ਸਿੱਖ ਗੁਰੂਆਂ ਦੀਆਂ ਇਤਰਾਜ਼ਯੋਗ ਤਸਵੀਰਾਂ ਅਪਲੋਡ ਕਰਨ ਵਾਲਿਆਂ ਖਿਲਾਫ ਕਾਰਵਾਈ ਬਾਰੇ ਨਿਰਦੇਸ਼ ਜਾਰੀ
Wednesday, Oct 10, 2018 - 12:38 AM (IST)

ਚੰਡੀਗੜ੍ਹ (ਬਰਜਿੰਦਰ)— ਸਿੱਖ ਗੁਰੂਆਂ ਅਤੇ ਸਿੱਖਾਂ ਦੀਆਂ ਤਸਵੀਰਾਂ ਨਾਲ ਛੇੜਛਾੜ ਕਰਕੇ ਉਨ੍ਹਾਂ ਇਤਰਾਜ਼ਯੋਗ ਤਸਵੀਰਾਂ ਨੂੰ ਵਟਸਐਪ, ਫੇਸਬੁਕ ਵਰਗੀਆਂ ਸੋਸ਼ਲ ਮੀਡੀਆ 'ਤੇ ਅਪਲੋਡ ਕਰਨ ਸਬੰਧੀ ਪਟੀਸ਼ਨ ਦਰਜ ਕੀਤੀ ਗਈ, ਜਿਸ ਦਾ ਨਬੇੜਾ ਕਰਦੇ ਹੋਏ ਹਾਈਕੋਰਟ ਨੇ ਪੰਜਾਬ ਸਰਕਾਰ ਸਮੇਤ ਪੁਲਸ ਨੂੰ ਅਜਿਹੀਆਂ ਘਟਨਾਵਾਂ ਨੂੰ ਲੈ ਕੇ ਆਉਣ ਵਾਲੀਆਂ ਸ਼ਿਕਾਇਤਾਂ 'ਤੇ ਉਚਿਤ ਕਾਰਵਾਈ ਦੇ ਨਿਰਦੇਸ਼ ਜਾਰੀ ਕੀਤੇ ਹਨ।
ਐਡਵੋਕੇਟ ਅਭਿਲਾਸ਼ ਗਰੋਵਰ ਨੇ ਮਾਮਲੇ 'ਚ ਪਟੀਸ਼ਨਰ ਪੱਖ ਵੱਲੋਂ ਦਲੀਲਾਂ ਪੇਸ਼ ਕਰਦੇ ਹੋਏ ਕਿਹਾ ਕਿ ਪੁਲਸ ਨੂੰ ਦਿੱਤੀਆਂ ਗਈਆਂ ਸ਼ਿਕਾਇਤਾਂ 'ਤੇ ਕੋਈ ਉਚਿਤ ਕਾਰਵਾਈ ਨਹੀਂ ਹੋਈ। ਅਜਿਹੇ 'ਚ ਮੰਗ ਕੀਤੀ ਗਈ ਸੀ ਕਿ ਬਚਾਅ ਧਿਰ ਨੂੰ ਨਿਰਦੇਸ਼ ਦਿੱਤੇ ਜਾਣ ਕਿ ਪਟੀਸ਼ਨਰ ਧਿਰ ਵੱਲੋਂ ਦਿੱਤੀਆਂ ਗਈਆਂ ਅੱਧਾ ਦਰਜਨ ਸ਼ਿਕਾਇਤਾਂ 'ਤੇ ਕਾਰਵਾਈ ਕਰਦੇ ਹੋਏ ਮਾਮਲਿਆਂ ਦੀ ਜਾਂਚ ਕਰੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ, ਡੀ.ਜੀ.ਪੀ. ਪੰਜਾਬ ਪੁਲਸ ਅਤੇ ਕਮਿਸ਼ਨਰ ਆਫ ਪੁਲਸ, ਅੰਮ੍ਰਿਤਸਰ ਨੂੰ ਪਾਰਟੀ ਬਣਾਉਂਦੇ ਹੋਏ ਇਹ ਪਟੀਸ਼ਨ ਦਰਜ ਕੀਤੀ ਗਈ ਸੀ।