ਪੁਰਾਣੀ ਦਿੱਲੀ ਰੇਲਵੇ ਸਟੇਸ਼ਨ ਦਾ ਨਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ''ਤੇ ਰੱਖਿਆ ਜਾਵੇ : ਵਿਕਰਮ ਸਾਹਨੀ

Friday, Aug 08, 2025 - 05:22 PM (IST)

ਪੁਰਾਣੀ ਦਿੱਲੀ ਰੇਲਵੇ ਸਟੇਸ਼ਨ ਦਾ ਨਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂ ''ਤੇ ਰੱਖਿਆ ਜਾਵੇ : ਵਿਕਰਮ ਸਾਹਨੀ

ਚੰਡੀਗੜ੍ਹ : ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਸੰਸਦ 'ਚ  ਸਰਕਾਰ ਨੂੰ ਅਪੀਲ ਕੀਤੀ ਹੈ ਕਿ ਨੌਵੇਂ ਸਿੱਖ ਗੁਰੂ ਸਾਹਿਬਾਨ ਦੀ ਬੇਮਿਸਾਲ ਕੁਰਬਾਨੀ ਬਦਲੇ ਆਦਰ ਵਜੋਂ ਪੁਰਾਣੀ ਦਿੱਲੀ ਰੇਲਵੇ ਸਟੇਸ਼ਨ ਦਾ ਨਾਂ ਸ੍ਰੀ ਗੁਰੂ ਤੇਗ ਬਹਾਦਰ ਰੇਲਵੇ ਸਟੇਸ਼ਨ ਰੱਖਿਆ ਜਾਵੇ। ਡਾ. ਸਾਹਨੀ ਨੇ ਯਾਦ ਕਰਵਾਉਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਹਿੰਦ ਦੀ ਚਾਦਰ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਨੇ 1675 'ਚ ਆਪਣੇ ਧਰਮ ਲਈ ਨਹੀਂ, ਸਗੋਂ ਮਨੁੱਖੀ ਅਧਿਕਾਰਾਂ ਅਤੇ ਧਰਮ ਦੀ ਆਜ਼ਾਦੀ ਦੀ ਰੱਖਿਆ ਲਈ ਸ਼ਹਾਦਤ ਦਿੱਤੀ ਸੀ।

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਵਿਸ਼ਵ ਦੇ ਇਤਿਹਾਸ 'ਚ ਮਨੁੱਖੀ ਅਧਿਕਾਰਾਂ ਲਈ ਦਰਜ ਹੋਈ ਪਹਿਲੀ ਕੁਰਬਾਨੀ ਹੈ। ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਉਨ੍ਹਾਂ ਦੀ ਸ਼ਹਾਦਤ ਦੇ ਪਵਿੱਤਰ ਸਥਾਨ ਦੇ ਨੇੜੇ ਸਥਿਤ ਪੁਰਾਣੀ ਦਿੱਲੀ ਰੇਲਵੇ ਸਟੇਸ਼ਨ ਦਾ ਨਾਂ ਬਦਲ ਕੇ ਗੂਰੂ ਸਾਹਿਬ ਦੇ ਨਾਂ ਤੇ ਰੱਖਣਾ ਇੱਕ ਢੁਕਵੀਂ ਸ਼ਰਧਾਂਜਲੀ ਹੋਵੇਗੀ।
 ਇਤਿਹਾਸਕ ਅਤੇ ਨੈਤਿਕ ਮਹੱਤਵ 'ਤੇ ਰੌਸ਼ਨੀ ਪਾਉਂਦਿਆਂ ਡਾ. ਸਾਹਨੀ ਨੇ ਸਦਨ ਨੂੰ ਮੁਗਲ ਸ਼ਾਸਕ ਔਰੰਗਜ਼ੇਬ ਦੀ ਹਕੂਮਤ ਦੌਰਾਨ ਹੋਏ ਅੱਤਿਆਚਾਰਾਂ ਅਤੇ ਉਸ ਹਿੰਮਤ ਦੀ ਯਾਦ ਦਿਵਾਈ, ਜਿਸ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਜਬਰੀ ਧਰਮ ਪਰਿਵਰਤਨ ਵਿਰੁੱਧ ਖੜ੍ਹੇ ਹੋਏ ਸਨ। ਉਨ੍ਹਾਂ ਕਿਹਾ ਕਿ ਇਹ ਨਾਮਕਰਨ ਸਿਰਫ਼ ਪ੍ਰਤੀਕਾਤਮਕ ਨਹੀਂ ਹੋਵੇਗਾ, ਸਗੋਂ ਇਹ ਭਾਰਤ ਦੀ ਧਾਰਮਿਕ ਆਜ਼ਾਦੀ, ਸਹਿਣਸ਼ੀਲਤਾ ਅਤੇ ਵਿਭਿੰਨਤਾ ਵਿੱਚ ਏਕਤਾ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕਰੇਗਾ।


author

Babita

Content Editor

Related News