ਕੋਰੋਨਾ ਦੇ 56 ਸ਼ੱਕੀਆਂ ’ਚੋਂ 12 ਦੀ ਰਿਪੋਰਟ ਆਈ, 2 ਪਾਜ਼ੀਟਿਵ : ਸਿਵਲ ਸਰਜਨ

Thursday, Mar 26, 2020 - 12:54 AM (IST)

ਹੁਸ਼ਿਆਰਪੁਰ (ਘੁੰਮਣ)- ਸਿਵਲ ਸਰਜਨ ਹੁਸ਼ਿਆਰਪੁਰ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਪਿੰਡ ਮੋਰਾਂਵਾਲੀ ਦੇ ਕੋਰੋਨਾ ਵਾਇਰਸ ਪਾਜ਼ੀਟਿਵ ਵਿਅਕਤੀ ਦੇ ਸੰਪਰਕ ਵਿਚ ਆਏ ਵਿਅਕਤੀਆਂ ਵਿਚੋਂ 19 ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਜ਼ੇਰੇ ਇਲਾਜ ਹਨ, ਜਿਨ੍ਹਾਂ ਦੇ ਸੈਂਪਲ ਲੈ ਕੇ ਜਾਂਚ ਲਈ ਚੰਡੀਗਡ਼੍ਹ ਭੇਜ ਦਿੱਤੇ ਗਏ ਹਨ। ਜ਼ਿਲੇ ਵਿਚ ਹੁਣ ਤੱਕ 56 ਸ਼ੱਕੀ ਲੱਛਣਾਂ ਵਾਲੇ ਵਿਅਕਤੀਆਂ ਦੇ ਸੈਂਪਲ ਲੈ ਗਏ ਹਨ, ਜਿਨ੍ਹਾਂ ਵਿਚੋਂ 12 ਦੀ ਰਿਪੋਰਟ ਪ੍ਰਾਪਤ ਹੋ ਚੁੱਕੀ ਹੈ ਤੇ 2 ਪਾਜ਼ੀਟਿਵ ਪਾਏ ਗਏ ਹਨ।
ਮੋਰਾਂਵਾਲੀ ਦੇ ਪਹਿਲੇ ਪਾਜ਼ੀਟਿਵ ਵਿਅਕਤੀ ਹਰਭਜਨ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ, ਜਿਸ ਦੀ ਉਮਰ 31 ਸਾਲ ਹੈ, ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੋਰਾਂਵਾਲੀ ਪਿੰਡ ਵਿਚ ਜਾ ਕੇ ਸੰਪਰਕ ਵਾਲੇ ਪਰਿਵਾਰਾਂ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਮੂਹ ਨਾਗਰਿਕਾਂ ਨੂੰ ਆਪਣੇ ਘਰਾਂ ਅੰਦਰ ਰਹਿ ਕਿ ਇਸ ਬੀਮਾਰੀ ਦੀ ਕਡ਼ੀ ਨੂੰ ਤੋਡ਼ਣ ’ਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਪ੍ਰਸ਼ਾਸਨ ਵੱਲੋਂ ਲਾਏ ਕਰਫਿਊ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ।


Gurdeep Singh

Content Editor

Related News