ਸੋਨੀ ਵੱਲੋਂ ਡੇਂਗੂ ਦੇ ਟਾਕਰੇ ਲਈ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾਉਣ ਦੇ ਹੁਕਮ

Monday, Oct 18, 2021 - 05:54 PM (IST)

ਸੋਨੀ ਵੱਲੋਂ ਡੇਂਗੂ ਦੇ ਟਾਕਰੇ ਲਈ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾਉਣ ਦੇ ਹੁਕਮ

ਚੰਡੀਗੜ੍ਹ : ਪੰਜਾਬ ਦੇ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਸੂਬੇ ਵਿਚ ਡੇਂਗੂ ਦੇ ਟਾਕਰੇ ਲਈ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿਚ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾਉਣ ਦੇ ਹੁਕਮ ਜਾਰੀ ਕੀਤੇ ਹਨ। ਅੱਜ ਇੱਥੇ ਪੰਜਾਬ ਭਵਨ ਵਿਖੇ ਡੇਂਗੂ ਦੇ ਟਾਕਰੇ ਲਈ ਗਠਿਤ ਸਟੇਟ ਟਾਸਕ ਫੋਰਸ ਦੀ ਇੰਟਰ ਸੈਕਟੋਰਲ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੋਨੀ ਨੇ ਪੰਜਾਬ ਵਿਚ ਡੇਂਗੂ ਦੇ ਵੱਧ ਰਹੇ ਖਤਰੇ ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ ਅਤੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਡੇਂਗੂ ਅਤੇ ਮਲੇਰੀਆਂ ਨੂੰ ਰੋਕਣ ਲਈ ਪੂਰੀ ਜ਼ਿੰਮੇਵਾਰੀ ਨਾਲ ਯਤਨ ਕੀਤੇ ਜਾਣ ਤਾਂ ਜੋ ਸੂਬੇ ਦੇ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਸਥਾਨਕ ਸਰਕਾਰਾਂ ਵਿਭਾਗ ਅਤੇ ਪੰਜਾਬ ਰਾਜ ਪੇਂਡੂ ਵਿਕਾਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਂਗੂ ਅਤੇ ਮਲੇਰੀਆ ਦੇ ਟਾਕਰੇ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਆਂ ਫੋਗਿੰਗ ਮਸ਼ੀਨਾਂ ਅਤੇ ਹੋਰ ਸਾਜੋ ਸਮਾਨ ਜਲਦ ਤੋਂ ਜਲਦ ਖ਼ਰੀਦੀਆਂ ਜਾਣ।

ਇਸ ਮੌਕੇ ਪੰਜਾਬ ਰਾਜ ਪੇਂਡੂ ਵਿਕਾਸ ਦੇ ਡਾਇਰੈਕਟਰ ਨੇ ਡਿਪਟੀ ਮੁੱਖ ਮੰਤਰੀ ਨੂੰ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਪੰਜਾਬ ਰਾਜ ਦੇ 150 ਬਲਾਕਾਂ ਵਿਚ ਨਵੀਆਂ ਫੋਗਿੰਗ ਮਸ਼ੀਨਾਂ ਖਰੀਦਣ ਲਈ ਹੁਕਮ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਸਥਾਨਕ ਸਰਕਾਰਾਂ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸ਼ਾਮ ਸੂਰਜ ਡੁੱਬਣ ਤੋਂ ਬਾਅਦ ਸ਼ਹਿਰਾਂ ਵਿਚ ਫੋਗਿੰਗ ਕਰਨ ਦਾ ਕਾਰਜ ਕਰਨ। ਸੋਨੀ ਨੇ ਕਿਹਾ ਕਿ ਪੰਜਾਬ ਰਾਜ ਦੇ 7 ਜ਼ਿਲ੍ਹਿਆਂ ਵਿਚ ਡੇਂਗੂ ਦੇ ਵੱਧ ਕੇਸ ਸਾਹਮਣੇ ਆਏ ਹਨ ਅਤੇ ਬਾਕੀ ਜ਼ਿਲ੍ਹਿਆਂ ਵਿਚ ਸਥਿਤੀ ਕਾਬੂ ਅਧੀਨ ਹਨ। ਇਸੇ ਤਰ੍ਹਾਂ ਮਲੇਰੀਆਂ ਦੇ ਵੀ ਬਹੁਤ ਘੱਟ ਕੇਸ ਸਾਹਮਣੇ ਆਏ ਹਨ।

ਸੋਨੀ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਅਤੇ ਮਲੇਰੀਆਂ ਰੋਕਣ ਲਈ ਆਪਣੇ ਘਰਾਂ ਵਿਚ ਪਾਣੀ ਇਕੱਠਾ ਨਾ ਹੋਣ ਦੇਣ। ਉਨ੍ਹਾਂ ਨਾਲ ਹੀ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਬੀਮਾਰ ਹੋਣ ਦੀ ਸਥਿਤੀ ਵਿਚ ਤੁਰੰਤ ਸਰਕਾਰੀ ਹਸਪਤਾਲਾਂ ਵਿਚ ਜਾ ਕੇ ਡੇਂਗੂ ਅਤੇ ਮਲੇਰੀਆਂ ਸਬੰਧੀ ਟੈਸਟ ਜ਼ਰੂਰ ਕਰਵਾਉਣ। ਸਰਕਾਰੀ ਹਸਪਤਾਲਾਂ ਵਿਚ ਇਹ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਵਿਭਾਗ ਵੱਲੋਂ ਸੂਬੇ ਦੇ ਲੋਕਾਂ ਨੂੰ ਵਾਜਬ ਕੀਮਤਾਂ ’ਤੇ ਡੇਂਗੂ ਟੈਸਟ ਕਰਵਾਉਣ ਦੀ ਸੁਵਿਧਾ ਦੇਣ ਲਈ ਨਿੱਜੀ ਹਸਪਤਾਲਾਂ ਅਤੇ ਲੈਬਾਰਟਰੀਆਂ ਵਿਚ ਡੇਂਗੂ ਟੈਸਟ ਦੀ ਕੀਮਤ 600 ਰੁਪਏ ਤੈਅ ਕੀਤੀ ਗਈ ਹੈ, ਜਿਸ ਸਬੰਧੀ ਵਿਭਾਗ ਵੱਲੋਂ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ।


author

Gurminder Singh

Content Editor

Related News