ਸਿੱਖਿਆ ਪ੍ਰਣਾਲੀ 'ਚ ਵਿਆਪਕ ਸੁਧਾਰ ਲਈ ਸਰਕਾਰੀ ਅਧਿਆਪਕਾਂ ਤੋਂ ਸੁਝਾਅ ਲੈਣ ਵਾਸਤੇ ਆਨਲਾਈਨ ਪੋਰਟਲ ਲਾਂਚ

Wednesday, May 11, 2022 - 12:23 AM (IST)

ਸਿੱਖਿਆ ਪ੍ਰਣਾਲੀ 'ਚ ਵਿਆਪਕ ਸੁਧਾਰ ਲਈ ਸਰਕਾਰੀ ਅਧਿਆਪਕਾਂ ਤੋਂ ਸੁਝਾਅ ਲੈਣ ਵਾਸਤੇ ਆਨਲਾਈਨ ਪੋਰਟਲ ਲਾਂਚ

ਚੰਡੀਗੜ੍ਹ/ਲੁਧਿਆਣਾ (ਅਸ਼ਵਨੀ) : ਸਕੂਲੀ ਸਿੱਖਿਆ ਪ੍ਰਣਾਲੀ 'ਚ ਵਿਆਪਕ ਸੁਧਾਰ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਥੇ ਇਕ ਨਿੱਜੀ ਰਿਜ਼ੋਰਟ ਵਿੱਚ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਤੋਂ ਸਕੂਲੀ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਸੁਝਾਅ ਮੰਗੇ। ਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦਾ ਮੌਜੂਦਾ ਸਰਕਾਰੀ ਸਿੱਖਿਆ ਪ੍ਰਣਾਲੀ ਤੋਂ ਵਿਸ਼ਵਾਸ ਉੱਠ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰੀ ਅਧਿਆਪਕਾਂ ਦੀ ਬੇਮਿਸਾਲ ਕਾਬਲੀਅਤ ਅਤੇ ਸਮਰੱਥਾਵਾਂ ‘ਤੇ ਕੋਈ ਸ਼ੱਕ ਨਹੀਂ ਹੈ ਪਰ ਸਰਕਾਰੀ ਸਿੱਖਿਆ ਪ੍ਰਣਾਲੀ ‘ਤੇ ਲੋਕਾਂ ਦਾ ਭਰੋਸਾ ਮੁੜ ਕਾਇਮ ਕਰਨਾ ਸਮੇਂ ਦੀ ਲੋੜ ਹੈ, ਜੋ ਕਿ ਲੋਕਾਂ ਦੀ ਪੂਰਨ ਸ਼ਮੂਲੀਅਤ ਅਤੇ ਸਹਿਯੋਗ ਨਾਲ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਸਾਨੂੰ ਵਿਦਿਆਰਥੀਆਂ ਦੇ ਆਤਮ-ਵਿਸ਼ਵਾਸ ਨੂੰ ਵਧਾਉਣ ਦੀ ਵੀ ਲੋੜ ਹੈ ਤਾਂ ਜੋ ਉਨ੍ਹਾਂ ਨੂੰ ਨੌਕਰੀ ਲੱਭਣ ਵਾਲਿਆਂ ਤੋਂ ਨੌਕਰੀ ਪ੍ਰਦਾਨ ਕਰਨ ਵਾਲਾ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ : ਚੰਡੀਗੜ੍ਹ ਤੋਂ ਮੁੜਦਿਆਂ ਆਦਮਪੁਰ ਦੇ ਵਿਧਾਇਕ ਸੁਖਵਿੰਦਰ ਕੋਟਲੀ ਸੜਕ ਹਾਦਸੇ ’ਚ ਗੰਭੀਰ ਜ਼ਖ਼ਮੀ

ਮਾਨ ਨੇ ਅੱਗੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਮੌਜੂਦਾ ਸਿੱਖਿਆ ਪ੍ਰਣਾਲੀ ਨੂੰ ਵਿਵਹਾਰਕ ਬਣਾਉਣ ਦੇ ਨਾਲ-ਨਾਲ ਰੋਜ਼ਮਰਾ ਦੀ ਜ਼ਿੰਦਗੀ 'ਚ ਵਧੇਰੇ ਢੁੱਕਵੀਂ ਅਤੇ ਲਾਹੇਵੰਦ ਬਣਾਉਣ ਲਈ ਅਧਿਆਪਕਾਂ ਨੂੰ ਪੂਰਾ ਸਹਿਯੋਗ ਦੇਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਵਿੱਚ ਉਦਯੋਗ ਨੂੰ ਵਾਪਸ ਲਿਆ ਕੇ ਹੁਨਰ ਦੀ ਹਿਜਰਤ ਨੂੰ ਰੋਕਣ ਲਈ ਵਚਨਬੱਧ ਹੈ, ਜਿੱਥੇ ਸਾਡੇ ਨੌਜਵਾਨਾਂ ਨੂੰ ਵੱਡੀਆਂ ਨੌਕਰੀਆਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਲਈ ਉੱਚ ਪ੍ਰਤੀਸ਼ਤਤਾ ਪ੍ਰਾਪਤ ਕਰਨ ‘ਤੇ ਧਿਆਨ ਦੇਣ ਦੀ ਬਜਾਏ ਮਿਆਰੀ ਤਕਨੀਕੀ ਸਿੱਖਿਆ ਪ੍ਰਦਾਨ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਮੁੱਖ ਮੰਤਰੀ ਵੱਲੋਂ ਨਿਵੇਸ਼ਕਾਂ ਦੀ ਸਹੂਲਤ ਲਈ ਹਰੇਕ ਜ਼ਿਲ੍ਹੇ 'ਚ ਸਿੰਗਲ ਵਿੰਡੋ ਸਥਾਪਿਤ ਕਰਨ ਦਾ ਐਲਾਨ

ਮੁੱਖ ਮੰਤਰੀ ਨੇ ਵਿਦਿਅਕ ਸੁਧਾਰਾਂ ਲਈ ਅਧਿਆਪਕਾਂ ਤੋਂ ਵਿਚਾਰ ਅਤੇ ਸੁਝਾਅ ਲੈਣ ਲਈ ਇਕ ਆਨਲਾਈਨ ਪੋਰਟਲ ਲਾਂਚ ਕੀਤਾ। ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਇਸ ਪੋਰਟਲ ਰਾਹੀਂ ਆਨਲਾਈਨ ਵਿਚਾਰ ਭੇਜਣੇ ਚਾਹੀਦੇ ਹਨ ਤਾਂ ਜੋ ਸਿੱਖਿਆ ਦੀ ਰਵਾਇਤੀ ਪ੍ਰਣਾਲੀ ਨੂੰ ਬਦਲ ਕੇ ਸਿੱਖਿਆ ਪ੍ਰਣਾਲੀ ਨੂੰ ਪੇਪਰ ਰਹਿਤ, ਡਿਜੀਟਲ ਤੌਰ ‘ਤੇ ਸਮਰੱਥ ਬਣਾਇਆ ਜਾ ਸਕੇ ਅਤੇ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐੱਮ.) ਦੀ ਸ਼ੁਰੂਆਤ ਕੀਤੀ ਜਾ ਸਕੇ। ਇਸ ਮੌਕੇ ਸੰਬੋਧਨ ਕਰਦਿਆਂ  ਸਿੱਖਿਆ ਮੰਤਰੀ ਮੀਤ ਹੇਅਰ ਨੇ ਭਰੋਸਾ ਦਿਵਾਇਆ ਕਿ ਸਾਰੇ ਅਧਿਆਪਕਾਂ ਦੇ ਵਿਚਾਰਾਂ ਅਤੇ ਸੁਝਾਵਾਂ ਦਾ ਸੁਆਗਤ ਕੀਤਾ ਜਾਵੇਗਾ ਅਤੇ ਹਰੇਕ ਸੁਝਾਅ ਨੂੰ ਧਿਆਨ ਨਾਲ ਵਿਚਾਰਿਆ ਜਾਵੇਗਾ। ਸਕੂਲ ਸਿੱਖਿਆ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਨੰਬਰ ਇੱਕ ਬਣਾਉਣ ਲਈ ਸਾਰਥਕ ਵਿਚਾਰਾਂ ਨੂੰ ਸਾਰੇ ਸਕੂਲਾਂ ਵਿੱਚ ਲਾਗੂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫਲਤਾ, ਧਮਾਕੇ 'ਚ ਵਰਤਿਆ ਲਾਂਚਰ ਬਰਾਮਦ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News