''ਪਿੰਡਾਂ ''ਚ ''ਆਪ'' ਆਗੂਆਂ ਦੀ No Entry...!'' ਕਿਸਾਨਾਂ ਨੇ ਕਰ''ਤਾ ਵੱਡਾ ਐਲਾਨ
Saturday, Feb 07, 2026 - 06:57 PM (IST)
ਬਠਿੰਡਾ (ਵੈੱਬ ਡੈਸਕ): ਬਠਿੰਡਾ ਵਿਚ ਕਿਸਾਨਾਂ 'ਤੇ ਹੋਏ ਲਾਠੀਚਾਰਜ ਦੀ ਘਟਨਾ ਨੇ ਸੂਬੇ ਵਿਚ ਸਿਆਸੀ ਮਾਹੌਲ ਗਰਮਾ ਦਿੱਤਾ ਹੈ। ਇਸ ਕਾਰਵਾਈ ਤੋਂ ਗੁੱਸੇ ਵਿਚ ਆਈਆਂ ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਹੁਣ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਪਿੰਡਾਂ ਵਿਚ ਵੜ੍ਹਨ ਨਹੀਂ ਦਿੱਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਆਗੂ ਮਨਜੀਤ ਸਿੰਘ ਰਾਏ ਨੇ ਪੰਜਾਬ ਸਰਕਾਰ 'ਤੇ ਸਿੱਧਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੁਲਸ ਵੱਲੋਂ ਕੀਤਾ ਗਿਆ ਇਹ ਲਾਠੀਚਾਰਜ ਸੂਬਾ ਸਰਕਾਰ ਦੇ ਇਸ਼ਾਰੇ 'ਤੇ ਹੋਇਆ ਹੈ। ਉਨ੍ਹਾਂ ਨੇ ਇਸ ਕਾਰਵਾਈ ਦੀ ਸਖ਼ਤ ਨਿਖੇਧੀ ਕਰਦਿਆਂ ਕਿਸਾਨਾਂ ਨੂੰ ਇੱਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਕਿਸਾਨ ਆਗੂ ਨੇ ਜਥੇਬੰਦੀਆਂ ਨੂੰ ਇਕ ਵੱਡੇ ਮੋਰਚੇ ਦੀ ਤਿਆਰੀ ਲਈ ਲਾਮਬੰਦ ਹੋਣ ਦਾ ਹੋਕਾ ਦਿੱਤਾ ਹੈ।
ਮਨਜੀਤ ਸਿੰਘ ਰਾਏ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੇ ਕਿਸਾਨਾਂ, ਮਜ਼ਦੂਰਾਂ, ਆਂਗਣਵਾੜੀ ਵਰਕਰਾਂ ਅਤੇ ਹੋਰ ਮੁਲਾਜ਼ਮਾਂ ਦੇ ਸੰਘਰਸ਼ ਨੂੰ ਡੰਡੇ ਦੇ ਜ਼ੋਰ ਨਾਲ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਜਿਹੜੀ ਸਰਕਾਰ ਕਹਿੰਦੀ ਸੀ ਕਿ 'ਮੇਰੇ ਰਾਜ ਵਿਚ ਧਰਨੇ ਨਹੀਂ ਲੱਗਣਗੇ', ਉਸ ਦੀ ਅਸਲੀਅਤ ਹੁਣ ਸਾਹਮਣੇ ਆ ਗਈ ਹੈ ਕਿ ਉਹ ਡੰਡੇ ਦੇ ਜ਼ੋਰ ਨਾਲ ਧਰਨੇ ਰੋਕਣਾ ਚਾਹੁੰਦੀ ਹੈ। ਰਾਏ ਨੇ ਦੱਸਿਆ ਕਿ ਕਿਸਾਨ ਆਪਣੇ ਉਨ੍ਹਾਂ ਦੋ ਸਾਥੀਆਂ ਦੀ ਰਿਹਾਈ ਲਈ ਮੋਰਚਾ ਲਾਉਣ ਜਾ ਰਹੇ ਸਨ, ਜਿਨ੍ਹਾਂ 'ਤੇ ਸੰਘਰਸ਼ ਦੌਰਾਨ 307 ਦਾ ਪਰਚਾ ਪਾਇਆ ਗਿਆ ਸੀ ਅਤੇ ਲੰਬੇ ਸਮੇਂ ਤੋਂ ਉਨ੍ਹਾਂ ਦੀ ਜ਼ਮਾਨਤ ਨਹੀਂ ਹੋ ਰਹੀ।
ਹਾਈਵੇਅ ਅਤੇ ਟ੍ਰੇਨਾਂ ਜਾਮ ਕਰਨ ਦੀ ਤਿਆਰੀ
ਕਿਸਾਨ ਆਗੂ ਨੇ ਪੰਜਾਬ ਦੀਆਂ ਸਮੂਹ ਜਥੇਬੰਦੀਆਂ ਅਤੇ ਕਿਸਾਨਾਂ ਨੂੰ ਤਿਆਰ ਰਹਿਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਹ ਤਸ਼ੱਦਦ ਬੰਦ ਨਾ ਕੀਤਾ, ਤਾਂ ਪੂਰੇ ਪੰਜਾਬ ਨੂੰ ਜਾਮ ਕੀਤਾ ਜਾਵੇਗਾ, ਜਿਸ ਵਿਚ ਹਾਈਵੇਅ ਅਤੇ ਰੇਲ ਗੱਡੀਆਂ ਨੂੰ ਰੋਕਣਾ ਵੀ ਸ਼ਾਮਲ ਹੋਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਜਥੇਬੰਦੀਆਂ ਤੋਂ ਮਿਲਣ ਵਾਲੇ ਸੰਦੇਸ਼ ਦਾ ਇੰਤਜ਼ਾਰ ਕਰਨ ਅਤੇ ਇਸ ਗੱਲ ਦੀ ਤਿਆਰੀ ਰੱਖਣ ਕਿ ਸਰਕਾਰ ਨੂੰ ਸਬਕ ਸਿਖਾਇਆ ਜਾ ਸਕੇ।
ਮਨਜੀਤ ਸਿੰਘ ਰਾਏ ਨੇ ਸਿੱਧੇ ਤੌਰ 'ਤੇ ਸਰਕਾਰ ਨੂੰ ਤਾੜਨਾ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਦਾ ਇਹੀ ਵਤੀਰਾ ਰਿਹਾ ਤਾਂ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਪਿੰਡਾਂ ਵਿੱਚ ਵੜਨ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਵੀਰ ਆਪਣੇ ਇਲਾਕਿਆਂ ਵਿੱਚ ਵੀਡੀਓਜ਼ ਪਾ ਕੇ ਸਰਕਾਰ ਦੇ ਇਸ ਮਾੜੇ ਰਵੱਈਏ ਬਾਰੇ ਲੋਕਾਂ ਨੂੰ ਜਾਗਰੂਕ ਕਰਨ।
