ਗੁਰਦਾਸਪੁਰ 36, ਦੀਨਾਨਗਰ 49 ਅਤੇ ਕਾਦੀਆਂ ਨਗਰ ਕੌਂਸਲ ਲਈ 21 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਭਰੇ
Wednesday, Jun 03, 2026 - 06:15 PM (IST)
ਗੁਰਦਾਸਪੁਰ (ਹਰਮਨ, ਵਿਨੋਦ) : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਐਲਾਨੇ ਚੋਣ ਪ੍ਰੋਗਰਾਮ ਅਨੁਸਾਰ ਗੁਰਦਾਸਪੁਰ, ਦੀਨਾਨਗਰ ਤੇ ਕਾਦੀਆਂ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ ਹੋਣਗੀਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਚੋਣਕਾਰ ਅਫ਼ਸਰ ਗੁਰਦਾਸਪੁਰ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਐਲਾਨੇ ਗਏ ਚੋਣ ਪ੍ਰੋਗਰਾਮ ਅਨੁਸਾਰ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖ਼ਰੀ ਦਿਨ ਗੁਰਦਾਸਪੁਰ ਵਿਖੇ 36 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਗੁਰਦਾਸਪੁਰ ਨਗਰ ਕੌਂਸਲ ਦੇ ਕੁੱਲ ਵਾਰਡ 29 ਹਨ ਅਤੇ ਹੁਣ ਤੱਕ ਇੱਥੇ ਕੁੱਲ 170 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।
ਇਸੇ ਤਰ੍ਹਾਂ ਦੀਨਾਨਗਰ ਵਿਖੇ ਅੱਜ 49 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਦੀਨਾਨਗਰ ਦੇ ਕੁੱਲ ਵਾਰਡ 15 ਹਨ ਅਤੇ ਦੀਨਾਨਗਰ ਨਗਰ ਕੌਂਸਲ ਲਈ ਕੁੱਲ 95 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਕਾਦੀਆਂ ਵਿਖੇ ਅੱਜ 21 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਕਾਦੀਆਂ ਦੇ ਕੁੱਲ ਵਾਰਡ 15 ਹਨ ਅਤੇ ਕਾਦੀਆਂ ਨਗਰ ਕੌਂਸਲ ਲਈ ਕੁੱਲ 93 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੱਲ੍ਹ 4 ਜੂਨ ਨੂੰ ਹੋਵੇਗੀ ਅਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ 5 ਜੂਨ ਦੁਪਹਿਰ 3 ਵਜੇ ਤੱਕ ਹੈ। ਉਨ੍ਹਾਂ ਦੱਸਿਆ ਕਿ ਪੋਲਿੰਗ 13 ਜੂਨ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਅਤੇ ਵੋਟਾਂ ਦੀ ਗਿਣਤੀ ਵੋਟਾਂ ਪੈਣ ਉਪਰੰਤ ਉਸੇ ਦਿਨ ਕੀਤੀ ਜਾਵੇਗੀ।
