ਮੁੱਖ ਮੰਤਰੀ ਮਾਨ ਦੀ ਸੰਗਰੂਰ ਰਿਹਾਇਸ਼ 'ਤੇ ਐੱਨ. ਐੱਚ. ਐੱਮ. ਕਾਮਿਆਂ ਵੱਲੋਂ 17 ਅਕਤੂਬਰ ਨੂੰ ਦਿੱਤਾ ਜਾਵੇਗਾ ਧਰਨਾ

Friday, Oct 07, 2022 - 02:32 PM (IST)

ਟਾਂਡਾ ਉੜਮੁੜ, (ਵਰਿੰਦਰ ਪੰਡਿਤ) -  ਪੰਜਾਬ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਦੇ ਗੱਲਬਾਤ ਕਰਨ ਤੋਂ ਭੱਜਣ ਕਰਕੇ ਗੁੱਸੇ ਵਿਚ ਆਏ ਨੈਸ਼ਨਲ ਹੈਲਥ ਮਿਸ਼ਨ (ਐੱਨ. ਐੱਚ.ਐੱਮ.) ਦੇ ਹਜ਼ਾਰਾਂ ਕੱਚੇ ਕਾਮੇ 17 ਅਕਤੂਬਰ ਨੂੰ  ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਸੰਗਰੂਰ ਦੀਆਂ ਸੜਕਾਂ ’ਤੇ ਰੋਸ਼ ਮੁਜਾਹਰੇ ਕਰਨਗੇ।

ਇਹ ਵੀ ਪੜ੍ਹੋ - Reliance Jio ਦੀ ਵਿਦਿਆਰਥੀਆਂ ਨੂੰ ਸਸਤੇ ਲੈਪਟਾਪ ਉਪਲੱਬਧ ਕਰਵਾਉਣ ਦੀ ਯੋਜਨਾ

ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ ਨੀਤੂ ਸਰਮਾਲ ਨੇ ਦੱਸਿਆ ਕਿ  26 ਸਤੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦੇ ਬਾਹਰ ਸੂਬਾ ਪੱਧਰੀ ਰੋਸ ਰੈਲੀ ਕੀਤੀ ਗਈ ਸੀ। ਇਸ ਮੌਕੇ ਸੰਗਰੂਰ ਪ੍ਰਸ਼ਾਸ਼ਨ ਵੱਲੋਂ ਯੂਨੀਅਨ ਦੇ ਨੁਮਾਇੰਦਿਆਂ ਨੂੰ ਵਿੱਤ ਮੰਤਰੀ ਅਤੇ ਸਿਹਤ ਮੰਤਰੀ ਨਾਲ 29 ਸਤੰਬਰ ਨੂੰ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਇਕ ਪੈਨਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਸੀ। ਪਰ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਵਿਧਾਨ ਸਭਾ ਸੈਸ਼ਨ ਦਾ ਹਵਾਲਾ ਦਿੰਦੇ ਹੋਏ ਇਸ ਅਹਿਮ ਮੀਟਿੰਗ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ - ਹਰਿਆਣਾ ਕਮੇਟੀ ਖ਼ਿਲਾਫ਼ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਇਆ ਪੰਥਕ ਰੋਸ ਮਾਰਚ

ਪੰਜਾਬ ਸਰਕਾਰ ਅਤੇ ਸਿਵਲ ਪ੍ਰਸ਼ਾਸਨ ਸੰਗਰੂਰ ਵੱਲੋਂ ਹਜ਼ਾਰਾਂ ਮੁਲਾਜ਼ਮਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਗਿਆ ਹੈ ਅਤੇ ਸੰਗਰੂਰ ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ।

ਪ੍ਰਧਾਨ ਨੀਤੂ ਨੇ ਆਖਿਆ  ਕਿ ਉਨ੍ਹਾਂ ਸਰਕਾਰ ਦੀ ਉਨ੍ਹਾਂ ਪ੍ਰਤੀ ਬੇਰੁਖੀ ਦੇ ਖਿਲਾਫ ਮੁੱਖ ਮੰਤਰੀ ਦੇ ਘਰ ਦੇ ਬਾਹਰ ਕਾਲੀ ਦੀਵਾਲੀ ਮਨਾਉਣ ਦਾ ਫ਼ੈਸਲਾ ਕੀਤਾ ਹੈ। ਉਹ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ 17 ਅਕਤੂਬਰ ਨੂੰ ਸੰਗਰੂਰ ਵਿਖੇ ਸਾਰਸ ਮੇਲੇ ਵਾਲੀ ਜਗ੍ਹਾ ’ਤੇ ਇੱਕਠੇ ਹੋ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਸੀ.ਐੱਮ.ਦੀ ਹਾਇਸ਼ ਦਾ ਘਿਰਾਓ ਕਰਨਗੇ ਅਤੇ ਰਿਹਾਇਸ਼ ਦੇ ਅੱਗੇ ਪੱਕੇ ਤੌਰ ’ਤੇ ਧਰਨਾ ਦੇ ਕੇ  ਮੁੱਖ ਮੰਤਰੀ ਸਾਹਿਬ ਦਾ ਜਨਮ ਦਿਨ ਅਤੇ ਦਿਵਾਲੀ ਦਾ ਤਿਉਹਾਰ ਕਾਲੇ ਦਿਵਸ ਦੇ ਰੂਪ ਮਨਾਉਣਗੇ । ਇਸ ਮੌਕੇ ਹੋਰ ਮੈਂਬਰ ਵੀ ਉਨ੍ਹਾਂ ਦੇ ਨਾਲ ਸਨ।
 


Anuradha

Content Editor

Related News