ਪੰਜਾਬ ਯੂਨੀਵਰਸਿਟੀ ’ਤੇ ਸਿਰਫ਼ ਪੰਜਾਬ ਦਾ ਅਧਿਕਾਰ, ਕਿਸੇ ਹੋਰ ਸੂਬੇ ਦਾ ਨਹੀਂ : ਕੰਗ
Monday, Dec 25, 2023 - 06:31 PM (IST)
ਚੰਡੀਗੜ੍ਹ (ਰਮਨਜੀਤ ਸਿੰਘ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਯੂਨੀਵਰਸਿਟੀ ਦੇ ਵਾਈਸ ਪ੍ਰੈਜ਼ੀਡੈਂਟ ਜਗਦੀਪ ਧਨਖੜ ਦੇ ਉਸ ਬਿਆਨ ਦੀ ਨਿੰਦਾ ਕੀਤੀ ਹੈ, ਜਿਸ ’ਚ ਉਨ੍ਹਾਂ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ ਹਰਿਆਣਾ ਦੇ ਕਾਲਜਾਂ ਨੂੰ ਮਾਨਤਾ ਦੇਵੇ। ਧਨਖੜ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ ਅਤੇ ਉਨ੍ਹਾਂ ਦੇ ਤਾਜ਼ਾ ਬਿਆਨ ਨੇ ਪੰਜਾਬ ਦੀ ਸਿਆਸਤ ’ਚ ਖਲਬਲੀ ਮਚਾ ਦਿੱਤੀ ਹੈ। ਇਕ ਬਿਆਨ ਜਾਰੀ ਕਰਦਿਆਂ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੀ. ਯੂ. ਪੰਜਾਬ ਦੀ ਵਿਰਾਸਤ ਦਾ ਪ੍ਰਤੀਕ ਹੈ ਅਤੇ ਇਸ ’ਤੇ ਸਾਡਾ ਭਾਵਨਾਤਮਕ, ਇਤਿਹਾਸਕ ਅਤੇ ਸੰਵਿਧਾਨਕ ਅਧਿਕਾਰ ਹੈ। ਇਸ ਰਾਹੀਂ ਹਰਿਆਣਾ ਦੇ ਕਿਸੇ ਵੀ ਕਾਲਜ ਨੂੰ ਮਾਨਤਾ ਨਹੀਂ ਦਿੱਤੀ ਜਾਵੇਗੀ, ਕਿਉਂਕਿ ਪੰਜਾਬ ਤੋਂ ਇਲਾਵਾ ਕਿਸੇ ਹੋਰ ਸੂਬੇ ਦਾ ਪੀ. ਯੂ. ’ਤੇ ਕੋਈ ਅਧਿਕਾਰ ਨਹੀਂ ਹੈ। ਕੰਗ ਨੇ ਕਿਹਾ ਕਿ ਵਾਈਸ ਪ੍ਰੈਜ਼ੀਡੈਂਟ ਨੂੰ ਆਪਣੇ ਅਹੁਦੇ ਦੀ ਮਰਿਆਦਾ ਨੂੰ ਬਰਕਰਾਰ ਰੱਖਣਾ ਚਾਹੀਦਾ ਹੈ ਅਤੇ ਭਾਜਪਾ ਦੇ ਪੱਖਪਾਤੀ ਏਜੰਟ ਵਜੋਂ ਕੰਮ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੇ ਹੱਕਾਂ ’ਤੇ ਹਮਲੇ ਕਰਦੀ ਰਹਿੰਦੀ ਹੈ ਪਰ ਉਸ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਪੰਜਾਬ ਦੇ ਇਨ੍ਹਾਂ ਹੱਕਾਂ ਅਤੇ ਹਿੱਤਾਂ ਦੀ ਰਾਖੀ ਕਰੇਗੀ।
ਇਹ ਵੀ ਪੜ੍ਹੋ : ਹੱਕਾਂ ’ਤੇ ਡਾਕਾ ਵੱਜਣ ’ਤੇ ਅਕਾਲੀ ਦਲ ਹਮੇਸ਼ਾ ਸਿੱਖਾਂ ਦੀ ਆਵਾਜ਼ ਬਣਿਐ : ਸਰਨਾ
ਕੰਗ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਚੁਣੌਤੀ ਦਿੱਤੀ ਕਿ ਉਹ ਹੁਣ ਇਸ ਮਾਮਲੇ ’ਤੇ ਭਾਜਪਾ ਅਤੇ ਮੀਤ ਪ੍ਰਧਾਨ ਖ਼ਿਲਾਫ਼ ਪ੍ਰਦਰਸ਼ਨ ਕਰਨ। ਉਨ੍ਹਾਂ ਨੇ ਜਾਖੜ ਨੂੰ ਭਾਜਪਾ ਦੀ ਇਸ ਹਰਕਤ ਦੀ ਨਿੰਦਾ ਕਰਨ ਅਤੇ ਪੀ. ਯੂ. ਦੇ ਢਾਂਚੇ ਨੂੰ ਬਦਲੇ ਜਾਣ ਖ਼ਿਲਾਫ਼ ਖੜ੍ਹੇ ਹੋਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਦੇ ਆਗੂਆਂ ਨੂੰ ਪੰਜਾਬ ਅਤੇ ਪੰਜਾਬ ਯੂਨੀਵਰਸਿਟੀ ਨਾਲ ਸਬੰਧਤ ਮਾਮਲਿਆਂ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਕੰਗ ਨੇ ਨਾਲ ਹੀ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਭਾਜਪਾ ਆਗੂਆਂ ਤੋਂ ਕੋਈ ਉਮੀਦ ਨਹੀਂ ਹੈ, ਕਿਉਂਕਿ ਉਹ ਸਾਰੇ ਇਕੋ ਜਿਹੇ ਹਨ ਅਤੇ ਪੰਜਾਬ ਲਈ ਉਨ੍ਹਾਂ ਦੀ ਚੰਗੀ ਨੀਅਤ ਨਹੀਂ ਹੈ।
ਇਹ ਵੀ ਪੜ੍ਹੋ : ਰੁੱਖਾਂ ਦੀ ਘਾਟ ਕਾਰਨ ਲਿਆ ਵੱਡਾ ਫੈਸਲਾ, ਹੁਣ ਇਸ ਤਰ੍ਹਾਂ ਹੋਵੇਗਾ ਅੰਤਿਮ ਸੰਸਕਾਰ
‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8