ਵਿਭਾਗ ਦੇ ਮੁਲਾਜ਼ਮਾਂ ਨੇ ਕੀਤਾ ਦਫਤਰੀ ਅਤੇ ਖੇਤਰੀ ਕੰਮ ਦਾ ਬਾਈਕਾਟ

09/22/2017 1:05:37 AM

ਸੰਗਰੂਰ, (ਬੇਦੀ, ਰੂਪਕ)— ਬੀਤੇ ਦਿਨੀਂ ਖੁਰਾਕ ਤੇ ਸਪਲਾਈ ਅਫਸਰ ਕਮਲਦੀਪ ਸਿੰਘ ਗਿੱਲ ਵੱਲੋਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਨੂੰ ਲੈ ਕੇ ਮੁਲਾਜ਼ਮਾਂ ਵਿਚ ਭਾਰੀ ਰੋਸ ਹੈ। ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਮੁਲਾਜ਼ਮਾਂ ਨੇ ਦਫਤਰੀ ਅਤੇ ਖੇਤਰੀ ਕੰਮ ਦਾ ਮੁਕੰਮਲ ਬਾਈਕਾਟ ਕਰ ਕੇ ਆਪਣਾ ਰੋਸ ਜ਼ਾਹਿਰ ਕੀਤਾ। ਉਨ੍ਹਾਂ ਮੰਗ ਕੀਤੀ ਕਿ ਕਮਲਦੀਪ ਸਿੰਘ ਗਿੱਲ ਦੀ ਮੌਤ ਲਈ ਜ਼ਿੰਮੇਵਾਰ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇ, ਨਹੀਂ ਤਾਂ 1 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਜੀਰੀ ਦੀ ਖਰੀਦ ਦਾ ਮੁਕੰਮਲ ਬਾਈਕਾਟ ਕੀਤਾ ਜਾਵੇਗਾ।
ਖੁਰਾਕ ਅਤੇ ਸਪਲਾਈ ਯੂਨੀਅਨ ਦੇ ਜ਼ਿਲਾ ਪ੍ਰਧਾਨ ਰਾਜੇਸ਼ ਬਾਂਸਲ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ਕਰਦਿਆਂ ਮੁਲਾਜ਼ਮ ਆਗੂਆਂ ਨੇ ਕਿਹਾ ਕਿ 20 ਸਤੰਬਰ ਨੂੰ ਵਿਭਾਗ ਦੇ ਅਫਸਰ ਕਮਲਦੀਪ ਸਿੰਘ ਗਿੱਲ, ਜਿਨ੍ਹਾਂ ਨੂੰ ਵਿਜੀਲੈਂਸ ਵਿਭਾਗ ਦੇ ਅਧਿਕਾਰੀਆਂ ਵੱਲੋਂ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ, ਨੇ ਖੁਦਕੁਸ਼ੀ ਕਰ ਲਈ ਸੀ।
ਰਾਜੇਸ਼ ਬਾਂਸਲ ਅਤੇ ਗੁਰਵਿੰਦਰ ਸਿੰਘ ਰਾਣਾ ਨੇ ਕਿਹਾ ਕਿ ਜਦੋਂ ਤੱਕ ਵਿਜੀਲੈਂਸ ਦੇ ਅਧਿਕਾਰੀ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸਮੁੱਚੇ ਪੰਜਾਬ ਵਿਚ ਦਫਤਰੀ ਅਤੇ ਖੇਤਰੀ ਕੰਮਕਾਜ ਮੁਕੰਮਲ ਤੌਰ 'ਤੇ ਠੱਪ ਰੱਖਿਆ ਜਾਵੇਗਾ।  ਇਸ ਮੌਕੇ ਸਟੇਟ ਮਨਿਸਟੀਰੀਅਲ ਐਂਡ ਅਲਾਈਡ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਰਾਜ ਕੁਮਾਰ ਅਰੋੜਾ ਨੇ ਵਿਭਾਗ ਦੇ ਮੁਲਾਜ਼ਮਾਂ ਦੇ ਹਰ ਸੰਘਰਸ਼ ਵਿਚ ਸਾਥ ਦੇਣ ਦਾ ਭਰੋਸਾ ਦਿੱਤਾ।