NIA ਵੱਲੋਂ ਕਿਸਾਨਾਂ ਨੂੰ ਨੋਟਿਸ ਜਾਰੀ ਕਰਨੇ ਕੇਂਦਰ ਸਰਕਾਰ ਦੀ ਤਾਨਾਸ਼ਾਹੀ : ਬੀਬੀ ਜਗੀਰ ਕੌਰ
Sunday, Jan 17, 2021 - 12:06 AM (IST)
ਅੰਮ੍ਰਿਤਸਰ,(ਦੀਪਕ)- ਕਿਸਾਨੀ ਨੂੰ ਤਬਾਹ ਕਰਨ ਵਾਲੇ ਕਾਲੇ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਭਾਰਤ ਦੀ ਭਾਜਪਾ ਸਰਕਾਰ ਵੱਲੋਂ ਕੋਝੇ ਹਥਕੰਡੇ ਵਰਤਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਕਿਸਾਨਾਂ ਅਤੇ ਕਿਸਾਨ ਸੰਘਰਸ਼ ਨਾਲ ਜੁੜੇ ਲੋਕਾਂ ਨੂੰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ. ਆਈ. ਏ.) ਵੱਲੋਂ ਨੋਟਿਸ ਜਾਰੀ ਕਰਨੇ ਕੇਂਦਰ ਸਰਕਾਰ ਦੀ ਤਾਨਾਸ਼ਾਹ ਨੀਤੀ ਦਾ ਪ੍ਰਗਟਾਵਾ ਹੈ।
ਉਨ੍ਹਾਂ ਆਖਿਆ ਕਿ ਦੇਸ਼ ਦੇ ਕਿਸਾਨ ਆਪਣੀ ਹੋਂਦ ਦੀ ਲੜਾਈ ਲੜ ਰਹੇ ਹਨ ਪਰ ਦੇਸ਼ ਦੀ ਸਰਕਾਰ ਹੱਕ ਅਤੇ ਸੱਚ ਦੀ ਆਵਾਜ਼ ਨੂੰ ਦਬਾਉਣ ਲਈ ਸਰਕਾਰੀ ਤੰਤਰ ਦੀ ਦੁਰਵਰਤੋਂ ਕਰ ਰਹੀ ਹੈ, ਜੋ ਬਰਦਾਸ਼ਤਯੋਗ ਨਹੀਂ। ਬੀਬੀ ਜਗੀਰ ਕੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਵਾਲ ਕੀਤਾ ਕਿ ਜੇਕਰ ਕੋਈ ਆਪਣੇ ਨਾਲ ਹੋਈ ਵਧੀਕੀ ਅਤੇ ਬੇਇਨਸਾਫੀ ਦਾ ਵਿਰੋਧ ਕਰੇ ਤਾਂ ਕੀ ਉਹ ਦੇਸ਼ ਵਿਰੋਧੀ ਹੈ? ਕੀ ਆਪਣੀਆਂ ਭਵਿੱਖ ਦੀਆਂ ਪੀੜ੍ਹੀਆਂ ਲਈ ਚਿੰਤਾ ਕਰਨੀ ਅਤੇ ਆਪਣੇ ਹੱਕਾਂ ਦੀ ਰਾਖੀ ਲਈ ਸੰਘਰਸ਼ ਕਰਨਾ ਦੇਸ਼ ਨੂੰ ਤੋੜਨ ਵਾਲੀ ਕਾਰਵਾਈ ਹੈ?
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰਨ ਲਈ ਸੰਜ਼ੀਦਗੀ ਨਾਲ ਵਿਚਾਰ ਕਰਨ ਦੀ ਥਾਂ ਆਪਣੀ ਹਉਮੈ ਅਤੇ ਹੰਕਾਰ ਨਾਲ ਲੋਕਤੰਤਰ ਦਾ ਘਾਣ ਕਰ ਰਹੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਸਲਾਹ ਦਿੱਤੀ ਕਿ ਕਿਸੇ ਵੀ ਗਲਤ ਫੈਸਲੇ ਨੂੰ ਮੰਨਣਾ ਵਡੱਪਣ ਹੁੰਦਾ ਹੈ ਅਤੇ ਕਿਸਾਨਾਂ ਸਬੰਧੀ ਹੋਏ ਗਲਤ ਫੈਸਲੇ ਨੂੰ ਵੀ ਸਰਕਾਰ ਆਪਣੀ ਗਲਤੀ ਮੰਨੇ।