ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਨਵੇਂ ਚੁਣੇ ਸਰਪੰਚਾਂ-ਪੰਚਾਂ ਨੂੰ ਚੁਕਾਈ ਸਹੁੰ

Wednesday, Dec 04, 2024 - 04:12 AM (IST)

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਨਵੇਂ ਚੁਣੇ ਸਰਪੰਚਾਂ-ਪੰਚਾਂ ਨੂੰ ਚੁਕਾਈ ਸਹੁੰ

ਬਟਾਲਾ (ਬੇਰੀ, ਸਾਹਿਲ, ਖੋਖਰ, ਯੋਗੀ, ਅਸ਼ਵਨੀ)- ਸੂਬੇ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਅਤੇ ਪ੍ਰਬੰਧਕੀ ਸੁਧਾਰ ਵਿਭਾਗ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਾਣਾ ਮੰਡੀ ਬਟਾਲਾ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜ਼ਿਲ੍ਹੇ ਵਿਚ ਨਵੇਂ ਚੁਣੇ ਸਰਪੰਚਾਂ ਤੇ ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਜ਼ਿਲ੍ਹੇ ਦੇ 11 ਬਲਾਕਾਂ ’ਚ ਚੁਣੇ 1267 ਸਰਪੰਚਾਂ ਅਤੇ 7208 ਪੰਚਾਂ ਨੇ ਆਪਣੇ ਅਹੁਦੇ ਦਾ ਹਲਫ ਲਿਆ।

ਇਸ ਤੋਂ ਪਹਿਲਾਂ ਸਰਪੰਚਾਂ ਅਤੇ ਪੰਚਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਨਿਰਪੱਖ ਅਤੇ ਪਾਰਦਰਸੀ ਢੰਗ ਨਾਲ ਕਰਵਾਉਣ ’ਚ ਨਵੀਂ ਮਿਸਾਲ ਕਾਇਮ ਕੀਤੀ ਹੈ, ਕਿਉਂਕਿ ਇਹ ਪੰਚਾਇਤੀ ਚੋਣਾਂ ਪਿੰਡਾਂ ਨੂੰ ਸਿਆਸੀ ਧੜੇਬੰਦੀ ਦੇ ਪਰਛਾਵੇਂ ਤੋਂ ਦੂਰ ਰੱਖਣ ਲਈ ਸਿਆਸੀ ਪਾਰਟੀ ਦੇ ਚੋਣ ਨਿਸ਼ਾਨ ਤੋਂ ਬਿਨਾਂ ਕਰਵਾਈਆਂ ਗਈਆਂ ਸਨ। ਇਸ ਕਦਮ ਨਾਲ ਲੋਕਾਂ ’ਚ ਆਪਸੀ ਭਾਈਚਾਰਕ ਸਾਂਝ ਹੋਰ ਮਜ਼ਬੂਤ ਹੋਵੇਗੀ।

ਧਾਲੀਵਾਲ ਨੇ ਨਵੇਂ ਚੁਣੇ ਸਰਪੰਚਾਂ ਤੇ ਪੰਚਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਿਕਾਸ ਕਾਰਜਾਂ ’ਚ ਪਾਰਦਰਸ਼ਤਾ ਲਿਆਉਣ ਲਈ ਆਪੋ-ਆਪਣੇ ਪਿੰਡਾਂ ’ਚ ਗ੍ਰਾਮ ਪੰਚਾਇਤਾਂ ਦੀਆਂ ਮੀਟਿੰਗਾਂ ਕਰ ਕੇ ਪੰਚਾਇਤੀ ਫੈਸਲਿਆਂ ਵਿਚ ਲੋਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਰਪੰਚ/ਪੰਚ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਈਮਾਨਦਾਰੀ ਨਾਲ ਨਿਭਾ ਕੇ ਆਮ ਆਦਮੀ ਅਤੇ ਆਪਣੇ ਪਿੰਡਾਂ ਦੀ ਤਕਦੀਰ ਬਦਲ ਸਕਦੇ ਹਨ।

PunjabKesari

ਇਸ ਮੌਕੇ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਵਿਧਾਇਕ ਅਮਰਪਾਲ ਸਿੰਘ, ਡੇਰਾ ਬਾਬਾ ਨਾਨਕ ਤੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ‘ਆਪ’ ਦੇ ਸੂਬਾ ਜਨਰਲ ਸਕੱਤਰ ਜਗਰੂਪ ਸਿੰਘ ਸੇਖਵਾਂ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਪਨਸਪ ਦੇ ਚੇਅਰਮੈਨ ਬਲਬੀਰ ਸਿੰਘ ਪੰਨੂ ਅਤੇ ‘ਆਪ’ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼ਮਸ਼ੇਰ ਸਿੰਘ ਦੀਨਾਨਗਰ ਨੇ ਵੀ ਨਵੇਂ ਚੁਣੇ ਸਰਪੰਚ ਤੇ ਪੰਚ ਸਾਹਿਬਾਨ ਨੂੰ ਮੁਬਾਰਕਬਾਦ ਤੇ ਸ਼ੁਭ-ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਉਹ ਆਪਣੇ ਵਿਧਾਨ ਸਭਾ ਹਲਕੇ ਦੀਆਂ ਪੰਚਾਇਤਾਂ ਨਾਲ ਨਿੱਜੀ ਤੌਰ ’ਤੇ ਗੱਲਬਾਤ ਕਰ ਕੇ ਉਨ੍ਹਾਂ ਦੇ ਕੰਮਕਾਜ ’ਚ ਮਦਦ ਕਰਨਗੇ।

ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਐੱਸ. ਐੱਸ. ਪੀ. ਬਟਾਲਾ ਸੁਹੇਲ ਕਾਸਮ ਮੀਰ, ਵਧੀਕ ਡਿਪਟੀ ਕਮਿਸ਼ਨਰ (ਜ) ਸੁਰਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਐੱਸ. ਡੀ. ਐੱਮ. ਬਟਾਲਾ ਵਿਕਰਮਜੀਤ ਸਿੰਘ, ਡੀ. ਡੀ. ਪੀ. ਓ. ਗੁਰਪ੍ਰੀਤ ਸਿੰਘ ਭੁੱਲਰ ਨੇ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ।

PunjabKesari

ਪੰਚਾਇਤੀ ਨੁਮਾਇੰਦਿਆਂ ਨੂੰ ਪੰਚਾਇਤੀ ਰਾਜ ਐਕਟ ਦੀ ਜਾਣਕਾਰੀ ਦੇਣ ਲਈ ਲਗਾਏ ਜਾਣਗੇ ਵਿਸ਼ੇਸ਼ ਸੈਮੀਨਾਰ : ਧਾਲੀਵਾਲ
ਕੈਬਨਿਟ ਮੰਤਰੀ ਧਾਲੀਵਾਲ ਨੇ ਪੰਚਾਇਤੀ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਸਭ ਤੋਂ ਪਹਿਲਾਂ ਪੰਚਾਇਤੀ ਰਾਜ ਐਕਟ ਨੂੰ ਪੜ੍ਹ ਕੇ ਆਪਣੇ ਅਧਿਕਾਰਾਂ ਤੇ ਫਰਜ਼ਾਂ ਪ੍ਰਤੀ ਜਾਣੂ ਹੋਣ। ਉਨ੍ਹਾਂ ਕਿਹਾ ਕਿ ਚੁਣੇ ਪੰਚਾਇਤੀ ਨੁਮਾਇੰਦਿਆਂ ਵਿਚ 50 ਫੀਸਦੀ ਔਰਤਾਂ ਚੁਣੀਆਂ ਗਈਆਂ ਹਨ ਅਤੇ ਮਹਿਲਾ ਸਰਪੰਚਾਂ ਤੇ ਪੰਚਾਂ ਨੂੰ ਖੁਦ ਅੱਗੇ ਹੋ ਕੇ ਪੰਚਾਇਤ ਦੇ ਕੰਮ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਚਾਇਤੀ ਨੁਮਾਇੰਦਿਆਂ ਨੂੰ ਸਿਖਲਾਈ ਦੇਣ ਲਈ ਵਿਸ਼ੇਸ਼ ਸੈਮੀਨਾਰ ਵੀ ਲਗਾਏ ਜਾਣਗੇ।

ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਸ਼ੈਰੀ ਕਲਸੀ
ਇਸ ਤੋਂ ਪਹਿਲਾਂ ਸਰਪੰਚਾਂ ਤੇ ਪੰਚਾਂ ਨੂੰ ਵਧਾਈ ਦਿੰਦਿਆਂ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।      

ਇਹ ਵੀ ਪੜ੍ਹੋ- ਨੌਜਵਾਨ ਨੇ ਖਾਣ ਨੂੰ ਦਿੱਤਾ 'ਬਿਸਕੁਟ', ਜਦੋਂ ਅੱਖ ਖੁੱਲ੍ਹੀ ਤਾਂ ਆਪਣੇ-ਆਪ ਨੂੰ ਇਸ ਹਾਲ 'ਚ ਦੇਖ ਕੁੜੀ ਦੇ ਉੱਡ ਗਏ ਹੋਸ਼...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News