆ, ਆਈ. ਟੀ. ਆਈ. ਐਸੋਸੀਏਸ਼ਨ ਦੇ ਸੀਮਾਂਸ਼ੂ ਗੁਪਤਾ, ਬੀ. ਐੱਡ. ਐਸੋਸੀਏਸ਼ਨ (ਜੀ. ਐੈੱਨ. ਡੀ. ਯੂ.) ਦੇ ਸਤਵੰਤ ਸਿੰਘ ਸੰਧੂ, ਪਾਲੀਟੈਕਨਿਕ ਐਸੋਸੀਏਸ਼ਨ ਦੇ ਰਜਿੰਦਰ ਸਿੰਘ ਧਨੋਆ ਤੇ ਬੀ. ਐੱਡ ਕਾਲਜ ਐਸੋਸੀਏਸ਼ਨ ਦੇ ਪ੍ਰਧਾਨ ਜਸਨੀਕ ਸਿੰਘ ਆਦਿ ਹਾਜ਼ਰ ਸਨ।