15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ ਤੇ ਕਾਂਗਰਸ ਵੱਲੋਂ ਸਮਰਥਨ ਦਾ ਐਲਾਨ

Wednesday, Oct 14, 2026 - 08:49 PM (IST)

15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ ਤੇ ਕਾਂਗਰਸ ਵੱਲੋਂ ਸਮਰਥਨ ਦਾ ਐਲਾਨ

ਚੰਡੀਗੜ੍ਹ : ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਦੀ ਦੁਖਦਾਈ ਕਤਲ ਦੇ ਮਾਮਲੇ ਵਿੱਚ ਪੀੜਤ ਪਰਿਵਾਰ ਵੱਲੋਂ 15 ਅਕਤੂਬਰ (ਦਿਨ ਵੀਰਵਾਰ) ਨੂੰ ਦਿੱਤੇ ਗਏ 'ਪੰਜਾਬ ਬੰਦ' ਦੇ ਸੱਦੇ ਨੂੰ ਸੂਬੇ ਦੀਆਂ ਤਿੰਨ ਪ੍ਰਮੁੱਖ ਵਿਰੋਧੀ ਪਾਰਟੀਆਂ—ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਕਾਂਗਰਸ ਵੱਲੋਂ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਾਂਤਮਈ ਬੰਦ ਦਾ ਸਮਰਥਨ
ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਤੋਂ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਵੱਲੋਂ ਜਾਰੀ ਅਧਿਕਾਰਤ ਪੱਤਰ ਅਨੁਸਾਰ, ਨਸ਼ਿਆਂ ਖ਼ਿਲਾਫ਼ ਆਪਣੀ ਜਾਨ ਕੁਰਬਾਨ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਵੱਲੋਂ ਕੇਸ ਦੀ ਸੀ.ਬੀ.ਆਈ. (CBI) ਜਾਂਚ ਦੀ ਮੰਗ ਨੂੰ ਲੈ ਕੇ 15 ਅਕਤੂਬਰ ਨੂੰ ਸ਼ਾਂਤਮਈ ਪੰਜਾਬ ਬੰਦ ਦੀ ਅਪੀਲ ਕੀਤੀ ਗਈ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀਨੀਅਰ ਲੀਡਰਸ਼ਿਪ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਇਸ ਸ਼ਾਂਤਮਈ ਬੰਦ ਦਾ ਪੂਰਨ ਸਮਰਥਨ ਕਰਨ ਦਾ ਫੈਸਲਾ ਕੀਤਾ ਹੈ ਅਤੇ ਪਾਰਟੀ ਵਰਕਰਾਂ ਨੂੰ ਆਪਣੇ-ਆਪਣੇ ਇਲਾਕਿਆਂ ਵਿੱਚ ਜਨਤਾ ਤੋਂ ਸਹਿਯੋਗ ਮੰਗਣ ਦੀ ਬੇਨਤੀ ਕੀਤੀ ਹੈ।

ਭਾਜਪਾ ਦੀ ਸੀ.ਬੀ.ਆਈ. ਜਾਂਚ ਦੀ ਮੰਗ
ਭਾਜਪਾ ਆਗੂ ਕੇਵਲ ਸਿੰਘ ਢਿੱਲੋਂ ਨੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਅਤਿ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਇਨਸਾਫ਼ ਲਈ ਪਰਿਵਾਰ ਦੇ ਨਾਲ ਹੈ ਅਤੇ 15 ਅਕਤੂਬਰ ਦੇ ਪੰਜਾਬ ਬੰਦ ਦਾ ਪੂਰਨ ਸਮਰਥਨ ਕਰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਸੀ.ਬੀ.ਆਈ. ਤੋਂ ਉੱਚ ਪੱਧਰੀ ਜਾਂਚ ਕਰਵਾ ਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। 

ਕਾਂਗਰਸ ਵੱਲੋਂ ਸਮੂਹ ਆਗੂਆਂ ਤੇ ਵਰਕਰਾਂ ਨੂੰ ਇਕਜੁੱਟਤਾ ਦੀ ਅਪੀਲ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਵੱਲੋਂ ਜਾਰੀ ਅਪੀਲ ਵਿੱਚ ਪਰਵਿੰਦਰ ਸਿੰਘ ਝੋਟਾ (ਮਾਨਸਾ) ਦੀ ਦੁਖਦਾਈ ਮੌਤ ਦੇ ਮੱਦੇਨਜ਼ਰ 15 ਅਕਤੂਬਰ 2026 ਦੇ ਮੁਕੰਮਲ ਬੰਦ ਨੂੰ ਕਾਂਗਰਸ ਪਾਰਟੀ ਵੱਲੋਂ ਪੂਰਨ ਹਮਾਇਤ ਦੇਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਸਮੂਹ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ-ਆਪਣੇ ਇਲਾਕਿਆਂ ਵਿੱਚ ਸਥਾਨਕ ਪੱਧਰ 'ਤੇ ਪੂਰਾ ਸਹਿਯੋਗ ਦੇਣ ਅਤੇ ਇਸ ਮਾਮਲੇ ਵਿੱਚ ਇਨਸਾਫ਼ ਦੀ ਮੰਗ ਲਈ ਇਕਜੁੱਟਤਾ ਦਾ ਪ੍ਰਗਟਾਵਾ ਕਰਨ।
 


author

Inder Prajapati

Content Editor

Related News