ਕਿਸੇ ਨੂੰ ਵੀ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਨਹੀਂ ਦਿੱਤਾ ਜਾਵੇਗਾ : ਡੀ. ਸੀ.

Thursday, Aug 24, 2017 - 07:05 AM (IST)

ਕਿਸੇ ਨੂੰ ਵੀ ਅਮਨ-ਕਾਨੂੰਨ ਦੀ ਸਥਿਤੀ ਨੂੰ ਭੰਗ ਕਰਨ ਨਹੀਂ ਦਿੱਤਾ ਜਾਵੇਗਾ : ਡੀ. ਸੀ.

ਤਰਨਤਾਰਨ,   (ਧਰਮ ਪੰਨੂ)- ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਕੇਸ ਸਬੰਧੀ 25 ਅਗਸਤ ਨੂੰ ਆਉਣ ਵਾਲੇ ਫ਼ੈਸਲੇ ਨੂੰ ਮੁੱਖ ਰੱਖਦਿਆਂ ਜ਼ਿਲੇ ਵਿਚ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਸਬੰਧੀ ਅੱਜ ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਪ੍ਰਦੀਪ ਕੁਮਾਰ ਸੱਭਰਵਾਲ ਅਤੇ ਐੱਸ. ਐੱਸ. ਪੀ. ਦਰਸ਼ਨ ਸਿੰਘ ਮਾਨ ਵੱਲੋਂ ਸਿਵਲ ਅਤੇ ਪੁਲਸ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। 
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੰਦੀਪ ਰਿਸ਼ੀ, ਐੱਸ. ਡੀ. ਐੱਮ. ਤਰਨਤਾਰਨ ਡਾ. ਅਮਨਦੀਪ ਕੌਰ, ਐੱਸ. ਡੀ. ਐੱਮ. ਪੱਟੀ ਸੁਰਿੰਦਰ ਸਿੰਘ, ਸਿਵਲ ਸਰਜਨ ਡਾ. ਸ਼ਮਸ਼ੇਰ ਸਿੰਘ, ਐੱਸ. ਪੀ. (ਡੀ) ਤਿਲਕ ਰਾਜ, ਡੀ. ਐੱਸ. ਪੀ. ਪਿਆਰਾ ਸਿੰਘ, ਡੀ. ਐੱਸ. ਪੀ. ਸਤਪਾਲ ਸਿੰਘ, ਡੀ. ਐੱਸ. ਪੀ. ਸੋਹਣ ਸਿੰਘ, ਡੀ. ਐੱਸ. ਪੀ. ਐੱਸ. ਐੱਸ. ਮਾਨ ਤੋਂ ਇਲਾਵਾ ਹੋਰ ਵੀ ਕਈ ਅਧਿਕਾਰੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਜ਼ਿਲੇ ਵਿਚ ਅਮਨ-ਕਾਨੂੰਨ ਦੀ ਸਥਿਤੀ, ਪੁਲਸ ਤੇ ਸਿਵਲ ਪ੍ਰਸ਼ਾਸਨ ਵਿਚ ਤਾਲਮੇਲ, ਲੋੜ ਅਨੁਸਾਰ ਮੈਜਿਸਟ੍ਰੇਟਾਂ ਦੀ ਨਿਯੁਕਤੀ, ਧਾਰਾ 144 ਲਾਗੂ ਕਰਨ ਸਮੇਤ ਵੱਖ-ਵੱਖ ਪਹਿਲੂਆਂ 'ਤੇ ਵਿਚਾਰ-ਚਰਚਾ ਕੀਤੀ। 
ਉਨ੍ਹਾਂ ਕਿਹਾ ਕਿ ਜ਼ਿਲੇ ਵਿਚ ਅਮਨ-ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ ਪੁਲਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਨੂੰ ਵੀ ਅਮਨ-ਕਾਨੂੰਨ ਦੀ ਸਥਿਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜ਼ਿਲੇ ਦੇ ਸਾਰੇ ਸਿਵਲ ਤੇ ਪੁਲਸ ਅਧਿਕਾਰੀ ਆਪਣੇ-ਆਪਣੇ ਖੇਤਰਾਂ ਵਿਚ ਅਮਨ-ਕਾਨੂੰਨ ਦੀ ਸਥਿਤੀ ਸਬੰਧੀ ਰੋਜ਼ਾਨਾ ਮੀਟਿੰਗਾਂ ਕਰਨਗੇ ਅਤੇ ਅਮਨ-ਸ਼ਾਂਤੀ ਬਰਕਰਾਰ ਰੱਖਣ ਲਈ ਕੰਮ ਕਰਨਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਮਨ-ਸ਼ਾਂਤੀ ਕਾਇਮ ਰੱਖਣ ਲਈ ਪੁਲਸ ਅਤੇ ਸਿਵਲ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ ਅਤੇ ਅਫ਼ਵਾਹਾਂ ਤੋਂ ਸੁਚੇਤ ਰਹਿਣ। ਉਨ੍ਹਾਂ ਕਿਹਾ ਕਿ 25 ਅਗਸਤ ਨੂੰ ਜ਼ਿਲੇ ਵਿਚ ਸਾਰੇ ਗੰਨ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ ਅਤੇ ਜ਼ਿਲੇ ਦੀ ਹਦੂਦ ਅੰਦਰ ਕਿਸੇ ਵੀ ਵਿਅਕਤੀ ਵੱਲੋਂ ਕਿਸੇ ਤਰ੍ਹਾਂ ਦਾ ਅਸਲਾ ਨਾਲ ਲੈ ਕੇ ਚੱਲਣ 'ਤੇ ਮੁਕੰਮਲ ਪਾਬੰਦੀ ਲਾਈ ਗਈ ਹੈ।  ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਅਤੇ ਐੱਸ. ਐੱਸ. ਪੀ. ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੌਜੂਦਾ ਹਾਲਾਤ ਵਿਚ ਅਮਨ-ਕਾਨੂੰਨ ਦੀ ਸਥਿਤੀ ਅਤੇ ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਉਹ ਸੋਸ਼ਲ ਮੀਡੀਆ 'ਤੇ ਕਿਸੇ ਵੀ ਤਰ੍ਹਾਂ ਦੀ ਕਲਿੱਪ ਜਾਂ ਮੈਸੇਜ ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਹੋਵੇ, ਸਬੰਧੀ ਘੋਖ ਕਰਨ ਲਈ ਸਿਵਲ ਤੇ ਪੁਲਸ ਪ੍ਰਸ਼ਾਸਨ ਨਾਲ ਤਾਲਮੇਲ ਰੱਖਣ ਤਾਂ ਜੋ ਅਫ਼ਵਾਹਾਂ ਨਾਲ ਪੈਦਾ ਹੋਣ ਵਾਲੀ ਕਿਸੇ ਵੀ ਅਣਸੁਖਾਵੀਂ ਸਥਿਤੀ ਤੋਂ ਬਚਿਆ ਜਾ ਸਕੇ। 


Related News