ਨਰੇਗਾ ਸਕੀਮ ਤਹਿਤ ਆਏ ਫੰਡਾਂ ''ਚ ਕਾਂਗਰਸ ਸਰਕਾਰ ਨੇ ਕੀਤਾ ਕਰੋੜਾਂ ਦਾ ਘਪਲਾ : ਸੁਖਬੀਰ ਬਾਦਲ

Tuesday, Aug 30, 2022 - 10:33 PM (IST)

ਫਿਰੋਜ਼ਪੁਰ (ਕੁਮਾਰ) : ਕੇਂਦਰ ਸਰਕਾਰ ਦੀਆਂ ਸਕੀਮਾਂ ਨੂੰ ਲੈ ਕੇ ਅੱਜ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ, ਫਿਰੋਜ਼ਪੁਰ ਦੇ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹੇ ਭਰ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਤੇ ਭਾਰਤ ਸਰਕਾਰ ਦੀਆਂ ਸਕੀਮਾਂ ਤਹਿਤ ਆਏ ਫੰਡਾਂ ਦੀ ਕੀਤੀ ਗਈ ਵਰਤੋਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਨੇ ਕਿਹਾ ਕਿ ਪੰਜਾਬ 'ਚ ਕਾਂਗਰਸ ਦੀ ਸਰਕਾਰ ਸਮੇਂ ਨਰੇਗਾ ਸਕੀਮ ਤਹਿਤ ਕਰੋੜਾਂ ਰੁਪਏ ਦੇ ਘਪਲੇ ਹੋਏ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਦੇ ਲੀਡਰਾਂ, ਸਰਪੰਚਾਂ ਤੇ ਆਗੂਆਂ ਨੇ ਆਪੋ-ਆਪਣੇ ਪੱਧਰ ’ਤੇ ਟਾਈਲਾਂ ਦੀਆਂ ਫੈਕਟਰੀਆਂ ਲਗਾਈਆਂ ਹੋਈਆਂ ਸਨ ਅਤੇ ਉਨ੍ਹਾਂ ਨੇ ਸਬ-ਸਟੈਂਡਰਡ ਟਾਈਲਾਂ ਲਗਾ ਕੇ ਕਰੋੜਾਂ ਰੁਪਏ ਦਾ ਘਪਲਿਆਂ ਨੂੰ ਅੰਜਾਮ ਦਿੱਤਾ ਹੈ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਵਿੰਨ੍ਹਿਆ 'ਆਪ' ਸਰਕਾਰ 'ਤੇ ਨਿਸ਼ਾਨਾ, ਲਾਏ ਵੱਡੇ ਇਲਜ਼ਾਮ

ਸੁਖਬੀਰ ਨੇ ਕਿਹਾ ਕਿ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੂੰ ਆਦੇਸ਼ ਦਿੱਤੇ ਹਨ ਕਿ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਫੰਡਾਂ ਦੀ ਕਾਂਗਰਸ ਸਰਕਾਰ ਦੌਰਾਨ ਵਰਤੋਂ ਕਿਵੇਂ ਹੋਈ, ਦੀ ਬਾਰੀਕੀ ਅਤੇ ਗੰਭੀਰਤਾ ਨਾਲ ਜਾਂਚ ਕਰਕੇ ਪਤਾ ਲਗਾਇਆ ਜਾਵੇ ਕਿ ਕਿਹੜੇ-ਕਿਹੜੇ ਕਾਂਗਰਸੀਆਂ ਨੇ ਇੰਟਰਲਾਕਿੰਗ ਟਾਈਲਾਂ ਦੀਆਂ ਫੈਕਟਰੀ ਲਗਾਈਆਂ ਹੋਈਆਂ ਸਨ ਤੇ ਇਸ ਕਥਿਤ ਘਪਲੇ 'ਚ ਕੌਣ-ਕੌਣ ਸ਼ਾਮਲ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀ ਮੌਜੂਦਾ ਸਰਕਾਰ ਫਿਰੋਜ਼ਪੁਰ ਵਿੱਚ ਬਣਨ ਵਾਲੇ ਪੀ.ਜੀ.ਆਈ. ਸੈਟੇਲਾਈਟ ਸੈਂਟਰ ਸਬੰਧੀ ਕੋਈ ਉਪਰਾਲਾ ਨਹੀਂ ਕਰ ਰਹੀ ਅਤੇ ਇਸ ਮੁੱਦੇ ਨੂੰ ਲੈ ਕੇ ਉਨ੍ਹਾਂ ਦਾ ਕੇਂਦਰ ਸਰਕਾਰ ਨਾਲ ਕੋਈ ਸੰਪਰਕ ਨਹੀਂ ਹੈ। ਉਨ੍ਹਾਂ ਕਿਹਾ ਕਿ ਪੀ.ਜੀ.ਆਈ. ਸੈਟੇਲਾਈਟ ਸੈਂਟਰ ਦੀ ਉਸਾਰੀ ਸ਼ੁਰੂ ਕਰਵਾਉਣ ਲਈ ਉਹ ਆਪਣੇ ਪੱਧਰ ’ਤੇ ਵੱਡੇ ਉਪਰਾਲੇ ਕਰ ਰਹੇ ਹਨ ਤੇ ਜਲਦ ਹੀ ਫਿਰੋਜ਼ਪੁਰ ਵਿੱਚ ਪੀ.ਜੀ.ਆਈ. ਦੀ ਉਸਾਰੀ ਸ਼ੁਰੂ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਇੰਟਰਵਿਊ ਦੌਰਾਨ ਸੁਖਬੀਰ ਬਾਦਲ ਨੇ ਦਿੱਤਾ ਹਰ ਸਵਾਲ ਦਾ ਬੇਬਾਕ ਜਵਾਬ, ਹਾਰ ਦੀ ਵੀ ਦੱਸੀ ਵਜ੍ਹਾ

ਪੱਤਰਕਾਰਾਂ ਵੱਲੋਂ 'ਸਿਟ' ਅੱਗੇ ਪੇਸ਼ ਹੋਣ ਸਬੰਧੀ ਪੁੱਛੇ ਸਵਾਲ ਦੇ ਜਵਾਬ 'ਚ ਸੁਖਬੀਰ ਬਾਦਲ ਨੇ ਕਿਹਾ ਕਿ ਰਾਤ ਨੂੰ ਹੀ ਉਨ੍ਹਾਂ ਨੂੰ 'ਸਿਟ' ਵੱਲੋਂ ਪੇਸ਼ ਹੋਣ ਲਈ ਫ਼ੋਨ 'ਤੇ ਮੈਸੇਜ ਮਿਲਿਆ ਸੀ ਪਰ ਅੱਜ ਉਨ੍ਹਾਂ ਦੀ ਜ਼ੀਰਾ ਦੀ ਅਦਾਲਤ 'ਚ ਪੇਸ਼ੀ ਸੀ, ਇਸ ਲਈ ਉਨ੍ਹਾਂ ਨੇ 'ਸਿਟ' ਦੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਨ੍ਹਾਂ ਨੂੰ ਅੱਗੇ ਦੀ ਤਾਰੀਖ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕੋਈ ਗਲਤ ਕੰਮ ਨਹੀਂ ਕੀਤਾ, ਇਸ ਲਈ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦਾ ਡਰ ਨਹੀਂ ਹੈ ਅਤੇ ਉਹ 'ਸਿਟ' ਦੇ ਸਾਹਮਣੇ ਪੇਸ਼ ਹੋ ਕੇ ਆਪਣੀ ਸਥਿਤੀ ਸਪੱਸ਼ਟ ਕਰਨਗੇ ਤੇ ਹਰ ਸਵਾਲ ਦਾ ਜਵਾਬ ਦੇਣਗੇ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News