CM ਮਾਨ ਨੇ ਕੇਜਰੀਵਾਲ ਦੀ ਹਾਜ਼ਰੀ 'ਚ ਨਵੇਂ ਚੁਣੇ ਗਏ 10,031 ਸਰਪੰਚਾਂ ਨੂੰ ਚੁਕਾਈ ਸਹੁੰ, ਕੀਤੀ ਖ਼ਾਸ ਅਪੀਲ
Saturday, Nov 09, 2024 - 03:44 AM (IST)
ਲੁਧਿਆਣਾ/ਸਾਹਨੇਵਾਲ (ਵਿੱਕੀ, ਜਗਰੂਪ)- ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ (ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ ਤੇ ਗੁਰਦਾਸਪੁਰ ਤੋਂ ਇਲਾਵਾ) ਦੇ ਪਿੰਡਾਂ 'ਚ ਹੋਈਆਂ ਪੰਚਾਇਤੀ ਚੋਣਾਂ ਦੌਰਾਨ ਚੁਣੇ ਗਏ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ, ਜਿੱਥੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ 'ਆਮ ਆਦਮੀ ਪਾਰਟੀ' ਦੇ ਕਨਵੀਨਰ ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਨਵੇਂ ਚੁਣੇ ਗਏ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਗ੍ਰਾਮ ਸਭਾਵਾਂ ਦੀਆਂ ਬੈਠਕਾਂ ਕਰਨ ਅਤੇ ਵਿਕਾਸ ਕੰਮਾਂ ’ਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਸਾਰੇ ਫੈਸਲੇ ਲੋਕਾਂ ਦੀ ਹਾਜ਼ਰੀ ’ਚ ਲੈਣ।
ਇਸ ਸੂਬਾ ਪੱਧਰੀ ਸਮਾਗਮ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ 10,031 ਨਵੇਂ ਚੁਣੇ ਗਏ ਸਰਪੰਚਾਂ ਨੂੰ ਸਹੁੰ-ਚੁਕਾਈ। ਸਮਾਗਮ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਨਤਾ ਦੇ ਪੈਸੇ ਦੀ ਸਮਝਦਾਰੀ ਨਾਲ ਵਰਤੋਂ ਕਰਦੇ ਹੋਏ ਪਿੰਡਾਂ ਦਾ ਵਿਆਪਕ ਵਿਕਾਸ ਯਕੀਨੀ ਬਣਾਉਣਾ ਜ਼ਰੂਰੀ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਫੰਡ ਦੀ ਸਹੀ ਵਰਤੋਂ ਯਕੀਨੀ ਬਣਾਉਣ ਲਈ ਪਿੰਡਾਂ ਦੇ ਵਿਕਾਸ ਸਬੰਧੀ ਫੈਸਲੇ ਗ੍ਰਾਮ ਸਭਾਵਾਂ ’ਚ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਪੰਚ ਆਪਣੀ ਜ਼ਿੰਮੇਵਾਰੀ ਚੰਗੀ ਤਰ੍ਹਾਂ ਨਿਭਾਉਣ, ਤਾਂ ਉਹ ਆਮ ਆਦਮੀ ਅਤੇ ਆਪਣੇ ਪਿੰਡਾਂ ਦੀ ਤਕਦੀਰ ਬਦਲ ਸਕਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਸਰਪੰਚਾਂ ਨੂੰ ਹਰ ਨੇਕ ਕੰਮ ਦੇ ਲਈ ਪੂਰਾ ਸਹਿਯੋਗ ਦੇਵੇਗੀ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਸਰਪੰਚਾਂ ਨੂੰ ਸੂਬੇ ’ਚੋਂ ਨਸ਼ੇ ਦੀ ਸਮੱਸਿਆ ਨੂੰ ਜੜ੍ਹੋਂ ਪੁੱਟ ਸੁੱਟਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਸਰਪੰਚਾਂ ਦੀ ਸਰਗਰਮ ਭੂਮਿਕਾ ਨਾਲ ਪੰਜਾਬ ਨੂੰ ਜਲਦ ਹੀ ਨਸ਼ਾ ਮੁਕਤ ਸੂਬਾ ਬਣਾਇਆ ਜਾ ਸਕੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਇਸ ਕਾਰਜ ਦੇ ਲਈ ਵਚਨਬੱਧ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਰਪੰਚਾਂ ਦੀ ਅਹਿਮ ਭੂਮਿਕਾ ਹੁੰਦੀ ਹੈ ਅਤੇ ਉਨ੍ਹਾਂ ਨੂੰ ਆਪਣੀ ਜਿੰਮੇਵਾਰੀ ਅਸਰਦਾਰ ਢੰਗ ਨਾਲ ਨਿਭਾਉਣੀ ਚਾਹੀਦੀ ਹੈ।
ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਪੰਚਾਇਤ ਚੋਣਾਂ ਕਰਵਾਉਣ ਲਈ ਦਿੱਤੀ ਵਧਾਈ
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ 'ਆਮ ਆਦਮੀ ਪਾਰਟੀ' ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਚੋਣਾਂ ਕਰਵਾਉਣ ਲਈ ਪੰਜਾਬੀਆਂ ਨੂੰ ਵਧਾਈ ਦਿੱਤੀ ਅਤੇ ਇਸ ਪ੍ਰੋਗਰਾਮ ’ਚ ਪੁੱਜੇ ਸਰਪੰਚਾਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਆਸ ਪ੍ਰਗਟ ਕੀਤੀ ਕਿ ਸਹੁੰ ਚੁੱਕਣ ਤੋਂ ਬਾਅਦ ਇਹ ਸਰਪੰਚ ਆਪਣੇ ਪਿੰਡਾਂ ਨੂੰ ਵਿਕਾਸ ਦੀ ਦਿਸ਼ਾ ਵੱਲ ਅੱਗੇ ਵਧਾਉਣਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਰਪੰਚਾਂ ਨੂੰ ਚੰਗਾ ਪ੍ਰਦਰਸ਼ਨ ਕਰਨਾ ਪਵੇਗਾ ਅਤੇ ਆਪਣੇ ਪਿੰਡਾਂ ਨੂੰ ਆਦਰਸ਼ ਪਿੰਡਾਂ ਵਿਚ ਬਦਲਣਾ ਪਵੇਗਾ। ਉਨ੍ਹਾਂ ਕਿਹਾ ਕਿ ਸਰਪੰਚ ਫੈਸਲੇ ਪਿੰਡ ਵਾਸੀਆਂ ਨਾਲ ਸਲਾਹ-ਮਸ਼ਵਰਾ ਕਰ ਕੇ ਲੈਣ ਅਤੇ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ’ਚ ਸਰਪੰਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੇ ਹਨ।
ਇਸ ਦੌਰਾਨ ਆਪਣੇ ਸੰਬੋਧਨ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮਹੱਤਵਪੂਰਨ ਅਹੁਦੇ ’ਤੇ ਚੁਣੇ ਗਏ ਸਾਰੇ ਸਰਪੰਚਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹਾਲ ਹੀ ’ਚ ਹੋਈਆਂ ਪੰਚਾਇਤ ਚੋਣਾਂ ਵਿਚ 13,147 ਨਵੀਆਂ ਪੰਚਾਇਤਾਂ ਚੁਣੀਆਂ ਗਈਆਂ। ਭਗਵੰਤ ਮਾਨ ਨੇ ਕਿਹਾ ਕਿ ਇਸ ਸੂਬਾ ਪੱਧਰੀ ਸਮਾਗਮ ’ਚ ਪੰਜਾਬ ਦੇ 19 ਜ਼ਿਲਿਆਂ ਦੇ 10,031 ਸਪਰੰਚਾਂ ਨੇ ਸਹੁੰ ਚੁੱਕੀ।
ਪੰਚਾਂ ਦਾ ਸਹੁੰ ਚੁੱਕ ਸਮਾਗਮ ਉਪ ਚੋਣ ਤੋਂ ਬਾਅਦ
ਮੁੱਖ ਮੰਤਰੀ ਨੇ ਕਿਹਾ ਕਿ ਬਾਕੀ ਜ਼ਿਲਿਆਂ ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਬਰਨਾਲਾ ਅਤੇ ਗੁਰਦਾਸਪੁਰ ਦੇ ਨਵੇਂ ਚੁਣੇ ਸਰਪੰਚਾਂ ਅਤੇ ਸਾਰੇ 23 ਜ਼ਿਲਿਆਂ ਦੇ ਨਵੇਂ ਚੁਣੇ 81,808 ਪੰਚਾਂ ਦਾ ਸਹੁੰ ਚੁੱਕ ਸਮਾਗਮ ਗਿੱਦੜਬਾਹਾ, ਚੱਬੇਵਾਲ, ਬਰਨਾਲਾ ਅਤੇ ਡੇਰਾ ਬਾਬਾ ਨਾਨਕ ਦੀ ਉਪ ਚੋਣ ਤੋਂ ਬਾਅਦ ਹੋਵੇਗਾ।
ਉਨ੍ਹਾਂ ਨੇ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਕਰਨ ਲਈ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਪਿੰਡਾਂ ਨੇ ਸੌੜੀ ਸੋਚ ਤੋਂ ਉੱਪਰ ਉੱਠ ਕੇ ਸਰਬਸੰਮਤੀ ਨਾਲ ਪੰਚਾਇਤਾਂ ਦੀ ਚੋਣ ਕਰ ਕੇ ਜਿਥੇ ਇਕ ਪਾਸੇ ਪਿੰਡਾਂ ’ਚ ਭਾਈਚਾਰਾ ਅਤੇ ਸੰਪ੍ਰਦਾਇਕ ਸੌਹਾਰਦ ਮਜ਼ਬੂਤ ਕੀਤਾ, ਉਥੇ ਦੂਜੇ ਪਾਸੇ ਆਪਣੇ ਪਿੰਡਾਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਸੂਬੇ ਦੇ 3,037 ਪਿੰਡਾਂ ਦੀਆਂ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਅਤੇ ਫਿਰੋਜ਼ਪੁਰ ਜ਼ਿਲੇ ਨੇ 336 ਪੰਚਾਇਤਾਂ ਸਰਬਸੰਮਤੀ ਨਾਲ ਚੁਣ ਕੇ ਸਭ ਤੋਂ ਉੱਚਾ ਸਥਾਨ ਹਾਸਲ ਕੀਤਾ। ਇਸ ਤੋਂ ਬਾਅਦ ਗੁਰਦਾਸਪੁਰ (335) ਅਤੇ ਤਰਨਤਾਰਨ (334) ਦਾ ਸਥਾਨ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਕੂਲ, ਡਿਸਪੈਂਸਰੀ, ਪਸ਼ੂ ਹਸਪਤਾਲ ਅਤੇ ਲੋਕ ਹਿੱਤ ਨਾਲ ਜੁੜੀਆਂ ਕਈ ਹੋਰ ਸਹੂਲਤਾਂ ਪਹਿਲਾਂ ਹੀ ਪੰਚਾਇਤਾਂ ਦੀ ਸਿੱਧੀ ਨਿਗਰਾਨੀ ’ਚ ਹਨ। ਇਸੇ ਤਰ੍ਹਾਂ ਪਿੰਡਾਂ ਦੇ ਵਿਕਾਸ ਨਾਲ ਸਬੰਧਤ ਕਈ ਹੋਰ ਕਾਰਜ ਵੀ ਸਰਪੰਚਾਂ ਦੀ ਮਾਰਗਦਰਸ਼ਨ ’ਚ ਕਰਵਾਏ ਜਾ ਰਹੇ ਹਨ।
ਪ੍ਰਵਾਸੀ ਭਾਰਤੀ ਪਿੰਡਾਂ ਦੇ ਵਿਕਾਸ ’ਚ ਸਰਗਰਮ ਰੂਪ ’ਚ ਹਿੱਸਾ ਲੈਣ
ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਪਿੰਡਾਂ ’ਚ ਹਰ ਤੀਜਾ ਘਰ ਪ੍ਰਵਾਸੀ ਭਾਰਤੀਆਂ ਦਾ ਹੈ ਅਤੇ ਪ੍ਰਵਾਸੀ ਭਾਰਤੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਹ ਪਿੰਡਾਂ ਦੇ ਵਿਕਾਸ ’ਚ ਸਰਗਰਮ ਰੂਪ ਨਾਲ ਹਿੱਸਾ ਲੈਣ। ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਰਪੰਚਾਂ ਨੂੰ ਆਪਣੇ ਪਿੰਡਾਂ ਨੂੰ ਨਸ਼ਾਮੁਕਤ ਬਣਾਉਣ ’ਤੇ ਜ਼ੋਰ ਦੇਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਪੰਚ ਸਰਕਾਰ ਅਤੇ ਪਿੰਡਾਂ ’ਚ ਪੁਲ ਦਾ ਕੰਮ ਕਰਦੇ ਹਨ, ਇਸ ਲਈ ਉਨ੍ਹਾਂ ਨੂੰ ਪਿੰਡਾਂ ਦੇ ਵਿਕਾਸ ’ਚ ਵੱਡੀ ਭੂਮਿਕਾ ਨਿਭਾਉਣੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਸਰਪੰਚਾਂ ਨੂੰ ਯਕੀਨ ਦਿਵਾਇਆ ਕਿ ਪਿੰਡਾਂ ਵਿਚ ਵਿਕਾਸ ਕੰਮ ਕਰਵਾਉਣ ਲਈ ਫੰਡ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਇਕ ਰਚਨਾਤਮਕ ਮੁਹਿੰਮ ਸ਼ੁਰੂ ਕਰਨ ਅਤੇ ਪ੍ਰਦੇਸ਼ ਦੇ ਪਿੰਡਾਂ ਦੀ ਕਾਇਆਕਲਪ ਕਰਨ ਵਿਚ ਸਰਗਰਮ ਭੂਮਿਕਾ ਨਿਭਾਉਣ, ਤਾਂ ਕਿ ਅਸੀਂ ਰੰਗਲਾ ਪੰਜਾਬ ਬਣਾ ਸਕੀਏ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜਿਥੇ ਸੂਬੇ ਅਤੇ ਦੇਸ਼ ਦੀ ਦੌਲਤ ਦੀ ਲੁੱਟ ਕੀਤੀ, ਉਥੇ ‘ਆਪ’ ਸਰਕਾਰ ਵਿਕਾਸ ’ਤੇ ਪੂਰਾ ਧਿਆਨ ਦੇ ਰਹੀ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਯਕੀਨੀ ਬਣਾਵੇਗੀ। ਇਸ ਮੌਕੇ ਕੈਬਨਿਟ ਮੰਤਰੀ, ਰਾਜ ਸਭਾ ਅਤੇ ਲੋਕ ਸਭਾ ਮੈਂਬਰ, ਵਿਧਾਇਕ ਅਤੇ ਹੋਰ ਪਤਵੰਤੇ ਲੋਕ ਹਾਜ਼ਰ ਸਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e