ਫਾਜ਼ਿਲਕਾ ’ਚ ਕੋਰੋਨਾ ਦਾ ਕੋਈ ਵੀ ਮਾਮਲਾ ਨਹੀਂ ਆਇਆ ਸਾਹਮਣੇ, ਘਬਰਾਉਣ ਦੀ ਲੋੜ ਨਹੀਂ
Thursday, May 29, 2025 - 02:39 PM (IST)

ਫਾਜ਼ਿਲਕਾ (ਕ੍ਰਿਸ਼ਨ) : ਦੇਸ਼ ਸਮੇਤ ਦੁਨੀਆਂ ਵਿਚ ਇਕ ਵਾਰ ਫਿਰ ਤੋਂ ਕੋਰੋਨਾ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਦੇਸ਼ ’ਚ ਹੁਣ ਤੱਕ ਕੋਵਿਡ-19 ਦਾ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸੇ ਤਰ੍ਹਾਂ ਪੰਜਾਬ ’ਚ ਵੀ ਕੁੱਝ ਮਾਮਲੇ ਸਾਹਮਣੇ ਆਏ ਹਨ। ਗੱਲ ਕਰੀਏ ਫਾਜ਼ਿਲਕਾ ਦੀ ਤਾਂ ਅਜੇ ਤੱਕ ਫਾਜ਼ਿਲਕਾ ਚ ਕੋਵਿਡ-19 ਦਾ ਇਕ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਫ਼ਾਜ਼ਿਲਕਾ ਵਿੱਚ ਕਿਸੇ ਤਰ੍ਹਾਂ ਦਾ ਕੋਰੋਨਾ ਪੋਜ਼ੀਟਿਵ ਕੇਸ ਸਾਹਮਣੇ ਨਹੀਂ ਆਇਆ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਫਾਜ਼ਿਲਕਾ ਐੱਸ. ਐੱਮ. ਓ. ਅਤੇ ਡੀ. ਐੱਮ. ਸੀ. ਜ਼ਿਲ੍ਹਾ ਫਾਜ਼ਿਲਕਾ ਡਾ. ਐਡੀਸਨ ਐਰਿਕ ਨੇ ਦੱਸਿਆ ਕਿ ਬੁੱਧਵਾਰ ਤੱਕ ਫਾਜ਼ਿਲਕਾ ਜ਼ਿਲ੍ਹੇ ’ਚ ਕੋਵਿਡ-19 ਦਾ ਇਕ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਕੋਵਿਡ-19 ਦੇ ਖ਼ਤਰੇ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਫਾਜ਼ਿਲਕਾ ’ਚ ਪਹਿਲਾਂ ਤੋਂ ਹੀ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਕੋਵਿਡ ਮਰੀਜ਼ਾਂ ਲਈ 10 ਬੈੱਡ ਰਾਖਵੇਂ ਰੱਖੇ ਗਏ ਹਨ ਅਤੇ ਸੈਂਪਲਿੰਗ ਸਬੰਧੀ ਵੀ ਕਿੱਟਾਂ ਦਾ ਪ੍ਰਬੰਧ ਪੂਰਾ ਕਰ ਲਿਆ ਗਿਆ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਕੋਵਿਡ-19 ਸਬੰਧੀ ਘਬਰਾਉਣ ਦੀ ਕੋਈ ਜ਼ਰੂਰਤ ਨਹੀਂ ਹੈ ਅਤੇ ਜਾਗਰੂਕ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਲੋੜ ਪੈਣ ’ਤੇ ਪਹਿਲਾਂ ਤੋਂ ਹੀ ਜਾਰੀ ਸਰਕਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ।