ਅਧਿਆਪਕ ਦਿਵਸ ਮੌਕੇ ਭਗਵੰਤ ਮਾਨ ਨੇ ਨਿਰਾਸ਼ ਕੀਤੇ ਦੇਸ਼ ਦੇ ਨਿਰਮਾਤਾ : ਪ੍ਰਤਾਪ ਬਾਜਵਾ
Monday, Sep 05, 2022 - 10:36 PM (IST)
ਗੁਰਦਾਸਪੁਰ (ਜੀਤ ਮਠਾਰੂ)-ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਅਧਿਆਪਕ ਦਿਵਸ ਮੌਕੇ ਅਧਿਆਪਕ ਵਰਗ ਦੀਆਂ ਮੁਸ਼ਕਿਲਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਅਧਿਆਪਕ ਵਰਗ ਦੀਆਂ ਤਕਲੀਫ਼ਾਂ ਪ੍ਰਤੀ ਗੰਭੀਰ ਨਹੀਂ ਹੈ ਅਤੇ ਇਸ ਸਰਕਾਰ ਨੇ ਅਧਿਆਪਕ ਦਿਵਸ ਮੌਕੇ ਵੀ ਦੇਸ਼ ਦੇ ਨਿਰਮਾਤਾਵਾਂ ਨੂੰ ਨਿਰਾਸ਼ ਕੀਤਾ ਹੈ। ਬਾਜਵਾ ਨੇ ਕਿਹਾ ਕਿ ਸੂਬੇ ਅੰਦਰ ਵੱਡੀ ਗਿਣਤੀ ਵਿਚ ਅਧਿਆਪਕ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਅਤੇ ਪੱਕੀ ਭਰਤੀ ਲਈ ਸੜਕਾਂ ’ਤੇ ਸੰਘਰਸ਼ ਕਰ ਰਹੇ ਹਨ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਕਸਰ ਜਨਤਕ ਭਾਸ਼ਣਾਂ ਦੌਰਾਨ ਆਪਣੇ ਪਿਤਾ ਦਾ ਨਾਂ ਲੈ ਕੇ ਇਹ ਤਾਂ ਕਹਿੰਦੇ ਹਨ ਕਿ ਉਹ ‘ਮਾਸਟਰ’ ਦੇ ਪੁੱਤਰ ਹਨ ਪਰ ਦੂਜੇ ਪਾਸੇ ਦੁੱਖ ਦੀ ਗੱਲ ਹੈ ਕਿ ਮੁੱਖ ਮੰਤਰੀ ਪੰਜਾਬ ਦੇ ਹਜ਼ਾਰਾਂ ਅਧਿਆਪਕਾਂ ਦੀਆਂ ਮੁਸ਼ਕਿਲਾਂ ਤੇ ਜ਼ਰੂਰਤਾਂ ਨੂੰ ਸਮਝ ਕੇ ਉਨ੍ਹਾਂ ਨੂੰ ਪੂਰਾ ਕਰਨ ਵਿਚ ਅਸਫ਼ਲ ਰਹੇ ਹਨ। ਬਾਜਵਾ ਨੇ ਕਿਹਾ ਕਿ ਅਧਿਆਪਕ ਦਿਵਸ ’ਤੇ ਅੱਜ ਅਧਿਆਪਕ ਵਰਗ ਨੂੰ ਇਸ ਸਰਕਾਰ ਤੋਂ ਵੱਡੀ ਉਮੀਦ ਸੀ ਪਰ ਫਿਰ ਵੀ ਸਰਕਾਰ ਨੇ ਅਧਿਆਪਕਾਂ ਨੂੰ ਨਿਰਾਸ਼ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ : ਵਿਜੀਲੈਂਸ ਦੀ ਵੱਡੀ ਕਾਰਵਾਈ, ਸਹਿਕਾਰੀ ਸਭਾ ’ਚ ਕਰੋੜਾਂ ਦੇ ਹੋਏ ਘਪਲੇ ਦਾ ਕੀਤਾ ਪਰਦਾਫ਼ਾਸ਼
ਉਨ੍ਹਾਂ ਕਿਹਾ ਕਿ ਪੰਜਾਬ ਅੰਦਰ 13000 ਤੋਂ ਵੱਧ ਅਧਿਆਪਕਾਂ ਨੂੰ ਸਿਰਫ 6 ਹਜ਼ਾਰ ਤੋਂ 11 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ’ਤੇ ਕੰਮ ਕਰਨਾ ਪੈ ਰਿਹਾ ਹੈ ਅਤੇ ਪ੍ਰਾਇਮਰੀ ਸਕੂਲਾਂ ’ਚ 8000 ਤੋਂ ਵੱਧ ਅਧਿਆਪਕਾਂ ਦੀ ਘਾਟ ਹੈ। 600 ਦੇ ਕਰੀਬ ਸਕੂਲਾਂ ’ਚ ਪ੍ਰਿੰਸੀਪਲ ਜਾਂ ਹੈੱਡਮਾਸਟਰ ਜਾਂ ਹੈੱਡਮਿਸਟ੍ਰੈੱਸ ਵੀ ਨਹੀਂ ਹਨ। ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ ਚੰਗੀ ਸਿੱਖਿਆ ਦੇ ਨਾਲ-ਨਾਲ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਵਾਅਦੇ ਕਰਕੇ ਸੂਬੇ ਦੀ ਸੱਤਾ ਹਥਿਆਈ ਹੈ ਪਰ ਪਹਿਲੇ 6 ਮਹੀਨਿਆਂ ’ਚ ਹੀ ਸਰਕਾਰ ਇਨ੍ਹਾਂ ਦੋਵਾਂ ਵਾਅਦਿਆਂ ਦੀ ਪੂਰਤੀ ’ਚ ਅਸਫਲ ਸਿੱਧ ਹੋਈ ਹੈ। ਬਾਜਵਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਤੁਰੰਤ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰੇ ਅਤੇ ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੇ ਨਾਲ-ਨਾਲ ਅਧਿਆਪਕਾਂ ਦੇ ਮਸਲੇ ਹੱਲ ਕੀਤੇ ਜਾਣ ਤਾਂ ਜੋ ਸਾਡੇ ਦੇਸ਼ ਦੇ ਨਿਰਮਾਤਾ ਅਧਿਆਪਕ ਤਣਾਅ-ਮੁਕਤ ਹੋ ਕੇ ਬੱਚਿਆਂ ਨੂੰ ਪੜ੍ਹਾਈ ਕਰਵਾ ਸਕਣ।
ਇਹ ਖ਼ਬਰ ਵੀ ਪੜ੍ਹੋ : ਪੰਜਾਬ ’ਚ ਅਗਲੇ ਦੋ ਸਾਲਾਂ ’ਚ ਬੰਦ ਹੋ ਜਾਣਗੇ 13 ਹੋਰ ਟੋਲ ਪਲਾਜ਼ੇ