ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਗ੍ਰਹਿ ਮੰਤਰਾਲੇ ਦੇ FCRA ਵਿਭਾਗ ਦੇ ਅਧਿਕਾਰੀ
Sunday, Jan 04, 2026 - 09:11 PM (IST)
ਅੰਮ੍ਰਿਤਸਰ (ਸਰਬਜੀਤ) - ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਐੱਫ. ਸੀ. ਆਰ. ਏ. ਵਿਭਾਗ ਦੇ ਜੁਆਇੰਟ ਡਾਇਰੈਕਟਰ ਸੌਰਭ ਬਾਂਸਲ, ਡਿਪਟੀ ਡਾਇਰੈਕਟਰ ਆਯੂਸ਼ ਬਾਂਸਲ, ਆਈ. ਸੀ. ਏ. ਆਈ. ਦੇ ਪ੍ਰਧਾਨ ਸੀ. ਏ. ਚਰਨਜੋਤ ਸਿੰਘ ਅਤੇ ਸੀ. ਏ. ਰਵੀ ਮਿਗਲਾਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ-ਦੀਦਾਰੇ ਕਰਨ ਉਪਰੰਤ, ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਇਨ੍ਹਾਂ ਅਧਿਕਾਰੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ, ਓ. ਐੱਸ. ਡੀ. ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀ.ਏ. ਪ੍ਰਦੀਪ ਗੋਇਲ ਅਤੇ ਐਡਵੋਕੇਟ ਦੀਪਿਕਾ ਪ੍ਰਦੀਪ ਗੋਇਲ ਨੇ ਐੱਫ. ਸੀ. ਆਰ. ਏ. ਦੇ ਅਧਿਕਾਰੀਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਲੋਈ ਭੇਟ ਕਰਕੇ ਸਨਮਾਨਿਤ ਕੀਤਾ।
ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੀ. ਏ. ਇਸਪ੍ਰੀਤ ਸਿੰਘ ਨੱਢਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ।
