ਗਣਤੰਤਰ ਦਿਵਸ ਸਮਾਗਮ ਦੇ ਮੱਦੇਨਜ਼ਰ ਪੰਜਾਬ ''ਚ ਰੈੱਡ ਅਲਰਟ ਜਾਰੀ, ਸੰਵੇਦਨਸ਼ੀਲ ਥਾਵਾਂ ''ਤੇ ਵਾਧੂ ਬਲ ਤਾਇਨਾਤ
Wednesday, Jan 25, 2023 - 11:29 PM (IST)
ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਰਹੱਦੀ ਸੂਬੇ ਪੰਜਾਬ 'ਚ ਗਣਤੰਤਰ ਦਿਵਸ-2023 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਅੱਜ ਸੂਬੇ ਭਰ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਡਾਇਰੈਕਟਰ ਜਨਰਲ ਆਫ਼ ਪੁਲਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੂਬੇ ਦੇ ਸਾਰੇ ਸੀਪੀਜ਼/ਐੱਸਐੱਸਪੀਜ਼ ਨਾਲ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਾਰੇ ਜ਼ਿਲ੍ਹਾ ਮੁਖੀਆਂ ਨੂੰ ਆਪਣੇ ਅਧਿਕਾਰ ਖੇਤਰਾਂ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਸਾਰੇ ਸਟੇਸ਼ਨ ਹਾਊਸ ਅਫ਼ਸਰਾਂ (ਐੱਸਐੱਓਜ਼) ਅਤੇ ਗਜ਼ਟਿਡ ਅਫ਼ਸਰਾਂ ਨੂੰ ਗਣਤੰਤਰ ਦਿਵਸ ਸਮਾਗਮ ਦੀ ਸਮਾਪਤੀ ਤੱਕ ਫੀਲਡ ਵਿੱਚ ਰਹਿਣ ਲਈ ਵੀ ਕਿਹਾ।
ਇਹ ਵੀ ਪੜ੍ਹੋ : ਪੰਜਾਬ ਪੁਲਸ ਵੱਲੋਂ ਅਰਮੀਨੀਆ ਦੇ ਗੈਂਗਸਟਰ ਲੱਕੀ ਪਟਿਆਲ ਦੇ 2 ਸਾਥੀ ਗ੍ਰਿਫ਼ਤਾਰ, ਪਿਸਤੌਲ ਬਰਾਮਦ
ਉਨ੍ਹਾਂ ਦੱਸਿਆ ਕਿ ਸੂਬੇ ਦੇ ਅਹਿਮ ਜ਼ਿਲ੍ਹਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਚੰਡੀਗੜ੍ਹ ਤੋਂ ਸੀਨੀਅਰ ਅਧਿਕਾਰੀ ਤਾਇਨਾਤ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਥਾਵਾਂ ’ਤੇ ਵਾਧੂ ਬਲ ਵੀ ਤਾਇਨਾਤ ਕੀਤਾ ਗਿਆ ਹੈ। ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ (ਏ.ਡੀ.ਜੀ.ਪੀ.) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਜਲੰਧਰ ਵਿਖੇ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਖ਼ੁਦ ਉਥੇ ਮੌਜੂਦ ਹਨ, ਨੇ ਦੱਸਿਆ ਕਿ ਡੀਜੀਪੀ ਪੰਜਾਬ ਵੱਲੋਂ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਵਿਆਪਕ ਚੈਕਿੰਗ ਦੇ ਵੀ ਹੁਕਮ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਅੰਤਰ-ਰਾਜੀ ਅਤੇ ਅੰਤਰ-ਜ਼ਿਲ੍ਹਾ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਬੰਦੀ ਸਿੰਘਾਂ ਲਈ ਚਲਾਈ ਹਸਤਾਖ਼ਰ ਮੁਹਿੰਮ 'ਤੇ ਸ਼ੇਖਾਵਤ ਵੱਲੋਂ ਦਸਤਖਤ ਕਰਨ 'ਤੇ ਸੁਖਬੀਰ ਬਾਦਲ ਨੇ ਦਿੱਤੀ ਪ੍ਰਤੀਕਿਰਿਆ
ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਹਰ ਸਮੇਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ ਅਤੇ ਕਿਹਾ ਕਿ ਜੇਕਰ ਕੋਈ ਸ਼ੱਕੀ ਵਿਅਕਤੀ ਜਾਂ ਵਸਤੂ ਨਜ਼ਰ ਆਉਂਦੀ ਹੈ ਤਾਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਜਾਵੇ। ਇਸ ਸਬੰਧੀ ਲੋਕ 112 ਜਾਂ 181 ਹੈਲਪਲਾਈਨ ਨੰਬਰਾਂ 'ਤੇ ਪੁਲਸ ਨੂੰ ਸੂਚਿਤ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੀਰਵਾਰ ਨੂੰ ਜਲੰਧਰ ਵਿਖੇ ਹੋਣ ਵਾਲੇ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣਗੇ ਅਤੇ ਸਲਾਮੀ ਲੈਣਗੇ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।