ਕੋਈ ਵੀ ਅਧਿਕਾਰੀ ਆਪਣਾ ਹੈੱਡਕੁਆਰਟਰ ਨਹੀਂ ਛੱਡੇਗਾ : ਡੀ. ਸੀ.

08/23/2017 7:44:27 AM

ਫਰੀਦਕੋਟ  (ਹਾਲੀ) - ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਤੇ ਸੀਨੀਅਰ ਪੁਲਸ ਕਪਤਾਨ ਡਾ. ਨਾਨਕ ਸਿੰਘ ਨੇ ਅੱਜ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਇਕ ਉੱਚ ਪੱਧਰੀ ਕਮੇਟੀ ਦੀ ਮੀਟਿੰਗ ਕੀਤੀ।  ਡਿਪਟੀ ਕਮਿਸ਼ਨਰ ਵੱਲੋਂ ਜ਼ਿਲੇ 'ਚ ਸਾਰੇ ਅਸਲਾ ਡੀਲਰਾਂ ਦੀਆਂ ਦੁਕਾਨਾਂ ਨੂੰ 23 ਅਗਸਤ ਤੋਂ ਅਗਲੇ ਹੁਕਮਾਂ ਤੱਕ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਹਥਿਆਰਾਂ ਨੂੰ ਲੈ ਕੇ ਚੱਲਣ 'ਤੇ ਪਾਬੰਦੀ ਦੇ ਹੁਕਮ ਵੀ ਜਾਰੀ ਕੀਤੇ ਹਨ। ਇਹ ਹੁਕਮ ਅਗਲੇ ਹੁਕਮਾਂ ਤੱਕ ਜਾਰੀ ਰਹਿਣਗੇ। ਉਨ੍ਹਾਂ ਐੱਸ. ਡੀ. ਐੱਮਜ਼ ਨੂੰ ਆਪਣੇ ਪੱਧਰ 'ਤੇ ਸ਼ਾਂਤੀ ਬਣਾਈ ਰੱਖਣ ਸਬੰਧੀ ਮੀਟਿੰਗਾਂ ਕਰਨ ਦੀ ਵੀ ਹਦਾਇਤ ਕੀਤੀ। ਉਨ੍ਹਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਸੋਸ਼ਲ ਮੀਡੀਆ 'ਤੇ ਕਿਸੇ ਵੀ ਤਰ੍ਹਾਂ ਦੀ ਗਲਤ ਅਫ਼ਵਾਹ ਨਾ ਫੈਲਾਈ ਜਾਵੇ। 25 ਅਗਸਤ ਨੂੰ ਡੇਰਾ ਸੱਚਾ ਸੌਦਾ ਮੁਖੀ ਦੇ ਮਾਮਲੇ ਦੇ ਫ਼ੈਸਲੇ ਦੀ ਸੁਣਵਾਈ ਨੂੰ ਲੈ ਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਜਿਨ੍ਹਾਂ ਅਧਿਕਾਰੀਆਂ ਨੂੰ ਕਾਰਜਕਾਰੀ ਮੈਜਿਸਟ੍ਰੇਟਾਂ ਦੀਆਂ ਸ਼ਕਤੀਆਂ ਦਿੱਤੀਆਂ ਗਈਆਂ ਹਨ, ਨੂੰ ਕਿਵੇਂ ਅਮਲ ਵਿਚ ਲਿਆਉਣ ਤੇ ਹੰਗਾਮੀ ਹਾਲਾਤ ਦੌਰਾਨ ਨਜਿੱਠਣ ਲਈ ਵਿਸਥਾਰ ਨਾਲ ਦੱਸਿਆ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਪ੍ਰਤੀ ਅਣਗਹਿਲੀ ਨਾ ਵਰਤਣ ਤੇ ਕਿਸੇ ਵੀ ਅਧਿਕਾਰੀ ਨੂੰ ਛੁੱਟੀ ਨਾ ਲੈਣ ਅਤੇ ਆਪਣਾ ਹੈੱਡਕੁਆਰਟਰ ਨਾ ਛੱਡਣ ਦੇ ਹੁਕਮ ਵੀ ਦਿੱਤੇ। ਇਸ ਸਮੇਂ ਐੱਸ. ਐੱਸ. ਪੀ. ਡਾ. ਨਾਨਕ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਲੋਕਾਂ ਦੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਜਿਸ ਲਈ ਜ਼ਿਲੇ 'ਚ ਪੈਰਾਮਿਲਟਰੀ ਫ਼ੋਰਸ ਦੀ ਤਾਇਨਾਤੀ ਕੀਤੀ ਗਈ ਹੈ।