ਬਿਜਲੀ ਸਮਝੌਤੇ ਰੱਦ ਕਰਨ ਦੀ ਬਜਾਏ ਨਿਗੂਣਾ ਵਾਧਾ ਲੋਕਾਂ ਦੀਆਂ ਅੱਖਾਂ ਵਿਚ ਧੂੜ ਝੋਕਣ ਸਮਾਨ : ਹਰਪਾਲ ਚੀਮਾ

Saturday, May 29, 2021 - 03:31 PM (IST)

ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਵਲੋਂ ਬਿਜਲੀ ਦੀਆਂ ਦਰਾਂ ਵਿਚ ਮਾਮੂਲੀ ਜਿਹੀ ਕਟੌਤੀ ਕਰਨ ਬਾਰੇ ਕਿਹਾ ਕਿ ਇਹ ਸਭ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਕੀਤੀ ਤਬਦੀਲੀ ਲੋਕਾਂ ਦੀਆਂ ਅੱਖਾਂ ਵਿੱਚ ਧੂੜ ਝੋਕਣ ਸਾਮਾਨ ਹੈ। ਉਨ੍ਹਾਂ ਮੰਗ ਕੀਤੀ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਵਾਅਦੇ ਅਨੁਸਾਰ ਬਾਦਲ ਸਰਕਾਰ ਸਮੇਂ ਹੋਏ ਬਿਜਲੀ ਸਮੌਤਿਆਂ ਸਬੰਧੀ ਵਾਈਟ ਪੇਪਰ ਤੁਰੰਤ ਜਾਰੀ ਕਰਨ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਦੇਸ ਭਰ ਵਿਚੋਂ ਮਿਲ ਰਹੀ ਮਹਿੰਗੀ ਬਿਜਲੀ ਦੀ ਸੱਚਾਈ ਦਾ ਪਤਾ ਲੱਗ ਸਕੇ।ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਿਜਲੀ ਦਰਾਂ ਵਿੱਚ ਪ੍ਰਤੀ ਯੂਨਿਟ 50 ਪੈਸੇ ਤੋਂ ਲੈ ਕੇ ਇੱਕ ਰੁਪਏ ਤੱਕ ਦੀ ਕਟੌਤੀ ਕੀਤੀ ਗਈ, ਜੋ ਬਹੁਤ ਹੀ ਨਿਗੂਣੀ ਹੈ। ਕੈਪਟਨ ਸਰਕਾਰ ਨੇ ਚੋਣਾਂ ਨੂੰ ਸਾਹਮਣੇ ਰੱਖਦਿਆਂ ਕੇਵਲ ਗੋਗਲੂਆਂ ਤੋਂ ਮਿੱਟੀ ਝਾੜਣ ਦਾ ਹੀ ਕੰਮ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬਿਜਲੀ ਖ਼ਪਤਕਾਰ ਪੂਰੇ ਦੇਸ ਵਿੱਚੋਂ ਸਭ ਤੋਂ ਜ਼ਿਆਦਾ ਕੀਮਤ ਅਦਾ ਕਰ ਰਹੇ ਹਨ, ਜਦੋਂ ਕਿ ਪੰਜਾਬ ਵਿੱਚ ਬਿਜਲੀ ਦਾ ਉਤਪਾਦਨ ਵੱਡੇ ਪੱਧਰ ਹੋ ਰਿਹਾ ਹੈ।

ਇਹ ਵੀ ਪੜ੍ਹੋ : ਲਗਾਤਾਰ ਦੂਜੇ ਸਾਲ ਘਰੇਲੂ ਬਿਜਲੀ ਦਰਾਂ ’ਚ ਕਮੀ ਗਰੀਬ ਲਈ ਫਾਇਦੇਮੰਦ : ਕੈਪਟਨ

ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਜਦੋਂ ਪੰਜਾਬ ਵਿੱਚ ਪਾਣੀ ਨਾਲ ਬਿਜਲੀ ਪੈਦਾ ਕੀਤੀ ਜਾ ਸਕਦੀ ਸੀ ਤਾਂ ਪਿਛਲੀ ਬਾਦਲ ਸਰਕਾਰ ਨੇ ਪ੍ਰਾਈਵੇਟ ਕੰਪਨੀਆਂ ਨਾਲ ਮਿਲ ਕੇ ਇੱਥੇ ਕੋਲੇ ਦੇ ਪ੍ਰੋਜੈਕਟ ਲੋਕਾਂ ਦੀ ਆਰਥਿਕ ਲੁੱਟ ਲਈ ਸਥਾਪਤ ਕੀਤੇ ਸਨ। ਉਨ੍ਹਾਂ ਕਿਹਾ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਬਾਦਲ ਸਰਕਾਰ ਵਲੋਂ ਲਾਏ ਗਏ ਬਿਜਲੀ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਇਨ੍ਹਾਂ ਸਮਝੌਤਿਆਂ ਬਾਰੇ ਵਾਈਟ ਪੇਪਰ ਜਾਰੀ ਕੀਤਾ ਜਾਵੇਗਾ। ਸਾਢੇ ਚਾਰ ਸਾਲ ਹੋ ਗਏ ਕੈਪਟਨ ਨੂੰ ਮੁੱਖ ਮੰਤਰੀ ਦੀ ਕੁਰਸੀ ’ਤੇ ਬੈਠਿਆਂ, ਪਰ ਕੈਪਟਨ ਨੇ ਬਿਜਲੀ ਸਮੌਤਿਆਂ ਬਾਰੇ ਕੋਈ ਵਾਈਟ ਪੇਪਰ ਜਾਰੀ ਨਹੀਂ ਕੀਤਾ। ਚੀਮਾ ਨੇ ਕਿਹਾ ਕਿ ਬਾਦਲਾਂ ਵਲੋਂ ਕੀਤੇ ਗਏ ਗ਼ਲਤ ਬਿਜਲੀ ਸਮਝੌਤਿਆਂ ਨੂੰ ਰੱਦ ਨਾ ਕਰਕੇ ਕੈਪਟਨ ਅਮਰਿੰਦਰ ਸਿੰਘ ਦੀ ਬਾਦਲ ਪਰਿਵਾਰ ਨਾਲ ਮਿਲੀਭੁਗਤ ਜੱਗ ਜ਼ਾਹਿਰ ਹੋਈ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਗ਼ਲਤ ਬਿਜਲੀ ਸਮਝੌਤੇ ਰੱਦ ਨਹੀਂ ਹੋ ਜਾਂਦੇ ਪੰਜਾਬ ਦੇ ਖ਼ਜ਼ਾਨੇ ਉੱਤੇ ਕਿਸੇ ਨਾ ਕਿਸੇ ਰੂਪ ਵਿੱਚ ਭਾਰ ਪੈਣਾ ਜਾਰੀ ਰਹੇਗਾ। ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਤੋਂ ਸੇਧ ਲੈਂਣ ਲਈ ਸਲਾਹ ਦਿੰਦਿਆਂ ਕਿਹਾ ਹੈ ਕਿ ਪੰਜਾਬ ‘ਚ ਵਰਗ ਵੰਡ ਦੀ ਥਾਂ ਸਾਰੇ ਵਰਗਾਂ ਦੇ ਲੋਕਾਂ ਨੂੰ ਸਸਤੀ ਬਿਜਲੀ ਦੀਆਂ ਸੁਵਿਧਾਵਾਂ ਦਿੱਤੀਆਂ ਜਾਣ।

ਇਹ ਵੀ ਪੜ੍ਹੋ : ਹਸਪਤਾਲਾਂ ’ਚ ਕੋਵਿਡ ਮਰੀਜ਼ਾਂ ਤੋਂ ਜ਼ਿਆਦਾ ਵਸੂਲੀ ਕਰਨ ਦੇ ਮਾਮਲੇ ’ਚ ਮੁੱਖ ਮੰਤਰੀ ਵਲੋਂ ਸੂਬਾ ਪੱਧਰੀ ਕਮੇਟੀ ਗਠਿਤ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


Anuradha

Content Editor

Related News