ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ : ਵਿਜੀਲੈਂਸ ਬਿਊਰੋ ਵੱਲੋਂ ਇਕ ਹੋਰ ਭਗੌੜਾ ਏਜੰਟ ਗ੍ਰਿਫ਼ਤਾਰ

Wednesday, Nov 30, 2022 - 06:09 PM (IST)

ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ : ਵਿਜੀਲੈਂਸ ਬਿਊਰੋ ਵੱਲੋਂ ਇਕ ਹੋਰ ਭਗੌੜਾ ਏਜੰਟ ਗ੍ਰਿਫ਼ਤਾਰ

ਚੰਡੀਗੜ੍ਹ/ ਜਲੰਧਰ : ਪੰਜਾਬ ਵਿਜੀਲੈਂਸ ਬਿਊਰੋ ਨੇ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਵਿੱਚ ਜਲੰਧਰ ਵਿਖੇ ਤਾਇਨਾਤ ਮੋਟਰ ਵਹੀਕਲ ਇੰਸਪੈਕਟਰ (ਐਮ. ਵੀ. ਆਈ.) ਨਰੇਸ਼ ਕਲੇਰ ਨਾਲ ਮਿਲੀਭੁਗਤ ਕਰਨ ਵਾਲੇ ਇੱਕ ਹੋਰ ਭਗੌੜੇ ਮੁਲਜ਼ਮ ਏਜੰਟ ਵਰਿੰਦਰ ਸਿੰਘ ਦੀਪੂ, ਵਾਸੀ ਬਸਤੀ ਗੁਜਾਂ, ਜਲੰਧਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਉਸ ਦਾ ਮੋਬਾਈਲ ਫ਼ੋਨ ਅਤੇ ਸਿਮ ਕਾਰਡ ਜ਼ਬਤ ਕਰ ਲਿਆ ਹੈ ਜੋ ਇਸ ਘਪਲੇ ਬਾਰੇ ਹੋਰ ਜਾਣਕਾਰੀ ਇਕੱਠੀ ਕਰਨ ਲਈ ਡਾਟਾ ਮਾਹਿਰਾਂ ਨੂੰ ਭੇਜਿਆ ਜਾਵੇਗਾ।

ਇਹ ਵੀ ਪੜ੍ਹੋ- ਫਰੀਦਕੋਟ ਦੇ ਮਹਾਰਾਜਾ ਦੀ ਜਾਇਦਾਦ ਨੂੰ ਆਪਣੇ ਕਬਜ਼ੇ 'ਚ ਲਵੇਗੀ ਸਰਕਾਰ! ਸ਼ੁਰੂ ਹੋਈ ਕਾਰਵਾਈ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਐਮ. ਵੀ. ਆਈ., ਜਲੰਧਰ ਦੇ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ ਅਤੇ ਵੱਡੇ ਪੱਧਰ 'ਤੇ ਪ੍ਰਾਈਵੇਟ ਏਜੰਟਾਂ ਨਾਲ ਮਿਲੀਭੁਗਤ ਕਰਕੇ ਵਪਾਰਕ ਅਤੇ ਨਿੱਜੀ ਵਾਹਨਾਂ ਦੀ ਜਾਂਚ ਕੀਤੇ ਬਿਨਾਂ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਲਈ ਕੀਤੇ ਜਾ ਰਹੇ ਸੰਗਠਿਤ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕੀਤਾ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਪੁਖਤਾ ਸਬੂਤਾਂ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਨੰਬਰ 14 ਮਿਤੀ 23-08-2022  ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈ. ਪੀ. ਸੀ. ਦੀ ਧਾਰਾ 420, 120-ਬੀ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਮਜੀਠੀਆ ਨੇ ਮੰਤਰੀ ਅਨਮੋਲ ਗਗਨ ਮਾਨ ਖ਼ਿਲਾਫ਼ ਖੋਲ੍ਹਿਆ ਮੋਰਚਾ, ਤਸਵੀਰ ਸਾਂਝੀ ਕਰ ਚੁੱਕੇ ਵੱਡੇ ਸਵਾਲ

ਇਸ ਮਾਮਲੇ ਵਿੱਚ ਕੁੱਲ 9 ਮੁਲਜ਼ਮ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ ਜੋ ਕਿ ਜੇਲ੍ਹ ਵਿੱਚ ਬੰਦ ਹਨ ਜਿਨ੍ਹਾਂ ਵਿੱਚ ਨਰੇਸ਼ ਕਲੇਰ, ਰਾਮਪਾਲ ਉਰਫ਼ ਰਾਧੇ, ਮੋਹਨ ਲਾਲ ਉਰਫ਼ ਕਾਲੂ, ਪਰਮਜੀਤ ਸਿੰਘ ਬੇਦੀ, ਸੁਰਜੀਤ ਸਿੰਘ ਅਤੇ ਹਰਵਿੰਦਰ ਸਿੰਘ, ਪੰਕਜ ਢੀਂਗਰਾ ਉਰਫ਼ ਭੋਲੂ, ਬ੍ਰਿਜਪਾਲ ਸਿੰਘ ਉਰਫ਼ ਰਿੱਕੀ ਅਤੇ ਅਰਵਿੰਦ ਕੁਮਾਰ ਉਰਫ਼ ਬਿੰਦੂ (ਸਾਰੇ ਪ੍ਰਾਈਵੇਟ ਏਜੰਟ) ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਭਗੌੜੇ ਮੁਲਜ਼ਮਾਂ ਨੂੰ ਜਲਦੀ ਹੀ ਕਾਬੂ ਕਰ ਲਿਆ ਜਾਵੇਗਾ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News