ਪੰਜਾਬ ''ਚ ਭਗਵੰਤ ਮਾਨ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ: ਨਿਤਿਨ ਨਬੀਨ
Monday, Jun 22, 2026 - 03:15 PM (IST)
ਲੁਧਿਆਣਾ (ਗੁਪਤਾ): ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਿਕੰਮੀ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ ਹੋ ਗਈ ਹੈ। ਲੁਧਿਆਣਾ ਫ਼ੇਰੀ ਦੌਰਾਨ 'ਜਗ ਬਾਣੀ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਨਿਤਿਨ ਨਬੀਨ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਮਹਾਰਾਜਾ ਰਣਜੀਤ ਸਿੰਘ ਦੇ ਖ਼ਾਲਸਾ ਰਾਜ ਜਿਹਾ ਰਾਜ ਪੰਜਾਬ ਦੀ ਜਨਤਾ ਨੂੰ ਦੇਵੇਗੀ, ਜੋ ਡਰ, ਭ੍ਰਿਸ਼ਟਾਚਾਰ, ਨਸ਼ਾਖੋਰੀ ਤੇ ਗੈਂਗਸਟਰਵਾਦ ਤੋਂ ਮੁਕਤ ਹੋਵੇਗਾ ਤੇ ਜਿਸ ਵਿਚ 'ਸਬ ਕਾ ਸਾਥ ਸਬ ਕਾ ਵਿਕਾਸ' ਹੋਵੇਗਾ।
ਨਿਤਿਨ ਨਵੀਨ ਨੇ ਕਿਹਾ ਕਿ ਦੇਸ਼ ਦੇ 22 ਸੂਬਿਆਂ ਵਿਚ ਭਾਜਪਾ ਦੀਆਂ ਸਰਕਾਰਾਂ ਹਨ। ਇਨ੍ਹਾਂ ਸਾਰੇ ਸੂਬਿਆਂ ਵਿਚ ਡਬਲ ਇੰਜਣ ਦੀ ਸਰਕਾਰ ਹੋਣ ਕਾਰਨ ਤੇਜ਼ੀ ਨਾਲ ਵਿਕਾਸ ਹੋ ਰਿਹਾ ਹੈ, ਪਰ ਪੰਜਾਬ ਵਿਚ ਡਬਲ ਇੰਜਣ ਸਰਕਾਰ ਨਾ ਹੋਣ ਕਾਰਨ ਇਸ ਦਾ ਫ਼ਾਇਦਾ ਪੰਜਾਬ ਨੂੰ ਨਹੀਂ ਮਿਲਿਆ। ਕੇਂਦਰ ਨੇ ਜੋ ਵੀ ਫੰਡ ਪੰਜਾਬ ਦੇ ਲਈ ਭੇਜੇ, ਉਨ੍ਹਾਂ ਫੰਡਾਂ ਦੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦੁਰਵਰਤੋਂ ਕੀਤੀ ਹੈ। ਆਮ ਆਦਮੀ ਪਾਰਟੀ ਸਰਕਾਰ ਪੰਜਾਬ ਨੂੰ ਏ. ਟੀ. ਐੱਮ. ਦੀ ਤਰ੍ਹਾਂ ਵਰਤ ਰਹੀ ਹੈ। ਪੰਜਾਬ ਵਿਚ ਭਾਜਪਾ ਦੀ ਸਰਕਾਰ ਆਉਣ 'ਤੇ ਇਕ ਇਕ ਪੈਸੇ ਦਾ ਹਿਸਾਬ ਲਿਆ ਜਾਵੇਗਾ।
ਪੰਜਾਬ ਇਸ ਵੇਲੇ ਨਸ਼ੇ, ਗੈਂਗਸਟਰਵਾਦ ਤੇ ਕਰਜ਼ੇ ਦੀ ਮਾਰ ਝੱਲ ਰਿਹਾ ਹੈ, ਜਿਸ ਕਾਰਨ ਜਨਤਾ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰਤੀ ਰੋਸ ਹੈ। ਭਾਰਤੀ ਜਨਤਾ ਪਾਰਟੀ ਬੂਥ ਪੱਧਰ ਤਕ ਸੰਗਠਨ ਨੂੰ ਮਜ਼ਬੂਤ ਬਣਾ ਰਹੀ ਹੈ, ਘਰ-ਘਰ ਜਾ ਕੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਦੱਸਿਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ, ਖਜਾਨਚੀ ਗੁਰਦੇਵ ਸ਼ਰਮਾ ਦੇਬੀ, ਪੰਜਾਬ ਭਾਜਪਾ ਵਰਕਿੰਗ ਕਮੇਟੀ ਦੇ ਮੈਂਬਰ ਰਾਜੇਸ਼ਵਰੀ ਗੋਸਾਈਂ ਸ਼ਰਮਾ, ਲੁਧਿਆਣਾ ਭਾਜਪਾ ਸਕੱਤਰ ਸੁਮਿਤ ਟੰਡਨ ਵੀ ਹਾਜ਼ਰ ਸਨ।
