ਪ੍ਰਕਾਸ਼ ਪੁਰਬ ਮੌਕੇ ਨਾਨਕ ਨਾਮ ਲੇਵਾ ਸੰਗਤਾਂ ਦੀ ਖੁੱਲ੍ਹੇ ਦਰਸ਼ਨ-ਦੀਦਾਰੇ ਦੀ ਮੰਗ ਕੀਤੀ ਜਾਵੇ ਪੂਰੀ : ਅਸ਼ਵਨੀ ਸ਼ਰਮਾ

Monday, Nov 15, 2021 - 04:59 PM (IST)

ਪ੍ਰਕਾਸ਼ ਪੁਰਬ ਮੌਕੇ ਨਾਨਕ ਨਾਮ ਲੇਵਾ ਸੰਗਤਾਂ ਦੀ ਖੁੱਲ੍ਹੇ ਦਰਸ਼ਨ-ਦੀਦਾਰੇ ਦੀ ਮੰਗ ਕੀਤੀ ਜਾਵੇ ਪੂਰੀ : ਅਸ਼ਵਨੀ ਸ਼ਰਮਾ

ਚੰਡੀਗੜ੍ਹ (ਸ਼ਰਮਾ) : ਭਾਰਤ ਸਰਕਾਰ ਵਲੋਂ ਡੇਰਾ ਬਾਬਾ ਨਾਨਕ ਦੀ ਭਾਰਤ-ਪਾਕਿਸਤਾਨ ਸਰਹੱਦ ’ਤੇ ਬਣੇ ਪਾਕਿਸਤਾਨ ਸਥਿਤ ਪਹਿਲੇ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਬਿਨਾਂ ਵੀਜ਼ੇ ਦੇ ਦਰਸ਼ਨ ਕਰਨ ਲਈ ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੋਲ੍ਹਣ ਨੂੰ ਲੈ ਕੇ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਭਾਰਤੀ ਜਨਤਾ ਪਾਰਟੀ ਦੇ ਵਫ਼ਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਵਫ਼ਦ ’ਚ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ, ਭਾਜਪਾ ਦੇ ਕੌਮੀ ਜਨਰਲ ਸਕੱਤਰ ਤੇ ਸੂਬਾ ਭਾਜਪਾ ਇੰਚਾਰਜ ਦੁਸ਼ਯੰਤ ਗੌਤਮ, ਕੌਮੀ ਜਨਰਲ ਸਕੱਤਰ ਤਰੁਣ ਚੁਘ, ਭਾਜਪਾ ਦੇ ਕੌਮੀ ਸਕੱਤਰ ਅਤੇ ਸੂਬਾ ਭਾਜਪਾ ਸਹਿ-ਇੰਚਾਰਜ ਨਰਿੰਦਰ ਸਿੰਘ ਰੈਨਾ, ਭਾਜਪਾ ਦੇ ਕੌਮੀ ਬੁਲਾਰੇ ਡਾ. ਆਰ. ਪੀ. ਸਿੰਘ, ਸੂਬਾ ਜਨਰਲ ਸਕੱਤਰ ਰਾਜੇਸ਼ ਬਾਗਾ, ਦਿਆਲ ਸਿੰਘ ਸੋਢੀ ਆਦਿ ਹਾਜ਼ਰ ਸਨ। ਅਸ਼ਵਨੀ ਸ਼ਰਮਾ ਨੇ ਮੀਟਿੰਗ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਮਹੀਨੇ 19 ਨਵੰਬਰ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਆ ਰਿਹਾ ਹੈ ਅਤੇ ਨਾਨਕ ਨਾਮ ਲੇਵਾ ਸੰਗਤਾਂ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਕਰਤਾਰਪੁਰ ਕੋਰੀਡੋਰ ਖੋਲ੍ਹਣ ਦੀ ਮੰਗ ਕਰ ਰਹੀਆਂ ਹਨ। ਜਿਸ ਨੂੰ ਕੋਵਿਡ ਕਾਰਣ ਬੰਦ ਕਰ ਦਿੱਤਾ ਗਿਆ ਸੀ। ਸ਼ਰਮਾ ਨੇ ਕਿਹਾ ਕਿ ਨਾਨਕ ਨਾਮ ਲੇਵਾ ਸੰਗਤਾਂ ਸਮੇਤ ਅਸੀਂ ਸਾਰੇ ਵਿਛੜੇ ਗੁਰੂਧਾਮਾਂ ਦੇ ਦਰਸ਼ਨਾਂ ਲਈ ਖੁੱਲ੍ਹੇ ਦਰਸ਼ਨ-ਦੀਦਾਰੇ ਦੀ ਰੋਜ਼ਾਨਾ ਅਰਦਾਸ ਕਰਦੇ ਹਾਂ। ਸ਼ਰਮਾ ਨੇ ਕਿਹਾ ਕਿ ਕਾਂਗਰਸ ਦੀਆਂ ਗਲਤ ਨੀਤੀਆਂ ਕਾਰਣ ਪਾਕਿਸਤਾਨ ਦੀ ਸਰਹੱਦ ਦੇ ਅੰਦਰ ਸਿਰਫ 4.7 ਕਿਲੋਮੀਟਰ ਅੰਦਰ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੂੰ ਦੇਸ਼ ਦੀ ਆਜ਼ਾਦੀ ਦੇ ਸਮੇਂ ਪਾਕਿਸਤਾਨ ’ਚ ਛੱਡ ਦਿੱਤਾ ਗਿਆ ਸੀ, ਜੋ ਕਿ ਭਾਰਤ ਦਾ ਹਿੱਸਾ ਹੋਣਾ ਚਾਹੀਦਾ ਸੀ। ਨਾਨਕ ਨਾਮ ਲੇਵਾ ਸੰਗਤ ਦੀ ਅਰਦਾਸ ਨੂੰ 60 ਸਾਲਾਂ ਤੱਕ ਤਤਕਾਲੀ ਕਾਂਗਰਸ ਸਰਕਾਰਾਂ ਨੇ ਅਣਗੌਲਿਆ ਕੀਤਾ।

ਇਹ ਵੀ ਪੜ੍ਹੋ : ਚੋਣਾਂ ਤੋਂ ਪਹਿਲਾਂ ਸਰਵੇ : ਪੰਜਾਬ ’ਚ ‘ਆਪ’ ਸਭ ਤੋਂ ਅੱਗੇ, ਕਾਂਗਰਸ ਜਿੱਤ ਦਾ ਫਾਸਲਾ ਲਗਾਤਾਰ ਘਟਾ ਰਹੀ

2014 ’ਚ ਕੇਂਦਰ ’ਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਇਸ ਦਿਸ਼ਾ ’ਚ ਯਤਨ ਸ਼ੁਰੂ ਕੀਤੇ ਗਏ ਸਨ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ, ਪੰਜਾਬੀਅਤ ਅਤੇ ਸਿੱਖਾਂ ਨਾਲ ਵਿਸ਼ੇਸ਼ ਮੋਹ ਰੱਖਦਿਆਂ ਕਰਤਾਰਪੁਰ ਲਾਂਘੇ ਦੀ ਉਸਾਰੀ ਸੁਰੂ ਕਰਵਾਈ ਸੀ। ਇਸ ਦਾ ਉਦਘਾਟਨ 9 ਨਵੰਬਰ, 2019 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਸੰਗਤ ਦੀਆਂ ਅਰਦਾਸਾਂ ਨੂੰ ਪੂਰਾ ਕਰਦਿਆਂ ਕੀਤਾ ਸੀ। ਹੁਣ ਇਹ ਕੋਵਿਡ ਮਹਾਮਾਰੀ ਕਾਰਨ ਇਹ ਲਾਂਘਾ ਪਿਛਲੇ ਡੇਢ ਸਾਲ ਤੋਂ ਬੰਦ ਹੈ, ਜਿਸ ਕਾਰਣ ਭਾਰਤ ਤੋਂ ਸ਼ਰਧਾਲੂ ਪਾਕਿਸਤਾਨ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਨਹੀਂ ਜਾ ਸਕਦੇ। ਅਸ਼ਵਨੀ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਇਸ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਨਾਨਕ ਨਾਮ ਲੇਵਾ ਸੰਗਤਾਂ ਨੂੰ ਦਰਸ਼ਨਾਂ ਲਈ ਤੋਹਫ਼ੇ ਦੇਣ ਦੀ ਅਪੀਲ ਕੀਤੀ। ਦੇਸ਼ ਦੀ ਵੰਡ ਤੋਂ ਬਾਅਦ ਕਰੀਬ 70 ਸਾਲਾਂ ਤੱਕ ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦ ਦੇ ਪਾਰ ਪਾਕਿਸਤਾਨ ’ਚ ਸਿਰਫ਼ 4.7 ਕਿਲੋਮੀਟਰ ਸਥਿਤ ਇਸ ਪਵਿੱਤਰ ਅਸਥਾਨ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨੂੰ ਕਾਫ਼ੀ ਲੰਬਾ ਸਫ਼ਰ ਅਤੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਪਰ ਕਰਤਾਰਪੁਰ ਲਾਂਘਾ ਖੁੱਲ੍ਹਣ ਨਾਲ ਇਹ ਸਫ਼ਰ ਸਿਰਫ਼ ਸਾਢੇ ਚਾਰ ਕਿਲੋਮੀਟਰ ਰਹੀ ਗਿਆ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ਕੀਤੀ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹ ਕੇ ਨਾਨਕ ਨਾਮ ਲੇਵਾ ਸੰਗਤਾਂ ਦੀ ਮੰਗ ਪੂਰੀ ਕੀਤੀ ਜਾਵੇ। ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਭਾਜਪਾ ਵਲੋਂ ਕੀਤੀ ਮੰਗ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਜਲਦੀ ਹੀ ਵਿਚਾਰ ਕੇ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ।

ਇਹ ਵੀ ਪੜ੍ਹੋ : ਵਿਵਾਦਾਂ ਨਾਲ ਪੁਰਾਣਾ ਨਾਤਾ ਹੈ ਸੁਖਪਾਲ ਖਹਿਰਾ ਦਾ    

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


author

Anuradha

Content Editor

Related News